October 10, 2026
ਦਿੱਲੀ ਮੈਟਰੋ ਤੇ ਰੇਲ ਸੇਵਾਵਾਂ ਬੰਦ ਕਰਨ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ, ਅਧਿਕਾਰੀਆਂ ਖ਼ਿਲਾਫ਼ ਤੌਹੀਨ ਦੀ ਅਰਜ਼ੀ
Prabhsimran Singh / Delhi
ਦਿੱਲੀ ਵਿੱਚ ਸੀਜੇਪੀ (CJP) ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਮੈਟਰੋ ਸਟੇਸ਼ਨ ਬੰਦ ਕਰਨ ਅਤੇ ਰੇਲ ਗੱਡੀਆਂ ਰੱਦ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਅਦਾਲਤ ਦੀ ਤੌਹੀਨ ਦੀ ਅਰਜ਼ੀ ਦਾਇਰ ਕੀਤੀ ਗਈ ਹੈ। ਅਰਜ਼ੀ ਵਿੱਚ ਅਦਾਲਤੀ ਹੁਕਮਾਂ ਦੀ ਕਥਿਤ ਉਲੰਘਣਾ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ। ਐਡਵੋਕੇਟ ਸ਼ੈਲੇਂਦਰ ਮਣੀ ਤ੍ਰਿਪਾਠੀ ਵੱਲੋਂ ਦਾਇਰ ਅਰਜ਼ੀ ਵਿੱਚ ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ, ਦਿੱਲੀ ਪੁਲਿਸ ਕਮਿਸ਼ਨਰ ਅਨੁਰਾਗ ਕੁਮਾਰ ਅਤੇ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਦੀ ਚੇਅਰਪਰਸਨ ਡੀ. ਥਾਰਾ ਨੂੰ ਉੱਤਰਦਾਤਾ ਬਣਾਇਆ ਗਿਆ ਹੈ। ਪਟੀਸ਼ਨ ਮੁਤਾਬਕ, ਸੁਪਰੀਮ ਕੋਰਟ ਨੇ 9 ਅਕਤੂਬਰ ਨੂੰ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤਾ ਸੀ ਕਿ 10 ਅਕਤੂਬਰ ਨੂੰ ਪ੍ਰਦਰਸ਼ਨ ਕਾਰਨ ਦਿੱਲੀ ਆਉਣ ਵਾਲੀਆਂ ਮੈਟਰੋ ਅਤੇ ਰੇਲ ਸੇਵਾਵਾਂ ’ਤੇ ਪੂਰੀ ਤਰ੍ਹਾਂ ਰੋਕ ਨਾ ਲੱਗੇ। ਅਦਾਲਤ ਨੇ ਕਿਹਾ ਸੀ ਕਿ ਸੁਰੱਖਿਆ ਪ੍ਰਬੰਧਾਂ ਦੇ ਨਾਂ ’ਤੇ ਆਮ ਨਾਗਰਿਕਾਂ ਨੂੰ ਬੇਵਜ੍ਹਾ ਪਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। ਅਰਜ਼ੀ ਵਿੱਚ ਦੋਸ਼ ਲਾਇਆ ਗਿਆ ਹੈ ਕਿ ਅਦਾਲਤੀ ਹੁਕਮਾਂ ਦੇ ਬਾਵਜੂਦ ਮੈਟਰੋ ਅਤੇ ਰੇਲ ਸੇਵਾਵਾਂ ਵਿੱਚ ਪਾਬੰਦੀਆਂ ਜਾਰੀ ਰਹੀਆਂ। ਪਟੀਸ਼ਨਕਰਤਾ ਨੇ ਸੁਪਰੀਮ ਕੋਰਟ ਤੋਂ ਸਬੰਧਤ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਨਿੱਜੀ ਤੌਰ ’ਤੇ ਪੇਸ਼ ਹੋਣ ਅਤੇ ਅਦਾਲਤ ਦੀ ਤੌਹੀਨ ਲਈ ਸਜ਼ਾ ਨਾ ਦੇਣ ਦਾ ਕਾਰਨ ਦੱਸਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਇਸ ਦੌਰਾਨ ਇੱਕ ਐਡਵਾਈਜ਼ਰੀ ਅਨੁਸਾਰ, ਸੁਰੱਖਿਆ ਕਾਰਨਾਂ ਕਰਕੇ ਦਿੱਲੀ ਮੈਟਰੋ ਦੇ 45 ਸਟੇਸ਼ਨ ਸ਼ੁੱਕਰਵਾਰ ਰਾਤ 9 ਵਜੇ ਤੋਂ ਸ਼ਨੀਵਾਰ ਸ਼ਾਮ 6 ਵਜੇ ਤੱਕ ਬੰਦ ਰੱਖੇ ਗਏ। ਪ੍ਰਦਰਸ਼ਨ ਦਾ ਸੱਦਾ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਚੋਣ ਕਮਿਸ਼ਨ ਦੇ ਕੰਮਕਾਜ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ਾਂ ਨੂੰ ਲੈ ਕੇ ਸੀਜੇਪੀ ਅਤੇ ਕੁਝ ਵਿਦਿਆਰਥੀ ਜਥੇਬੰਦੀਆਂ ਵੱਲੋਂ ਦਿੱਤਾ ਗਿਆ ਸੀ।
Supreme Court Delhi Metro Cjp Protest Contempt Of Court Delhi Police Indian Railways Gyanesh Kumar Metro Station Closure Delhi News Court Proceedings