October 26, 2026
ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ
Prabhsimran Singh / Moga
ਮੋਗਾ ਵਿੱਚ ਬੀਤੀ ਦੇਰ ਰਾਤ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਮੋਗਾ ਪਹੁੰਚੇ। ਉਨ੍ਹਾਂ ਨੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਡੀਜੀਪੀ ਨੇ ਕਿਹਾ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਵਾਰਦਾਤ ਵਿੱਚ ਸ਼ਾਮਲ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ, ਮੋਗਾ ਵਿੱਚ ਇੱਕ ਦੁਕਾਨ ਦੇ ਬਾਹਰ ਕੁਝ ਨੌਜਵਾਨ ਬੈਠੇ ਹੋਏ ਸਨ। ਇਸ ਦੌਰਾਨ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਏ ਵਿਅਕਤੀਆਂ ਨੇ ਉੱਥੇ ਮੌਜੂਦ ਨੌਜਵਾਨਾਂ ਉੱਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਅਚਾਨਕ ਹੋਈ ਫਾਇਰਿੰਗ ਕਾਰਨ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਇਸ ਘਟਨਾ ਵਿੱਚ ਗਗਨ ਜਿੰਦਲ (30) ਅਤੇ ਸਾਹਿਲ ਜਿੰਦਲ (40) ਦੀ ਮੌਤ ਹੋ ਗਈ, ਜਦਕਿ ਹੋਰ ਵਿਅਕਤੀ ਵੀ ਗੋਲੀਆਂ ਅਤੇ ਛਰਰਿਆਂ ਦੀ ਲਪੇਟ ਵਿੱਚ ਆ ਕੇ ਜ਼ਖ਼ਮੀ ਹੋ ਗਏ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਦੀਆਂ ਟੀਮਾਂ ਮੌਕੇ ਉੱਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੋਗਾ ਦੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਅਨੁਸਾਰ, ਪੀੜਤ ਧਿਰ ਵੱਲੋਂ ਕੁਝ ਵਿਅਕਤੀਆਂ ਦੇ ਨਾਮ ਵੀ ਪੁਲੀਸ ਨੂੰ ਦੱਸੇ ਗਏ ਹਨ। ਪੁਲੀਸ ਸਬੰਧਤ ਲੋਕਾਂ ਦੇ ਬਿਆਨ ਦਰਜ ਕਰ ਰਹੀ ਹੈ ਅਤੇ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮ ਵੱਲੋਂ ਵੀ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਮੁੱਢਲੀ ਜਾਣਕਾਰੀ ਅਨੁਸਾਰ, ਇਸ ਵਾਰਦਾਤ ਪਿੱਛੇ ਪੁਰਾਣੀ ਰੰਜਿਸ਼ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਗੋਲੀਬਾਰੀ ਦੇ ਅਸਲ ਕਾਰਨਾਂ ਬਾਰੇ ਪੁਲੀਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋਵੇਗੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲੀਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਘਟਨਾ ਨਾਲ ਜੁੜੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਗੋਲੀਕਾਂਡ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਹੈ ਅਤੇ ਲੋਕਾਂ ਦੀਆਂ ਨਜ਼ਰਾਂ ਪੁਲੀਸ ਜਾਂਚ ਉੱਤੇ ਟਿਕੀਆਂ ਹੋਈਆਂ ਹਨ।
Moga Shooting Gaurav Yadav Punjab Police Moga Crime Gagan Jindal Sahil Jindal Ssp Sartaj Singh Chahal Punjab Crime News Firing Incident Police Investigation Cctv Footage Forensic Investigation