November 18, 2026
ਅਮਰੀਕਾ ਤੋਂ ਡਿਪੋਰਟ ਹੁੰਦਿਆਂ ਹੀ Nia ਨੇ ਸੁਰਿੰਦਰ ਸਿੰਘ ਠੀਕਰੀਵਾਲ ਨੂੰ ਕੀਤਾ ਗ੍ਰਿਫ਼ਤਾਰ, ਸ਼ੰਭੂ-ਰਾਜਪੁਰਾ ਰੇਲਵੇ ਧਮਾਕੇ ਨਾਲ ਜੁੜਿਆ ਮਾਮਲਾ
Prabhsimran Singh / Punjab
ਕੌਮੀ ਜਾਂਚ ਏਜੰਸੀ (NIA) ਨੇ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ‘ਖਾਲਿਸਤਾਨ ਜ਼ਿੰਦਾਬਾਦ ਫੋਰਸ’ (KZF) ਦੇ ਸਮਰਥਕ ਸੁਰਿੰਦਰ ਸਿੰਘ ਉਰਫ਼ ਠੀਕਰੀਵਾਲ ਨੂੰ ਅਮਰੀਕਾ ਤੋਂ ਡਿਪੋਰਟ ਕਰਕੇ ਭਾਰਤ ਲਿਆਂਦੇ ਜਾਣ ਮਗਰੋਂ ਗ੍ਰਿਫ਼ਤਾਰ ਕਰ ਲਿਆ ਹੈ। ਐੱਨ.ਆਈ.ਏ. ਨੇ ਵੀਰਵਾਰ ਨੂੰ ਉਸ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ। ਅਮਰੀਕੀ ਅਧਿਕਾਰੀਆਂ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਭਾਰਤ ਅਤੇ ਅਮਰੀਕਾ ਸਰਕਾਰ ਦੇ ਆਪਸੀ ਤਾਲਮੇਲ ਸਦਕਾ ਉਸ ਨੂੰ ਡਿਪੋਰਟ ਕਰਕੇ ਭਾਰਤ ਭੇਜਿਆ ਗਿਆ। ਸੁਰਿੰਦਰ ਸਿੰਘ ਦੀ ਗ੍ਰਿਫ਼ਤਾਰੀ 27 ਅਪਰੈਲ, 2026 ਨੂੰ ਪੰਜਾਬ ਵਿੱਚ ਸ਼ੰਭੂ ਅਤੇ ਰਾਜਪੁਰਾ ਰੇਲਵੇ ਸਟੇਸ਼ਨਾਂ ਵਿਚਾਲੇ ਡੈਡੀਕੇਟਿਡ ਫਰੇਟ ਕੋਰੀਡੋਰ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (DFCCIL) ਦੀ ਰੇਲਵੇ ਲਾਈਨ 'ਤੇ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਕੀਤੀ ਗਈ ਹੈ। ਜਾਂਚ ਏਜੰਸੀ ਮੁਤਾਬਕ ਇਹ ਧਮਾਕਾ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੀਆਂ ਅਤਿਵਾਦੀ ਗਤੀਵਿਧੀਆਂ ਨੂੰ ਅੱਗੇ ਵਧਾਉਣ, ਫ਼ਿਰਕੂ ਸਦਭਾਵਨਾ ਨੂੰ ਭੰਗ ਕਰਨ ਅਤੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਅਸਥਿਰ ਕਰਨ ਦੀ ਸਾਜ਼ਿਸ਼ ਤਹਿਤ ਕੀਤਾ ਗਿਆ ਸੀ।ਐੱਨ.ਆਈ.ਏ. ਸੂਤਰਾਂ ਅਨੁਸਾਰ ਜਾਂਚ ਦੌਰਾਨ ਸਾਹਮਣੇ ਆਇਆ ਕਿ ਰਾਜਪੁਰਾ-ਸ਼ੰਭੂ ਰੇਲਵੇ ਟਰੈਕ 'ਤੇ ਧਮਾਕੇ ਤੋਂ ਬਾਅਦ ਸੁਰਿੰਦਰ ਸਿੰਘ ਉਰਫ਼ ਠੀਕਰੀਵਾਲ ਨੇ ਆਪਣੇ ਫੇਸਬੁੱਕ ਖਾਤੇ 'ਤੇ ਇਕ ਵੀਡੀਓ ਪੋਸਟ ਕੀਤੀ ਸੀ। ਇਸ ਵੀਡੀਓ ਰਾਹੀਂ ਉਸ ਨੇ ਧਮਾਕੇ ਦੀ ਘਟਨਾ ਦੀ ਵਡਿਆਈ ਕਰਦਿਆਂ ਇਸ ਦੀ ਹਮਾਇਤ ਕੀਤੀ ਸੀ। ਉਸ ਨੇ ਇਸ ਅਪਰਾਧਿਕ ਸਾਜ਼ਿਸ਼ ਵਿੱਚ ਸ਼ਾਮਲ ਮੁਲਜ਼ਮਾਂ ਦਾ ਵੀ ਖੁੱਲ੍ਹ ਕੇ ਸਮਰਥਨ ਕੀਤਾ ਸੀ। ਇਨ੍ਹਾਂ ਵਿੱਚ ਜਗਰੂਪ ਸਿੰਘ ਵੀ ਸ਼ਾਮਲ ਸੀ, ਜਿਸ ਦੀ ਧਮਾਕਾ ਕਰਨ ਸਮੇਂ ਮੌਤ ਹੋ ਗਈ ਸੀ। ਜਾਂਚ ਏਜੰਸੀ ਮੁਤਾਬਕ ਮੁਲਜ਼ਮ ਨੇ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ‘ਖਾਲਿਸਤਾਨ ਜ਼ਿੰਦਾਬਾਦ ਫੋਰਸ’ ਨੂੰ ‘ਕੌਮੀ ਜਥੇਬੰਦੀ’ ਅਤੇ ਨਾਮਜ਼ਦ ਅਤਿਵਾਦੀ ਰਣਜੀਤ ਸਿੰਘ ਉਰਫ਼ ਨੀਟਾ ਨੂੰ ‘ਕੌਮ ਦਾ ਜਰਨੈਲ’ ਦੱਸਿਆ ਸੀ। ਇਸ ਤੋਂ ਬਾਅਦ ਜਾਂਚ ਦੌਰਾਨ ਐੱਨ.ਆਈ.ਏ. ਵੱਲੋਂ ਸੁਰਿੰਦਰ ਸਿੰਘ ਖ਼ਿਲਾਫ਼ ਲੁੱਕ ਆਊਟ ਸਰਕੂਲਰ (LOC) ਵੀ ਜਾਰੀ ਕੀਤਾ ਗਿਆ ਸੀ।ਦੱਸਿਆ ਗਿਆ ਹੈ ਕਿ ਸੁਰਿੰਦਰ ਸਿੰਘ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਉਸ ਦੀ ਗ੍ਰਿਫ਼ਤਾਰੀ ਨਾਲ ਰਾਜਪੁਰਾ-ਸ਼ੰਭੂ ਰੇਲਵੇ ਟਰੈਕ ਧਮਾਕੇ ਦੇ ਮਾਮਲੇ ਵਿੱਚ ਐੱਨ.ਆਈ.ਏ. ਵੱਲੋਂ ਹੁਣ ਤੱਕ ਕੁੱਲ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
Nia Surinder Singh Thikriwal Khalistan Zindabad Force Kzf Punjab News Rajpura Shambhu Blast Railway Track Blast Dfccil Terrorism Case India Us Relations Deportation National Investigation Agency