November 24, 2026
ਪੰਜਾਬ ਵਿੱਚ ਅਕਾਲੀ ਦਲ ਤੇ ਭਾਜਪਾ ਦਾ ਮੁੜ ਗੱਠਜੋੜ, ਅਮਿਤ ਸ਼ਾਹ ਨੇ ਕੀਤਾ ਐਲਾਨ; ਅਕਾਲੀ ਦਲ ਤੋਂ ਹੀ ਹੋਵੇਗਾ ਮੁੱਖ ਮੰਤਰੀ ਦਾ ਚਿਹਰਾ
Prabhsimran Singh / Delhi
ਪੰਜਾਬ ਦੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਸਾਹਮਣੇ ਆਇਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਕਰੀਬ 6 ਸਾਲਾਂ ਬਾਅਦ ਮੁੜ ਗੱਠਜੋੜ ਕਰਨ ਦਾ ਰਸਮੀ ਐਲਾਨ ਕਰ ਦਿੱਤਾ ਹੈ। ਨਵੀਂ ਦਿੱਲੀ ਵਿਖੇ ਹੋਈ ਪ੍ਰੈੱਸ ਕਾਨਫ਼ਰੰਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਾਂਝ ਦਾ ਐਲਾਨ ਕੀਤਾ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਸਮੇਤ ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂ ਮੌਜੂਦ ਰਹੇ।ਗੱਠਜੋੜ ਦੇ ਐਲਾਨ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ। ਆਗਾਮੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਵੱਡਾ ਭਰਾ ਹੀ ਮੁੱਖ ਮੰਤਰੀ ਦਾ ਚਿਹਰਾ ਹੁੰਦਾ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਸੰਕੇਤ ਮਿਲਦਾ ਹੈ ਕਿ ਗੱਠਜੋੜ ਵਿੱਚ ਅਕਾਲੀ ਦਲ ਦੀ ਅਗਵਾਈ ਵਾਲੀ ਭੂਮਿਕਾ ਰਹੇਗੀ। ਸ਼ਾਹ ਨੇ ਕਿਹਾ ਕਿ ਅਕਾਲੀ ਦਲ ਦੇ ਮੁੜ ਗੱਠਜੋੜ ਵਿੱਚ ਸ਼ਾਮਲ ਹੋਣ ਨਾਲ ਕਿਸਾਨਾਂ ਦੇ ਮੁੱਦਿਆਂ ਨੂੰ ਹੱਲ ਕਰਨ ਅਤੇ ਹਿੰਦੂ-ਸਿੱਖ ਏਕਤਾ ਨੂੰ ਹੋਰ ਮਜ਼ਬੂਤ ਕਰਨ ਦੇ ਯਤਨਾਂ ਨੂੰ ਬਲ ਮਿਲੇਗਾ।ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਹੋਈ ਸਾਂਝ ਨੂੰ ਮਹਿਜ਼ ਸਿਆਸੀ ਸਮਝੌਤਾ ਨਾ ਦੱਸਦਿਆਂ 'ਨਹੁੰ-ਮਾਸ ਦਾ ਰਿਸ਼ਤਾ' ਕਰਾਰ ਦਿੱਤਾ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਗੱਠਜੋੜ ਸਿੱਖ ਕੌਮ ਅਤੇ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਸਾਂਝ ਨਾਲ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਏਕਤਾ ਨੂੰ ਮਜ਼ਬੂਤੀ ਮਿਲੀ ਹੈ। ਸੁਖਬੀਰ ਬਾਦਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ 106 ਸਾਲ ਪੁਰਾਣੀ ਜਥੇਬੰਦੀ ਹੈ ਅਤੇ ਇਸ ਨੇ ਦੇਸ਼, ਪੰਜਾਬ ਤੇ ਸਿੱਖ ਕੌਮ ਦੇ ਮਸਲਿਆਂ ਅਤੇ ਸੰਘਰਸ਼ਾਂ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਉਮੀਦ ਜਤਾਈ ਕਿ ਮੁੜ ਹੋਇਆ ਇਹ ਗੱਠਜੋੜ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਨਵਾਂ ਰਾਹ ਖੋਲ੍ਹੇਗਾ।ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਵੀ ਇਸ ਗੱਠਜੋੜ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਹਿੰਦੂ-ਸਿੱਖ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸੁਭਾਵਿਕ ਗੱਠਜੋੜ ਦੱਸਿਆ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਸਾਲ 2020 ਵਿੱਚ ਅਕਾਲੀ ਦਲ ਅਤੇ ਭਾਜਪਾ ਦਾ ਦਹਾਕਿਆਂ ਪੁਰਾਣਾ ਗੱਠਜੋੜ ਟੁੱਟ ਗਿਆ ਸੀ। ਹੁਣ ਕਰੀਬ 6 ਸਾਲਾਂ ਬਾਅਦ ਦੋਵਾਂ ਪਾਰਟੀਆਂ ਨੇ ਮੁੜ ਹੱਥ ਮਿਲਾ ਲਿਆ ਹੈ।
Sad Bjp Alliance Punjab Politics Sukhbir Singh Badal Amit Shah Nitin Nabin Punjab Elections 2027