November 12, 2026
34 ਸਾਲ ਪੁਰਾਣੇ ਅਮਰੀਕ ਸਿੰਘ ਸਾਕਰੀ ਅਗਵਾ ਮਾਮਲੇ ’ਚ ਸਾਬਕਾ Ssp ਨੂੰ 5 ਸਾਲ ਦੀ ਕੈਦ, 50 ਹਜ਼ਾਰ ਜੁਰਮਾਨਾ
Prabhsimran Singh / Punjab
ਮੁਹਾਲੀ ਦੀ ਵਿਸ਼ੇਸ਼ ਸੀਬੀਆਈ (CBI) ਅਦਾਲਤ ਨੇ 1992 ਵਿੱਚ ਟਰਾਂਸਪੋਰਟਰ ਅਮਰੀਕ ਸਿੰਘ ਸਾਕਰੀ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ 34 ਸਾਲ ਪੁਰਾਣੇ ਬਹੁ-ਚਰਚਿਤ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਪੰਜਾਬ ਪੁਲੀਸ ਦੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਉਸ ਨੂੰ 50 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਹੈ। ਇਸ ਤੋਂ ਇਲਾਵਾ ਇੱਕ ਹੋਰ ਧਾਰਾ ਤਹਿਤ ਦੋ ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਹਾਲਾਂਕਿ, ਦੋਵੇਂ ਸਜ਼ਾਵਾਂ ਨਾਲ-ਨਾਲ ਚੱਲਣਗੀਆਂ। ਜ਼ਿਕਰਯੋਗ ਹੈ ਕਿ ਅਦਾਲਤ ਨੇ ਬੁੱਧਵਾਰ ਨੂੰ ਹੀ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਇਸ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਇਹ ਮਾਮਲਾ 25 ਨਵੰਬਰ 1992 ਦਾ ਹੈ, ਜਦੋਂ ਤਰਨ ਤਾਰਨ ਪੁਲੀਸ ਦੀ ਇੱਕ ਟੀਮ ਨੇ ਲੁਧਿਆਣਾ ਦੇ ਹੋਟਲ ਅਮਲਤਾਸ਼ ਵਿੱਚ ਹੋ ਰਹੇ ਵਿਆਹ ਸਮਾਗਮ ਦੌਰਾਨ ਅਮਰੀਕ ਸਿੰਘ ਸਾਕਰੀ ਨੂੰ ਚੁੱਕ ਲਿਆ ਸੀ। ਉਹ ਆਪਣੀ ਭਾਣਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਉੱਥੇ ਪਹੁੰਚੇ ਸਨ। ਇਸ ਘਟਨਾ ਤੋਂ ਬਾਅਦ ਉਨ੍ਹਾਂ ਦਾ ਕੋਈ ਥਹੁ-ਪਤਾ ਨਹੀਂ ਲੱਗ ਸਕਿਆ।ਅਮਰੀਕ ਸਿੰਘ ਦੀ ਪਤਨੀ ਨੇ 1996 ਵਿੱਚ ਸੁਪਰੀਮ ਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਸੀ। ਇਸੇ ਦੌਰਾਨ ਪੰਜਾਬ ਪੁਲੀਸ ਵੱਲੋਂ ਵੱਡੀ ਗਿਣਤੀ ਵਿੱਚ ਲਾਸ਼ਾਂ ਨੂੰ ਲਾਵਾਰਿਸ ਅਤੇ ਅਣਪਛਾਤੀਆਂ ਦੱਸ ਕੇ ਸਸਕਾਰ ਕਰਨ ਦੇ ਮਾਮਲੇ ਦੀ ਜਾਂਚ ਦੇ ਹੁਕਮ ਵੀ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਦਿੱਤੇ ਸਨ। ਇਸ ਤੋਂ ਬਾਅਦ ਸਾਕਰੀ ਦੇ ਲਾਪਤਾ ਹੋਣ ਦਾ ਮਾਮਲਾ ਵੀ ਸੀਬੀਆਈ ਨੇ ਆਪਣੇ ਹੱਥ ਵਿੱਚ ਲੈ ਲਿਆ ਸੀ। ਸੁਪਰੀਮ ਕੋਰਟ ਦੇ ਹੁਕਮਾਂ ’ਤੇ ਸੀਬੀਆਈ ਨੇ ਸਾਲ 2000 ਵਿੱਚ ਕੇਸ ਦਰਜ ਕੀਤਾ ਸੀ। ਇਸ ਮਗਰੋਂ 2001 ਵਿੱਚ ਤਤਕਾਲੀ ਡੀਐੱਸਪੀ (ਡੀ) ਤਰਨ ਤਾਰਨ ਗੁਰਮੀਤ ਸਿੰਘ, ਇੰਸਪੈਕਟਰ ਸੂਬਾ ਸਿੰਘ, ਤਤਕਾਲੀ ਐੱਸਐੱਚਓ ਖਾਲੜਾ, ਐੱਸਆਈ ਸੁਰਿੰਦਰ ਸਿੰਘ, ਸਿਪਾਹੀ ਪਰਮਿੰਦਰਜੀਤ ਸਿੰਘ ਉਰਫ਼ ਬੱਬੂ ਅਤੇ ਏਐੱਸਆਈ ਜਸਵੰਤ ਸਿੰਘ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਗਈ ਸੀ।ਮੁਲਜ਼ਮਾਂ ਵਿਰੁੱਧ ਸਾਲ 2000 ਵਿੱਚ ਦੋਸ਼ ਤੈਅ ਕੀਤੇ ਗਏ ਸਨ, ਪਰ ਅਦਾਲਤੀ ਨਿਰਦੇਸ਼ਾਂ ਕਾਰਨ ਇਸ ਮਾਮਲੇ ਦੀ ਸੁਣਵਾਈ ਕਰੀਬ 22 ਸਾਲ ਤੱਕ ਰੁਕੀ ਰਹੀ। ਵਕੀਲਾਂ ਅਨੁਸਾਰ, ਸਾਲ 2022 ਵਿੱਚ ਜਦੋਂ ਮੁਕੱਦਮੇ ਦੀ ਸੁਣਵਾਈ ਸ਼ੁਰੂ ਹੋਈ ਤਾਂ ਸੀਬੀਆਈ ਵੱਲੋਂ ਅਦਾਲਤ ਵਿੱਚ ਪੇਸ਼ ਕੀਤੇ ਗਏ ਸਬੂਤਾਂ ਦਾ ਰਿਕਾਰਡ ਗਾਇਬ ਮਿਲਿਆ। ਇਸ ਤੋਂ ਬਾਅਦ ਹਾਈ ਕੋਰਟ ਦੇ ਹੁਕਮਾਂ ’ਤੇ ਸਾਰੇ ਸਬੂਤ ਮੁੜ ਇਕੱਠੇ ਕੀਤੇ ਗਏ। ਮੁਕੱਦਮੇ ਦੌਰਾਨ ਕੁੱਲ 47 ਗਵਾਹਾਂ ਦਾ ਹਵਾਲਾ ਦਿੱਤਾ ਗਿਆ ਸੀ, ਪਰ ਸੁਣਵਾਈ ਦੌਰਾਨ ਸਿਰਫ਼ 16 ਗਵਾਹ ਹੀ ਅਦਾਲਤ ਵਿੱਚ ਪੇਸ਼ ਹੋ ਸਕੇ। ਲੰਬੇ ਸਮੇਂ ਤੱਕ ਸੁਣਵਾਈ ਰੁਕੇ ਰਹਿਣ ਕਾਰਨ ਬਹੁਤੇ ਗਵਾਹਾਂ ਦੀ ਮੌਤ ਹੋ ਗਈ ਸੀ। ਇਸੇ ਤਰ੍ਹਾਂ ਤਿੰਨ ਮੁਲਜ਼ਮਾਂ ਏਐੱਸਆਈ ਜਸਵੰਤ ਸਿੰਘ, ਐੱਸਆਈ ਸੁਰਿੰਦਰ ਸਿੰਘ ਅਤੇ ਇੰਸਪੈਕਟਰ ਸੂਬਾ ਸਿੰਘ ਦੀ ਵੀ ਮੌਤ ਹੋ ਗਈ, ਜਿਸ ਕਾਰਨ ਉਨ੍ਹਾਂ ਵਿਰੁੱਧ ਕਾਰਵਾਈ ਬੰਦ ਕਰ ਦਿੱਤੀ ਗਈ ਸੀ।
Cbi Court Mohali News Amrik Singh Sakri Gurmeet Singh Randhawa Punjab Police Former Ssp Kidnapping Case Punjab News Ludhiana News 1992 Case Cbi Investigation Punjab Crime News