November 13, 2026
12ਸੋਨੀਆ ਗਾਂਧੀ ਬਾਰੇ ਟਿੱਪਣੀਆਂ ਕਰਨ ’ਤੇ ਕੰਗਨਾ ਰਣੌਤ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ, Fir ਦਰਜ ਕਰਨ ਦੀ ਮੰਗ
Prabhsimran Singh / Himachal Pradesh
ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਬਾਰੇ ਸੋਸ਼ਲ ਮੀਡੀਆ ’ਤੇ ਕਥਿਤ ਤੌਰ ’ਤੇ ਅਪਮਾਨਜਨਕ ਅਤੇ ਗੁੰਮਰਾਹਕੁੰਨ ਟਿੱਪਣੀਆਂ ਕਰਨ ਦੇ ਦੋਸ਼ ਹੇਠ ਉਨ੍ਹਾਂ ਖ਼ਿਲਾਫ਼ ਹਿਮਾਚਲ ਪ੍ਰਦੇਸ਼ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤਕਰਤਾ ਨੇ ਭਾਜਪਾ ਸੰਸਦ ਮੈਂਬਰ ਵਿਰੁੱਧ ਐੱਫਆਈਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਡੀਜੀਪੀ ਅਸ਼ੋਕ ਤਿਵਾਰੀ ਨੂੰ ਸੌਂਪੀ ਗਈ ਸ਼ਿਕਾਇਤ ਵਿੱਚ ਕੈਪਟਨ ਅਤੁਲ ਸ਼ਰਮਾ ਨੇ ਦੋਸ਼ ਲਾਇਆ ਹੈ ਕਿ ਕੰਗਨਾ ਰਣੌਤ ਦੀਆਂ ਸੋਸ਼ਲ ਮੀਡੀਆ ਪੋਸਟਾਂ ਨਫ਼ਰਤ ਨੂੰ ਉਤਸ਼ਾਹਿਤ ਕਰਦੀਆਂ ਹਨ, ਸੰਵਿਧਾਨਕ ਵਫ਼ਾਦਾਰੀ ’ਤੇ ਸਵਾਲ ਖੜ੍ਹੇ ਕਰਦੀਆਂ ਹਨ ਅਤੇ ਗੁੰਮਰਾਹਕੁੰਨ ਜਾਣਕਾਰੀ ਫੈਲਾਉਂਦੀਆਂ ਹਨ।ਜ਼ਿਕਰਯੋਗ ਹੈ ਕਿ ਕੰਗਨਾ ਰਣੌਤ ਨੇ ਹਾਲ ਹੀ ਵਿੱਚ ਸੋਨੀਆ ਗਾਂਧੀ ਦੀ ਸਵੈ-ਜੀਵਨੀ ਨੂੰ ਲੈ ਕੇ ਉਨ੍ਹਾਂ ’ਤੇ ਨਿਸ਼ਾਨਾ ਸੇਧਿਆ ਸੀ। ਉਨ੍ਹਾਂ ਸਵਾਲ ਉਠਾਇਆ ਸੀ ਕਿ ਸੋਨੀਆ ਗਾਂਧੀ ਗਾਂਧੀ ਪਰਿਵਾਰ ਦੇ ਮੈਂਬਰਾਂ ਦੇ ਕਤਲਾਂ ਨਾਲ ਜੁੜੇ ਹਾਲਾਤਾਂ ਤੋਂ ਕਿਵੇਂ ਅਣਜਾਣ ਰਹਿ ਸਕਦੀ ਹੈ, ਜਦੋਂਕਿ ਇਹ ਘਟਨਾਵਾਂ ਸੋਨੀਆ ਗਾਂਧੀ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਤੋਂ ਕਈ ਸਾਲ ਬਾਅਦ ਵਾਪਰੀਆਂ ਸਨ। ਕੰਗਨਾ ਦੀਆਂ ਇਹ ਟਿੱਪਣੀਆਂ ਉਨ੍ਹਾਂ ਵੱਲੋਂ ਆਪਣੀ ਫ਼ਿਲਮ 'ਐਮਰਜੈਂਸੀ' ਦੀ ਖੋਜ ਅਤੇ ਤਿਆਰੀ ਦੌਰਾਨ ਹਾਸਲ ਕੀਤੇ ਤਜ਼ਰਬਿਆਂ ਦੇ ਸੰਦਰਭ ਵਿੱਚ ਕੀਤੀਆਂ ਗਈਆਂ ਸਨ। ਇਨ੍ਹਾਂ ਟਿੱਪਣੀਆਂ ’ਤੇ ਇਤਰਾਜ਼ ਜਤਾਉਂਦਿਆਂ ਕੈਪਟਨ ਅਤੁਲ ਸ਼ਰਮਾ ਨੇ ਡੀਜੀਪੀ ਕੋਲ ਸ਼ਿਕਾਇਤ ਦਰਜ ਕਰਵਾਈ ਅਤੇ ਕੰਗਨਾ ਰਣੌਤ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਇਸ ਮਾਮਲੇ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਅਤੇ ਕਾਂਗਰਸ ਆਗੂ ਨਰੇਸ਼ ਚੌਹਾਨ ਨੇ ਵੀ ਕੰਗਨਾ ਰਣੌਤ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਸੋਨੀਆ ਗਾਂਧੀ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਇਹ ਕੰਗਨਾ ਦੀ ਮਾਨਸਿਕਤਾ ਨੂੰ ਦਰਸਾਉਂਦੀਆਂ ਹਨ।ਚੌਹਾਨ ਨੇ ਭਾਜਪਾ ਨੂੰ ਸਵਾਲ ਕੀਤਾ ਕਿ ਪਾਰਟੀ ਨੇ ਸਾਲਾਂ ਤੱਕ ਸੇਵਾ ਕਰਨ ਵਾਲੇ ਆਪਣੇ ਤਜਰਬੇਕਾਰ ਆਗੂਆਂ ਅਤੇ ਸਮਰਪਿਤ ਵਰਕਰਾਂ ਨੂੰ ਕਿਨਾਰੇ ਕਿਉਂ ਲਾਇਆ ਅਤੇ ਮੰਡੀ ਵਰਗੇ ਅਹਿਮ ਸੰਸਦੀ ਹਲਕੇ ਤੋਂ ਉਮੀਦਵਾਰ ਵਜੋਂ ਕਿਸੇ ਸੇਲਿਬ੍ਰਿਟੀ ਨੂੰ ਕਿਉਂ ਚੁਣਿਆ। ਉਨ੍ਹਾਂ ਇਹ ਵੀ ਕਿਹਾ ਕਿ ਸੰਸਦ ਮੈਂਬਰ ਬਣਨ ਤੋਂ ਬਾਅਦ ਕੰਗਨਾ ਰਣੌਤ ਅਕਸਰ ਆਪਣੇ ਵਿਵਾਦਤ ਬਿਆਨਾਂ ਕਾਰਨ ਸੁਰਖੀਆਂ ਵਿੱਚ ਰਹਿੰਦੀ ਹੈ।
Kangana Ranaut Sonia Gandhi Himachal Pradesh Police Bjp Congress Atul Sharma Naresh Chauhan Fir Political Controversy Mandi Mp