September 3, 2026
ਪੁਲਿਸ ਨੇ ਨਾਕੇ ’ਤੇ ਰੋਕੀ ਕਾਰ ਤਾਂ ਨਿਕਲੀ 14 ਕਿਲੋ 110 ਗ੍ਰਾਮ ਅਫੀਮ
Prabhsimran Singh / Tarn Taran
ਜ਼ਿਲ੍ਹੇ ਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 14 ਕਿਲੋ 110 ਗ੍ਰਾਮ ਅਫੀਮ, ਵਰਨਾ ਕਾਰ ਅਤੇ 1000 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਜ਼ਿਲ੍ਹੇ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਵਲਟੋਹਾ ਦੇ ਮੁਖੀ ਇੰਸਪੈਕਟਰ ਬਲਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਦਾਸੂਵਾਲ ਵਿਖੇ ਇੱਕ ਸਕੂਲ ਦੇ ਨਜ਼ਦੀਕ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸੇ ਦੌਰਾਨ ਪੁਲਿਸ ਨੇ ਉੱਤਰਾਖੰਡ ਨੰਬਰ ਵਾਲੀ ਇੱਕ ਵਰਨਾ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ। ਕਾਰ ਚਾਲਕ ਨੇ ਆਪਣਾ ਨਾਮ ਗੁਰਮੀਤ ਸਿੰਘ ਉਰਫ਼ ਗੀਤੂ ਪੁੱਤਰ ਅਮਰੀਕ ਸਿੰਘ ਵਾਸੀ ਮਰਗਿੰਦਪੁਰਾ, ਜ਼ਿਲ੍ਹਾ ਤਰਨਤਾਰਨ ਦੱਸਿਆ। ਪੁਲਿਸ ਵੱਲੋਂ ਕਾਰ ਦੀ ਤਲਾਸ਼ੀ ਲੈਣ ’ਤੇ ਅੰਦਰੋਂ 14 ਕਿਲੋ 110 ਗ੍ਰਾਮ ਅਫੀਮ ਅਤੇ 1000 ਰੁਪਏ ਡਰੱਗ ਮਨੀ ਬਰਾਮਦ ਹੋਈ। ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਮੁਤਾਬਕ, ਇਸ ਸਬੰਧੀ 1 ਸਤੰਬਰ ਨੂੰ ਥਾਣਾ ਵਲਟੋਹਾ ਵਿਖੇ ਮਾਮਲਾ ਦਰਜ ਕੀਤਾ ਗਿਆ ਅਤੇ ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਮੁਲਜ਼ਮ ਤੋਂ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ। ਸ਼ੁਰੂਆਤੀ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਦੋ ਮਾਮਲੇ ਦਰਜ ਹਨ। ਪੁਲਿਸ ਅਨੁਸਾਰ ਮੁਲਜ਼ਮ ਅਫੀਮ ਲਿਆ ਕੇ ਆਸ-ਪਾਸ ਦੇ ਇਲਾਕਿਆਂ ਵਿੱਚ ਸਪਲਾਈ ਕਰਨ ਦਾ ਧੰਦਾ ਕਰਦਾ ਸੀ। ਹੁਣ ਪੁਲਿਸ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਅਫੀਮ ਦੀ ਇਹ ਵੱਡੀ ਖੇਪ ਕਿੱਥੋਂ ਆਈ ਅਤੇ ਇਸ ਨੂੰ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ।
14 110