November 24, 2026
ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰਪੁਰਬ ਸਮਾਗਮਾਂ ’ਚ ਸ਼ਾਮਲ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸਿੱਖ ਨੌਜਵਾਨਾਂ ਨੂੰ ਦਿੱਤਾ ਖ਼ਾਸ ਸੰਦੇਸ਼
Prabhsimran Singh / Pakistan
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੀ ਰਾਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਕਰਵਾਏ ਗਏ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੰਧੀ ਭਾਈਚਾਰੇ ਨਾਲ ਸਬੰਧਤ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੀ ਪੁਰਾਣੀ ਰਵਾਇਤ ਨੂੰ ਕਾਇਮ ਰੱਖਦਿਆਂ ਆਪਣੇ ਪਰਿਵਾਰਾਂ ਵਿੱਚੋਂ ਪਹਿਲਾ ਬੱਚਾ ਸਾਬਤ-ਸੂਰਤ ਸਿੱਖ ਜ਼ਰੂਰ ਬਣਾਉਣ।ਇਸ ਦੇ ਨਾਲ ਹੀ ਉਨ੍ਹਾਂ ਚੜ੍ਹਦੇ ਪੰਜਾਬ ਦੇ ਉਨ੍ਹਾਂ ਸਿੱਖ ਨੌਜਵਾਨਾਂ ਨੂੰ ਵੀ ਸੰਦੇਸ਼ ਦਿੱਤਾ, ਜੋ ਆਪਣੇ ਕੇਸ ਕਤਲ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨਾਂ ਨੂੰ ਪਾਕਿਸਤਾਨ ਦੇ ਸਿੱਖਾਂ ਤੋਂ ਸੇਧ ਲੈਣੀ ਚਾਹੀਦੀ ਹੈ, ਜਿਨ੍ਹਾਂ ਨੇ ਬਹੁਤ ਔਖੇ ਹਾਲਾਤ ਵਿੱਚ ਵੀ ਆਪਣੀ ਸਿੱਖੀ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਕੋਈ ਵੀ ਸਿੱਖ ਆਪਣੇ ਕੇਸ ਕਤਲ ਨਹੀਂ ਕਰਦਾ। ਜਥੇਦਾਰ ਨੇ ਚੜ੍ਹਦੇ ਪੰਜਾਬ ਤੋਂ ਸ੍ਰੀ ਨਨਕਾਣਾ ਸਾਹਿਬ ਪੁੱਜੀ ਸੰਗਤ ਨੂੰ ਪਿਸ਼ੌਰੀ ਅਤੇ ਸਿੰਧੀ ਸੰਗਤ ਤੋਂ ਸੇਵਾ ਅਤੇ ਸ਼ਰਧਾ ਦੀ ਪ੍ਰੇਰਨਾ ਲੈਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਇਹ ਸੰਗਤ ਗੁਰਪੁਰਬ ਮੌਕੇ ਬਹੁਤ ਹੀ ਪ੍ਰੇਮ ਅਤੇ ਸ਼ਰਧਾ ਨਾਲ ਵੱਡੀਆਂ ਸੇਵਾਵਾਂ ਨਿਭਾਉਂਦੀ ਹੈ।ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ੍ਰੀ ਨਨਕਾਣਾ ਸਾਹਿਬ ਪਹੁੰਚੀਆਂ ਵੱਖ-ਵੱਖ ਸਿੱਖ ਸੰਗਤਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਮਨਾਂ ਵਿੱਚ ਆਪਣੇ ਵਿੱਛੜੇ ਹੋਏ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਬੇਹੱਦ ਚਾਅ ਅਤੇ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਲਈ ਆਪਣੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਾ ਬਹੁਤ ਖੁਸ਼ੀ ਅਤੇ ਸ਼ਰਧਾ ਵਾਲੀ ਗੱਲ ਹੈ।
Sri Nankana Sahib Giani Kuldeep Singh Gargaj Sri Akal Takht Sahib Guru Nanak Dev Ji Prakash Gurpurab Sikh Community Pakistani Sikhs Sindhi Sikh Community Sikh Youth Sikh Heritage Sikhism Gurdwara Janam Asthan Sikh Sangat