November 18, 2026
ਪੰਜਾਬ 'ਚ ਅਸਲਾ ਲਾਇਸੈਂਸ ਬਣਵਾਉਣ ਅਤੇ ਰਿਨਿਊ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ
Prabhsimran Singh / Punjab
ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਵੱਲੋਂ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਇਸ ਨਾਲ ਸਬੰਧਤ ਹੋਰ ਪ੍ਰਕਿਰਿਆਵਾਂ ਨੂੰ ਲੈ ਕੇ ਇੱਕ ਮਹੱਤਵਪੂਰਨ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਰਾਹੀਂ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਅਸਲਾ ਲਾਇਸੈਂਸਾਂ ਨਾਲ ਜੁੜੇ ਅਧਿਕਾਰਾਂ ਸਬੰਧੀ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਆਰਮਜ਼ ਐਕਟ, 1959 ਅਤੇ ਆਰਮਜ਼ ਰੂਲਜ਼, 2016 ਤਹਿਤ ਅਸਲਾ ਲਾਇਸੈਂਸ ਜਾਰੀ ਕਰਨ, ਨਵੀਨੀਕਰਨ (ਰਿਨਿਊ) ਕਰਨ, ਰੱਦ ਕਰਨ ਅਤੇ ਇਸ ਨਾਲ ਸਬੰਧਤ ਹੋਰ ਕਾਰਵਾਈਆਂ ਦੇ ਅਧਿਕਾਰ ਜ਼ਿਲ੍ਹਾ ਮੈਜਿਸਟਰੇਟਾਂ ਅਤੇ ਕਮਿਸ਼ਨਰ ਆਫ਼ ਪੁਲੀਸ ਕੋਲ ਹਨ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਹ ਅਧਿਕਾਰ ਸਬੰਧਤ ਅਧਿਕਾਰੀਆਂ ਨੂੰ ਨਿੱਜੀ ਤੌਰ 'ਤੇ ਪ੍ਰਾਪਤ ਹਨ ਅਤੇ ਇਨ੍ਹਾਂ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਕਿਸੇ ਹੋਰ ਅਧਿਕਾਰੀ ਜਾਂ ਅਥਾਰਟੀ ਨੂੰ ਸੌਂਪਣ ਦੀ ਕਾਨੂੰਨ ਤਹਿਤ ਕੋਈ ਵਿਵਸਥਾ ਨਹੀਂ ਹੈ।ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅਸਲਾ ਲਾਇਸੈਂਸਾਂ ਨਾਲ ਸਬੰਧਤ ਸਾਰੇ ਅਧਿਕਾਰਾਂ ਦੀ ਵਰਤੋਂ ਜ਼ਿਲ੍ਹਾ ਮੈਜਿਸਟਰੇਟਾਂ ਅਤੇ ਕਮਿਸ਼ਨਰ ਆਫ਼ ਪੁਲੀਸ ਵੱਲੋਂ ਖ਼ੁਦ ਕੀਤੀ ਜਾਣੀ ਲਾਜ਼ਮੀ ਹੋਵੇਗੀ। ਇਨ੍ਹਾਂ ਅਧਿਕਾਰਾਂ ਨੂੰ ਕਿਸੇ ਵੀ ਹਾਲਤ ਵਿੱਚ ਅਧੀਨ ਅਧਿਕਾਰੀਆਂ ਨੂੰ ਅੱਗੇ ਨਹੀਂ ਸੌਂਪਿਆ ਜਾ ਸਕੇਗਾ। ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਅਸਲਾ ਲਾਇਸੈਂਸਾਂ ਦੀ ਪ੍ਰਕਿਰਿਆ ਹੋਰ ਪ੍ਰਭਾਵਿਤ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪਹਿਲਾਂ ਹੀ ਧੀਮੀ ਰਫ਼ਤਾਰ ਨਾਲ ਚੱਲ ਰਹੇ ਇਸ ਕੰਮ ਵਿੱਚ ਹੋਰ ਦੇਰੀ ਹੋ ਸਕਦੀ ਹੈ, ਜਿਸ ਕਾਰਨ ਲਾਇਸੈਂਸ ਬਣਵਾਉਣ, ਨਵੀਨੀਕਰਨ ਕਰਵਾਉਣ ਜਾਂ ਹੋਰ ਕਾਰਵਾਈਆਂ ਦੀ ਉਡੀਕ ਕਰ ਰਹੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ, ਜ਼ਿਲ੍ਹਾ ਮੈਜਿਸਟਰੇਟ ਵਜੋਂ ਡਿਪਟੀ ਕਮਿਸ਼ਨਰਾਂ ਕੋਲ ਪਹਿਲਾਂ ਹੀ ਕਈ ਅਹਿਮ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਹੁੰਦੀਆਂ ਹਨ। ਅਜਿਹੇ ਵਿੱਚ ਅਸਲਾ ਲਾਇਸੈਂਸਾਂ ਨਾਲ ਜੁੜੇ ਸਾਰੇ ਮਾਮਲਿਆਂ ਦਾ ਨਿਪਟਾਰਾ ਖ਼ੁਦ ਉਨ੍ਹਾਂ ਵੱਲੋਂ ਕੀਤੇ ਜਾਣ ਦੀ ਸ਼ਰਤ ਕਾਰਨ ਕੰਮ ਦਾ ਬੋਝ ਵਧ ਸਕਦਾ ਹੈ ਅਤੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਹੋਰ ਉਡੀਕ ਕਰਨੀ ਪੈ ਸਕਦੀ ਹੈ।
Punjab Government Arms License Punjab News Home Affairs Department Arms Act 1959 Arms Rules 2016 Deputy Commissioner District Magistrate Commissioner Of Police Arms License Renewal Punjab Administration