November 10, 2026
ਲਾਲਜੀਤ ਸਿੰਘ ਭੁੱਲਰ ਦਾ ਵੱਡਾ ਐਲਾਨ, ਆਗਾਮੀ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ; ਪੱਟੀ ਤੋਂ ਜੱਸਾ ਪੱਟੀ ਨੂੰ ਮਿਲੀ ਜ਼ਿੰਮੇਵਾਰੀ
Prabhsimran Singh / Tarn Taran
ਪੰਜਾਬ ਦੇ ਸਾਬਕਾ ਮੰਤਰੀ ਅਤੇ ਪੱਟੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਆਗਾਮੀ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਇਸ ਐਲਾਨ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਭੁੱਲਰ ਨੇ ਕਿਹਾ ਕਿ ਪੱਟੀ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਉਨ੍ਹਾਂ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਨ ਦੀ ਅਪੀਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲੇ ਇਸ ਪਿਆਰ ਅਤੇ ਸਮਰਥਨ ਤੋਂ ਉਹ ਬੇਹੱਦ ਗਦਗਦ ਹਨ। ਭੁੱਲਰ ਨੇ ਪੱਟੀ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹਨ ਲਈ ਲੋਕਾਂ ਦੇ ਦੇਣਦਾਰ ਹਨ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਹਾਲ ਹੀ ਵਿੱਚ ਜਸਕੰਵਰ ਸਿੰਘ, ਜਿਨ੍ਹਾਂ ਨੂੰ ਜੱਸਾ ਪੱਟੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਨੂੰ ਪੱਟੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਸਾਬਕਾ ਪਹਿਲਵਾਨ ਜੱਸਾ ਪੱਟੀ ਲਈ ਸਿਆਸਤ ਵਿੱਚ ਆਪਣੀ ਜਗ੍ਹਾ ਬਣਾਉਣ ਦਾ ਰਾਹ ਵੀ ਆਸਾਨ ਨਹੀਂ ਰਿਹਾ ਹੈ। ਇਹ ਨਿਯੁਕਤੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੀਤੀ ਗਈ ਸੀ।ਦੱਸ ਦੇਈਏ ਕਿ ਲਾਲਜੀਤ ਸਿੰਘ ਭੁੱਲਰ ਇਸ ਸਮੇਂ ਅੰਮ੍ਰਿਤਸਰ ਵਿੱਚ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ। ਗਗਨਦੀਪ ਸਿੰਘ ਰੰਧਾਵਾ ਦੀ ਮੌਤ 21 ਮਾਰਚ 2026 ਨੂੰ ਕਥਿਤ ਤੌਰ ’ਤੇ ਕੋਈ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਹੋਈ ਸੀ। ਮੌਤ ਤੋਂ ਪਹਿਲਾਂ ਉਨ੍ਹਾਂ ਵੱਲੋਂ ਇੱਕ ਵੀਡੀਓ ਸੰਦੇਸ਼ ਰਿਕਾਰਡ ਕੀਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਨੇ ਭੁੱਲਰ ’ਤੇ ਵੇਅਰਹਾਊਸ ਦੀ ਉਸਾਰੀ ਨਾਲ ਸਬੰਧਤ ਟੈਂਡਰਾਂ ਦੀ ਅਲਾਟਮੈਂਟ ਨੂੰ ਲੈ ਕੇ ਖੱਜਲ-ਖ਼ੁਆਰ ਕਰਨ ਅਤੇ ਦਬਾਅ ਪਾਉਣ ਦੇ ਦੋਸ਼ ਲਗਾਏ ਸਨ। ਇਸ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਭੁੱਲਰ ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਕਿਹਾ ਸੀ। ਉਸ ਸਮੇਂ ਭੁੱਲਰ ਕੋਲ ਟਰਾਂਸਪੋਰਟ ਅਤੇ ਜੇਲ੍ਹ ਵਿਭਾਗ ਦੀ ਜ਼ਿੰਮੇਵਾਰੀ ਸੀ। ਉਨ੍ਹਾਂ ਨੇ ਮੁੱਖ ਮੰਤਰੀ ਦੇ ਕਹਿਣ ’ਤੇ ਉਸੇ ਦਿਨ ਆਪਣਾ ਅਸਤੀਫ਼ਾ ਦੇ ਦਿੱਤਾ ਸੀ।ਇਸ ਤੋਂ ਬਾਅਦ ਅੰਮ੍ਰਿਤਸਰ ਪੁਲੀਸ ਨੇ ਰੰਧਾਵਾ ਦੀ ਪਤਨੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਅਤੇ ਨਿੱਜੀ ਸਹਾਇਕ ਦਿਲਬਾਗ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਮੁਲਜ਼ਮਾਂ ਵਿਰੁੱਧ ਖ਼ੁਦਕੁਸ਼ੀ ਲਈ ਉਕਸਾਉਣ ਅਤੇ ਅਪਰਾਧਿਕ ਧਮਕੀਆਂ ਦੇਣ ਸਮੇਤ ਹੋਰ ਧਾਰਾਵਾਂ ਲਗਾਈਆਂ ਗਈਆਂ ਸਨ। ਮਾਮਲੇ ਦੇ ਸਬੰਧ ਵਿੱਚ ਪੁਲੀਸ ਨੇ 23 ਮਾਰਚ ਨੂੰ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਉਹ ਇਸ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਹੁਣ ਉਨ੍ਹਾਂ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ ਨਾ ਲੜਨ ਦੇ ਐਲਾਨ ਤੋਂ ਬਾਅਦ ਪੱਟੀ ਹਲਕੇ ਦੀ ਸਿਆਸਤ ਵਿੱਚ ਅਗਲੀ ਰਣਨੀਤੀ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।
Laljit Singh Bhullar Jassa Patti Punjab Politics Aam Aadmi Party Aap Punjab Patti Assembly Constituency Punjab Assembly Elections Gagandeep Singh Randhawa Punjab News Political News