November 25, 2026
ਪੰਜਾਬ ਸਰਕਾਰ ਨੇ ਗੰਨੇ ਦਾ ਭਾਅ ਵਧਾ ਕੇ ਕੀਤਾ 431 ਰੁਪਏ ਪ੍ਰਤੀ ਕੁਇੰਟਲ, ਦੇਸ਼ ਵਿੱਚ ਸਭ ਤੋਂ ਵੱਧ ਕੀਮਤ; 25 ਨਵੰਬਰ ਤੋਂ ਸ਼ੁਰੂ ਹੋਣਗੀਆਂ
Prabhsimran Singh / Chandigarh
25 ਨਵੰਬਰ ਪੰਜਾਬ ਦੇ ਗੰਨਾ ਕਾਸ਼ਤਕਾਰ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮੁਤਾਬਕ ਇਹ ਪੂਰੇ ਦੇਸ਼ ਵਿੱਚ ਗੰਨੇ ਦੀ ਸਭ ਤੋਂ ਵੱਧ ਕੀਮਤ ਹੈ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਭਰ ਦੀਆਂ ਖੰਡ ਮਿੱਲਾਂ 25 ਨਵੰਬਰ, 2026 ਤੋਂ ਆਪਣਾ ਕੰਮਕਾਜ ਸ਼ੁਰੂ ਕਰ ਦੇਣਗੀਆਂ। ਇੱਥੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੰਨੇ ਦੇ ਭਾਅ ਵਿੱਚ ਕੀਤਾ ਗਿਆ ਇਹ ਵਾਧਾ ਕਿਸਾਨ ਭਾਈਚਾਰੇ ਦੀ ਭਲਾਈ ਅਤੇ ਆਰਥਿਕ ਖ਼ੁਸ਼ਹਾਲੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਸੂਬੇ ਦੇ ਹਜ਼ਾਰਾਂ ਗੰਨਾ ਕਾਸ਼ਤਕਾਰ ਕਿਸਾਨਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ। ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' ਉੱਤੇ ਜਾਣਕਾਰੀ ਸਾਂਝੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਇਹ ਵੱਡੀ ਖ਼ੁਸ਼ਖ਼ਬਰੀ ਹੈ। ਉਨ੍ਹਾਂ ਦੱਸਿਆ ਕਿ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਸੂਬੇ ਦੀਆਂ ਸਾਰੀਆਂ ਖੰਡ ਮਿੱਲਾਂ 25 ਨਵੰਬਰ ਤੋਂ ਕੰਮ ਸ਼ੁਰੂ ਕਰਨਗੀਆਂ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਦੇਸ਼ ਦਾ ਢਿੱਡ ਭਰਨ ਦੇ ਨਾਲ-ਨਾਲ ਮੁਲਕ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਦੇ ਹਨ। ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਪੂਰਾ ਮੁੱਲ ਮਿਲੇ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਪੰਜਾਬ ਦੀ ਸਮੁੱਚੀ ਤਰੱਕੀ ਤੇ ਆਰਥਿਕ ਖ਼ੁਸ਼ਹਾਲੀ ਲਈ ਕਿਸਾਨਾਂ ਦਾ ਖ਼ੁਸ਼ਹਾਲ ਹੋਣਾ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ, ਉਨ੍ਹਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ਅਤੇ ਫ਼ਸਲਾਂ ਦਾ ਲਾਹੇਵੰਦ ਭਾਅ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਮੁਤਾਬਕ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਪੂਰਾ ਬਣਦਾ ਮੁੱਲ ਦਿਵਾਉਣ ਲਈ ਲਗਾਤਾਰ ਕਿਸਾਨ-ਪੱਖੀ ਫ਼ੈਸਲੇ ਲੈ ਰਹੀ ਹੈ। ਖੰਡ ਮਿੱਲਾਂ ਦੇ 25 ਨਵੰਬਰ ਤੋਂ ਸ਼ੁਰੂ ਹੋਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਗੰਨਾ ਉਤਪਾਦਕ ਕਿਸਾਨ ਆਪਣੀ ਫ਼ਸਲ ਸਮੇਂ ਸਿਰ ਅਤੇ ਸੁਖਾਲੇ ਢੰਗ ਨਾਲ ਮਿੱਲਾਂ ਤੱਕ ਪਹੁੰਚਾ ਸਕਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨਾ ਅਤੇ ਕਿਸਾਨ ਭਾਈਚਾਰੇ ਦਾ ਭਵਿੱਖ ਸੁਰੱਖਿਅਤ ਕਰਨਾ ਹੈ। ਖੇਤੀਬਾੜੀ ਖੇਤਰ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਖੇਤੀ ਉਪਜ ਦਾ ਲਾਹੇਵੰਦ ਭਾਅ ਦੇਣਾ ਅਤੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।
Bhagwant Mann Punjab Government Sugarcane Price Sugarcane Farmers Sugar Mills Sugarcane Crushing Season 2026 27 Punjab Farmers Agriculture News Punjab News Farmers Welfare