November 24, 2026
2027 ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਤੇ ਅਕਾਲੀ ਦਲ ਵਿਚਾਲੇ ਮੁੜ ਹੋਵੇਗਾ ਗੱਠਜੋੜ, ਅੱਜ ਦਿੱਲੀ ’ਚ ਹੋਵੇਗਾ ਐਲਾਨ
Prabhsimran Singh / Delhi
ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਮਹੀਨਿਆਂ ਤੋਂ ਚੱਲ ਰਹੀ ਗੱਲਬਾਤ ਤੋਂ ਬਾਅਦ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੜ ਗੱਠਜੋੜ ਕਰਨ ਜਾ ਰਹੇ ਹਨ। ਦੋਵੇਂ ਪਾਰਟੀਆਂ ਵੱਲੋਂ ਅੱਜ ਦਿੱਲੀ ਵਿਖੇ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਆਪਣੇ ਚੋਣ ਗੱਠਜੋੜ ਦਾ ਰਸਮੀ ਐਲਾਨ ਕੀਤਾ ਜਾਵੇਗਾ। ਇਹ ਪ੍ਰੈੱਸ ਕਾਨਫ਼ਰੰਸ ਦੁਪਹਿਰ 1 ਵਜੇ ਹੋਵੇਗੀ, ਜਿਸ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੱਠਜੋੜ ਦਾ ਐਲਾਨ ਕਰਨਗੇ। ਇਸ ਅਹਿਮ ਐਲਾਨ ਦੇ ਮੱਦੇਨਜ਼ਰ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਕੁਮਾਰ ਸਮੇਤ ਪੰਜਾਬ ਭਾਜਪਾ ਦੇ ਸਾਰੇ ਸੀਨੀਅਰ ਆਗੂਆਂ ਨੂੰ ਦਿੱਲੀ ਬੁਲਾਇਆ ਗਿਆ ਹੈ। ਇਹ ਸਾਰੇ ਆਗੂ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ।ਜ਼ਿਕਰਯੋਗ ਹੈ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਲੰਬੇ ਸਮੇਂ ਤੱਕ ਪੰਜਾਬ ਵਿੱਚ ਸਿਆਸੀ ਸਹਿਯੋਗੀ ਰਹੇ ਹਨ। ਹਾਲਾਂਕਿ, ਸਤੰਬਰ 2020 ਵਿੱਚ ਤਿੰਨ ਵਿਵਾਦਪੂਰਨ ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੇ ਸਿਖ਼ਰ ਦੌਰਾਨ ਦੋਵਾਂ ਪਾਰਟੀਆਂ ਨੇ ਆਪਣਾ ਗੱਠਜੋੜ ਤੋੜ ਦਿੱਤਾ ਸੀ। ਇਸ ਤੋਂ ਬਾਅਦ ਦੋਵੇਂ ਪਾਰਟੀਆਂ ਵਿਚਾਲੇ ਮੁੜ ਸਿਆਸੀ ਨੇੜਤਾ ਵਧਣ ਲੱਗੀ ਅਤੇ ਪਿਛਲੇ ਕਈ ਮਹੀਨਿਆਂ ਤੋਂ ਗੱਠਜੋੜ ਨੂੰ ਲੈ ਕੇ ਗੱਲਬਾਤ ਚੱਲ ਰਹੀ ਸੀ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਵੀ ਪੰਜਾਬ ਵਿੱਚ ਐੱਨਡੀਏ ਦੀ ਸਰਕਾਰ ਬਣਨ ਦਾ ਬਿਆਨ ਦੇ ਕੇ ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਹੋਣ ਦੇ ਸੰਕੇਤ ਦਿੱਤੇ ਗਏ ਸਨ। ਹੁਣ ਇਸ ਗੱਠਜੋੜ ਦੇ ਰਸਮੀ ਐਲਾਨ ਨਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਦੀ ਸਿਆਸਤ ਵਿੱਚ ਨਵਾਂ ਸਮੀਕਰਨ ਬਣਨ ਦੀ ਸੰਭਾਵਨਾ ਹੈ।ਖਾਸ ਗੱਲ ਇਹ ਹੈ ਕਿ ਗੱਠਜੋੜ ਦੇ ਐਲਾਨ ਲਈ ਅੱਜ ਦਾ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਨਾਲ ਜੋੜਿਆ ਗਿਆ ਹੈ। ‘ਦਿ ਟ੍ਰਿਬਿਊਨ’ ਸਮੂਹ ਵੱਲੋਂ ਪਹਿਲਾਂ ਵੀ ਰਿਪੋਰਟ ਕੀਤਾ ਗਿਆ ਸੀ ਕਿ ਦੋਵੇਂ ਸਹਿਯੋਗੀ ਪਾਰਟੀਆਂ ਨਵੰਬਰ ਮਹੀਨੇ ਦੌਰਾਨ ਗੱਠਜੋੜ ਦੇ ਐਲਾਨ ਦੀਆਂ ਸੰਭਾਵਨਾਵਾਂ ਤਲਾਸ਼ ਰਹੀਆਂ ਹਨ।
Bjp Shiromani Akali Dal Punjab Politics Punjab Elections 2027 Sukhbir Singh Badal Nitin Nabin Sunil Jakhar Kewal Singh Dhillon Political Alliance Nda Punjab News Sad Bjp Alliance