November 26, 2026
ਸੌਰਵ ਦਾਸ ਖ਼ਿਲਾਫ਼ ਮੁੰਬਈ ਪੁਲੀਸ ਨੇ ਜਾਰੀ ਕੀਤਾ ਲੁੱਕ ਆਊਟ ਸਰਕੂਲਰ, ਆਕਸਫੋਰਡ ਯੂਨੀਵਰਸਿਟੀ ਜਾਣ ਤੋਂ ਰੋਕੇ ਜਾਣ ਦੇ ਮਾਮਲੇ ’ਚ 9 ਦਸੰਬਰ ਨੂੰ ਹੋਵੇਗੀ ਸੁਣਵਾਈ
Prabhsimran Singh / Delhi
ਕੇਂਦਰ ਸਰਕਾਰ ਨੇ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਸਿਟੀਜ਼ਨਜ਼ ਫਾਰ ਜਸਟਿਸ ਐਂਡ ਪੀਸ (CJP) ਦੇ ਸਹਿ-ਕਨਵੀਨਰ ਸੌਰਵ ਦਾਸ ਖ਼ਿਲਾਫ਼ ਮੁੰਬਈ ਪੁਲੀਸ ਵੱਲੋਂ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਹੈ। ਦਾਸ ਨੂੰ ਹਾਲ ਹੀ ਵਿੱਚ ਯੂਨਾਈਟਿਡ ਕਿੰਗਡਮ ਜਾਣ ਤੋਂ ਦਿੱਲੀ ਹਵਾਈ ਅੱਡੇ ’ਤੇ ਰੋਕ ਦਿੱਤਾ ਗਿਆ ਸੀ। ਉਹ ਆਕਸਫੋਰਡ ਯੂਨੀਵਰਸਿਟੀ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਲੰਡਨ ਜਾ ਰਹੇ ਸਨ। ਇਹ ਜਾਣਕਾਰੀ ਜਸਟਿਸ ਅਮਿਤ ਮਹਾਜਨ ਦੀ ਅਦਾਲਤ ਵਿੱਚ ਕੇਂਦਰ ਸਰਕਾਰ ਦੇ ਵਕੀਲ ਵੱਲੋਂ ਦਿੱਤੀ ਗਈ। ਅਦਾਲਤ ਨੇ ਸੌਰਵ ਦਾਸ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਹੈ। ਇਸ ਪਟੀਸ਼ਨ ਵਿੱਚ ਦਾਸ ਨੇ ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਦੇ ਸਰਕਾਰੀ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 9 ਦਸੰਬਰ ਨੂੰ ਤੈਅ ਕੀਤੀ ਹੈ।ਸੁਣਵਾਈ ਦੌਰਾਨ ਕੇਂਦਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮੁੰਬਈ ਪੁਲੀਸ ਨੇ 23 ਨਵੰਬਰ ਨੂੰ ਸੌਰਵ ਦਾਸ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਇੱਕ ਕਾਰਨ ਦੱਸੋ ਨੋਟਿਸ ਵੀ ਭੇਜਿਆ ਗਿਆ ਸੀ, ਜਿਸ ਦਾ ਜਵਾਬ ਦਾਸ ਵੱਲੋਂ ਅਜੇ ਤੱਕ ਨਹੀਂ ਦਿੱਤਾ ਗਿਆ। ਦੂਜੇ ਪਾਸੇ, ਸੌਰਵ ਦਾਸ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਨ੍ਹਾਂ ਦੇ ਮੁਵੱਕਿਲ ਨੂੰ ਕਿਸੇ ਵੀ ਲੁੱਕ ਆਊਟ ਸਰਕੂਲਰ ਦੇ ਜਾਰੀ ਹੋਣ, ਇਸ ਦੇ ਪਿੱਛੇ ਦੇ ਕਾਰਨਾਂ ਅਤੇ ਉਦੇਸ਼ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ। ਜ਼ਿਕਰਯੋਗ ਹੈ ਕਿ ਸੌਰਵ ਦਾਸ ਨੂੰ ਆਕਸਫੋਰਡ ਯੂਨੀਵਰਸਿਟੀ ਵਿੱਚ ਹੋਣ ਵਾਲੇ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਯੂਨਾਈਟਿਡ ਕਿੰਗਡਮ ਜਾਣਾ ਸੀ। ਇਸ ਸਮਾਗਮ ਦੌਰਾਨ ਉਨ੍ਹਾਂ ਨੇ 'ਕਾਕਰੋਚ ਮੂਵਮੈਂਟ' (Cockroach Movement) ਵਿਸ਼ੇ ’ਤੇ ਬੋਲਣਾ ਸੀ। ਦਾਸ ਨੇ ਆਪਣੀ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ 23 ਨਵੰਬਰ ਦੀ ਰਾਤ ਨੂੰ ਲੰਡਨ ਜਾਣ ਵਾਲੀ ਉਡਾਣ ਵਿੱਚ ਸਵਾਰ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਦਿੱਲੀ ਹਵਾਈ ਅੱਡੇ ਦੇ ਇਮੀਗ੍ਰੇਸ਼ਨ ਕਾਊਂਟਰ ’ਤੇ ਰੋਕ ਲਿਆ ਗਿਆ ਸੀ।
Saurav Das Cjp Look Out Circular Loc Mumbai Police Delhi High Court Oxford University Uk Travel Ban Immigration India News Court Hearing