November 10, 2026
ਅੰਮ੍ਰਿਤਸਰ 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ‘ਆਪ’ ਆਗੂ ਨੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Prabhsimran Singh / Amritsar
ਅੰਮ੍ਰਿਤਸਰ ਦੇ ਅਟਾਰੀ ਹਲਕੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਅੱਜ ਵੱਡੇ ਭਰਾ ਨੇ ਆਪਣੇ ਛੋਟੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਸਿਮਰਦੀਪ ਸਿੰਘ ਵਜੋਂ ਹੋਈ ਹੈ। ਇਸ ਕਤਲ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਬਲਾਕ ਸਮਿਤੀ ਮੈਂਬਰ ਦਾ ਨਾਮ ਸਾਹਮਣੇ ਆਇਆ ਹੈ। ਉਸ ’ਤੇ ਆਪਣੇ ਛੋਟੇ ਭਰਾ ਦੀ ਹੱਤਿਆ ਕਰਨ ਦਾ ਦੋਸ਼ ਹੈ। ਵਾਰਦਾਤ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਦੋਵਾਂ ਭਰਾਵਾਂ ਵਿਚਕਾਰ ਪਰਿਵਾਰਕ ਜ਼ਮੀਨ ਦੀ ਵੰਡ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਅੱਜ ਸਵੇਰੇ ਕਰੀਬ 11:30 ਵਜੇ ਇਸੇ ਮਾਮਲੇ ਨੂੰ ਲੈ ਕੇ ਦੋਵਾਂ ਵਿਚਕਾਰ ਤਕਰਾਰ ਹੋ ਗਈ। ਇਸ ਦੌਰਾਨ ਵੱਡੇ ਭਰਾ ਨੇ ਆਪਣੇ ਛੋਟੇ ਭਰਾ ਸਿਮਰਦੀਪ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਦੋ ਗੋਲੀਆਂ ਵਿੱਚੋਂ ਇੱਕ ਉਸ ਦੇ ਸਿਰ ਵਿੱਚ ਅਤੇ ਦੂਜੀ ਛਾਤੀ ਦੇ ਸੱਜੇ ਪਾਸੇ ਲੱਗੀ। ਗੰਭੀਰ ਸੱਟਾਂ ਲੱਗਣ ਕਾਰਨ ਸਿਮਰਦੀਪ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਉਸ ਨੂੰ ਹਸਪਤਾਲ ਲਿਜਾਣ ਦਾ ਮੌਕਾ ਵੀ ਨਹੀਂ ਮਿਲ ਸਕਿਆ।ਜ਼ਮੀਨ ਦੀ ਵੰਡ ਨੂੰ ਲੈ ਕੇ ਚੱਲ ਰਿਹਾ ਸੀ ਵਿਵਾਦ ਪੁਲੀਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਮੁਤਾਬਕ ਦੋਵਾਂ ਭਰਾਵਾਂ ਵਿਚਕਾਰ ਪਰਿਵਾਰਕ ਜ਼ਮੀਨ ਦੀ ਵੰਡ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਇਸ ਤੋਂ ਇਲਾਵਾ ਪਰਿਵਾਰ ਵਿੱਚ ਨਸ਼ੇ ਦੇ ਸੇਵਨ ਅਤੇ ਨਸ਼ਾ ਵੇਚਣ ਨੂੰ ਲੈ ਕੇ ਵੀ ਤਣਾਅ ਹੋਣ ਦੀ ਗੱਲ ਸਾਹਮਣੇ ਆਈ ਹੈ। ਪੁਲੀਸ ਇਨ੍ਹਾਂ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕਰ ਰਹੀ ਹੈ। ਫੋਰੈਂਸਿਕ ਟੀਮ ਨੇ ਇਕੱਠੇ ਕੀਤੇ ਸਬੂਤ, ਮੁਲਜ਼ਮ ਦੀ ਭਾਲ ਜਾਰੀ ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਫੋਰੈਂਸਿਕ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ, ਜਿਸ ਵੱਲੋਂ ਵਿਗਿਆਨਕ ਸਬੂਤ ਇਕੱਠੇ ਕੀਤੇ ਗਏ ਹਨ। ਪੁਲੀਸ ਪਰਿਵਾਰ ਦੇ ਹੋਰਨਾਂ ਮੈਂਬਰਾਂ ਦੇ ਬਿਆਨ ਵੀ ਦਰਜ ਕਰ ਰਹੀ ਹੈ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਡੀਐੱਸਪੀ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੁਲਜ਼ਮ ਫਰਾਰ ਹੋ ਗਿਆ ਹੈ। ਉਸ ਦੀ ਗ੍ਰਿਫ਼ਤਾਰੀ ਲਈ ਪੁਲੀਸ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲੀਸ ਦਾ ਕਹਿਣਾ ਹੈ ਕਿ ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Amritsar Attari Pandori Waraich Punjab News Murder Case Land Dispute Family Dispute Aap Leader Block Samiti Member Crime News Firing Incident Police Investigation Punjab Crime