November 19, 2026
ਪੀਪੀਐੱਸਸੀ ਭਰਤੀ ਵਿਵਾਦ ’ਤੇ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਸੁਧਾਂਸ਼ੂ ਤ੍ਰਿਵੇਦੀ ਨੇ ਲਾਏ ਪੱਖਪਾਤ ਦੇ ਦੋਸ਼
Prabhsimran Singh / Punjab
ਪੰਜਾਬ ਵਿੱਚ ਪੀਸੀਐੱਸ ਭਰਤੀ ਪ੍ਰਕਿਰਿਆ ਨੂੰ ਲੈ ਕੇ ਸਿਆਸੀ ਵਿਵਾਦ ਭਖ ਗਿਆ ਹੈ। ਭਾਰਤੀ ਜਨਤਾ ਪਾਰਟੀ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਸਰਕਾਰੀ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨਾਲ ਸਮਝੌਤਾ ਕਰਨ ਦੇ ਦੋਸ਼ ਲਗਾਏ ਹਨ। ਭਾਜਪਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐੱਸਸੀ) ਵੱਲੋਂ ਕੀਤੀ ਗਈ ਚੋਣ ਪ੍ਰਕਿਰਿਆ ਵਿੱਚ ਪੱਖਪਾਤ ਅਤੇ ਸਿਆਸੀ ਪ੍ਰਭਾਵ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਕੌਮੀ ਬੁਲਾਰੇ ਅਤੇ ਰਾਜ ਸਭਾ ਮੈਂਬਰ ਸੁਧਾਂਸ਼ੂ ਤ੍ਰਿਵੇਦੀ ਨੇ ਦੋਸ਼ ਲਾਇਆ ਕਿ ਸ਼ਾਰਟਲਿਸਟ ਕੀਤੇ ਗਏ ਉਮੀਦਵਾਰਾਂ ਵਿੱਚ ਮੰਤਰੀਆਂ, ਸਿਆਸਤਦਾਨਾਂ ਅਤੇ ਸੀਨੀਅਰ ਸਰਕਾਰੀ ਅਧਿਕਾਰੀਆਂ ਦੇ ਰਿਸ਼ਤੇਦਾਰਾਂ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸੂਚੀ ਵਿੱਚ ਅਜਿਹੇ ਲੋਕਾਂ ਦੇ ਰਿਸ਼ਤੇਦਾਰ ਵੀ ਮੌਜੂਦ ਹਨ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਚੰਦਾ ਦਿੱਤਾ ਸੀ।ਤ੍ਰਿਵੇਦੀ ਨੇ ਪੰਜਾਬ ਸਰਕਾਰ ਦੇ ਸਾਫ਼-ਸੁਥਰੇ ਅਤੇ ਪਾਰਦਰਸ਼ੀ ਸ਼ਾਸਨ ਦੇ ਦਾਅਵਿਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਹੈ ਤਾਂ ਸੱਤਾਧਾਰੀ ਧਿਰ ਨਾਲ ਜੁੜੇ ਲੋਕਾਂ ਦੇ ਰਿਸ਼ਤੇਦਾਰ ਵੱਡੀ ਗਿਣਤੀ ਵਿੱਚ ਸ਼ਾਰਟਲਿਸਟ ਕਿਵੇਂ ਹੋਏ? ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਸਿਰਫ਼ ਇਤਫ਼ਾਕ ਹੈ ਜਾਂ ਫਿਰ ਇਸ ਪਿੱਛੇ ਕੋਈ ਯੋਜਨਾਬੱਧ ਪ੍ਰਕਿਰਿਆ ਕੰਮ ਕਰ ਰਹੀ ਹੈ, ਜਿਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਦੱਸਣਯੋਗ ਹੈ ਕਿ ਪੀਪੀਐੱਸਸੀ ਵੱਲੋਂ 4 ਨਵੰਬਰ ਨੂੰ ਪੀਸੀਐੱਸ ਮੇਨਜ਼ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ ਸਨ। ਇਸ ਪ੍ਰੀਖਿਆ ਰਾਹੀਂ 331 ਅਸਾਮੀਆਂ ਲਈ ਕੁੱਲ 751 ਉਮੀਦਵਾਰਾਂ ਨੂੰ ਇੰਟਰਵਿਊ ਵਾਸਤੇ ਸ਼ਾਰਟਲਿਸਟ ਕੀਤਾ ਗਿਆ ਹੈ। ਹਾਲਾਂਕਿ, ਨਤੀਜਿਆਂ ਦੇ ਐਲਾਨ ਤੋਂ ਬਾਅਦ ਹੀ ਕੁਝ ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਨੂੰ ਲੈ ਕੇ ਕਈ ਤਰ੍ਹਾਂ ਦੇ ਇਤਰਾਜ਼ ਉਠਾਏ ਜਾ ਰਹੇ ਹਨ।ਉਮੀਦਵਾਰਾਂ ਨੇ ਸ਼ਾਰਟਲਿਸਟ ਕੀਤੇ ਗਏ ਪ੍ਰੀਖਿਆਰਥੀਆਂ ਦੇ ਲਗਾਤਾਰ ਰੋਲ ਨੰਬਰਾਂ ਦੇ ਸਮੂਹਾਂ ਵਿੱਚੋਂ ਚੋਣ ਹੋਣ, ਕੁਝ ਖਾਸ ਪ੍ਰੀਖਿਆ ਕੇਂਦਰਾਂ ਅਤੇ ਕਮਰਿਆਂ ਵਿੱਚੋਂ ਉਮੀਦਵਾਰਾਂ ਦੀ ਅਨੁਪਾਤ ਤੋਂ ਵੱਧ ਚੋਣ ਹੋਣ ਅਤੇ ਪੰਜਾਬੀ ਭਾਸ਼ਾ ਦੀ ਯੋਗਤਾ ਸਬੰਧੀ ਸ਼ਰਤਾਂ ਵਿੱਚ ਕਥਿਤ ਤਬਦੀਲੀਆਂ ਨੂੰ ਲੈ ਕੇ ਚਿੰਤਾ ਜਤਾਈ ਹੈ। ਇਨ੍ਹਾਂ ਇਤਰਾਜ਼ਾਂ ਦਾ ਹਵਾਲਾ ਦਿੰਦਿਆਂ ਸੁਧਾਂਸ਼ੂ ਤ੍ਰਿਵੇਦੀ ਨੇ ਭਰਤੀ ਪ੍ਰਕਿਰਿਆ ਦੀ ਨਿਰਪੱਖਤਾ ’ਤੇ ਸਵਾਲ ਚੁੱਕੇ ਅਤੇ ਪੰਜਾਬ ਸਰਕਾਰ ਤੋਂ ਪੂਰੇ ਮਾਮਲੇ ਬਾਰੇ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ। ਉਨ੍ਹਾਂ ਇਹ ਵੀ ਸਵਾਲ ਉਠਾਇਆ ਕਿ ਸ਼ਾਰਟਲਿਸਟ ਕੀਤੇ ਗਏ ਉਮੀਦਵਾਰਾਂ ਦੇ ਰੋਲ ਨੰਬਰਾਂ ਦੇ ਨਾਲ ਉਨ੍ਹਾਂ ਦੇ ਨਾਮ ਜਨਤਕ ਕਿਉਂ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਨਾਮ ਨਸ਼ਰ ਨਾ ਹੋਣ ਕਾਰਨ ਉਮੀਦਵਾਰਾਂ ਦੇ ਪਿਛੋਕੜ ਦੀ ਜਾਂਚ ਕਰਨਾ ਹੋਰ ਵੀ ਮੁਸ਼ਕਲ ਹੋ ਗਿਆ ਹੈ।ਇਸ ਦੌਰਾਨ ਤ੍ਰਿਵੇਦੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੀਸੀਐੱਸ ਭਰਤੀ ਪ੍ਰਕਿਰਿਆ ’ਤੇ ਲਗਾਈ ਗਈ ਰੋਕ ਬਾਰੇ ਵੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਸਾਹਮਣੇ ਆ ਰਹੀ ਜਾਣਕਾਰੀ ਸਹੀ ਹੈ ਤਾਂ ਇਹ ਮਾਮਲੇ ਵਿੱਚ ਉਠਾਏ ਜਾ ਰਹੇ ਸਵਾਲਾਂ ਦੀ ਗੰਭੀਰਤਾ ਨੂੰ ਹੋਰ ਵਧਾਉਂਦੀ ਹੈ। ਅਦਾਲਤ ਵੱਲੋਂ ਭਰਤੀ ਪ੍ਰਕਿਰਿਆ ’ਤੇ ਰੋਕ ਲਗਾਈ ਜਾ ਚੁੱਕੀ ਹੈ ਅਤੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ।
Punjab Pcs Recruitment Ppsc Bjp Sudhanshu Trivedi Aam Aadmi Party Punjab Government Punjab Politics Recruitment Controversy Punjab And Haryana High Court Pcs Mains Result Government Jobs Recruitment Transparency