June 16, 2026
Dharaledar Bureau / Sangrur
ਸੰਗਰੂਰ, 16 ਜੂਨ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਯੋਜਨਾ ਰਾਹੀਂ ਯੋਗ ਮਹਿਲਾਵਾਂ ਨੂੰ ਮਾਸਿਕ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਦਾ ਉਦੇਸ਼ ਰੱਖਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਪ੍ਰਦੀਪ ਸਿੰਘ ਗਿੱਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸੰਗਰੂਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਚਲਾਈ ਜਾ ਰਹੀ ਇਸ ਮਹੱਤਵਪੂਰਨ ਯੋਜਨਾ ਅਧੀਨ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਨੂੰ ਮਾਸਿਕ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਮ ਵਰਗ ਨਾਲ ਸਬੰਧਤ ਯੋਗ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੀ ਸਹਾਇਤਾ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ ਭੇਜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਅਰਜ਼ੀਕਾਰ ਮਹਿਲਾ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ, 18 ਸਾਲ ਜਾਂ ਇਸ ਤੋਂ ਵੱਧ ਉਮਰ ਦੀ ਹੋਣਾ, ਵੋਟਰ ਸੂਚੀ ਵਿੱਚ ਨਾਮ ਦਰਜ ਹੋਣਾ ਅਤੇ ਆਧਾਰ ਕਾਰਡ ਨਾਲ ਬੈਂਕ ਖਾਤਾ ਲਿੰਕ ਹੋਣਾ ਲਾਜ਼ਮੀ ਹੈ। ਰਜਿਸਟ੍ਰੇਸ਼ਨ ਲਈ ਆਧਾਰ ਕਾਰਡ, ਵੋਟਰ ਕਾਰਡ, ਬੈਂਕ ਪਾਸਬੁੱਕ, ਮੋਬਾਈਲ ਨੰਬਰ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ। ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ ਆਪਣਾ ਜਾਤੀ ਸਰਟੀਫਿਕੇਟ ਵੀ ਪੇਸ਼ ਕਰਨਾ ਹੋਵੇਗਾ। ਸ਼੍ਰੀ ਪ੍ਰਦੀਪ ਸਿੰਘ ਗਿੱਲ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਹਲਕਾ ਸੰਗਰੂਰ ਦੇ ਸਮੂਹ ਆਂਗਣਵਾੜੀ ਕੇਂਦਰਾਂ ਰਾਹੀਂ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਯੋਜਨਾ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਮਹਿਲਾਵਾਂ ਦੀ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ। ਉਨ੍ਹਾਂ ਸਮੂਹ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕੀ ਆਂਗਣਵਾੜੀ ਕੇਂਦਰ ਨਾਲ ਸੰਪਰਕ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਪੰਜਾਬ ਸਰਕਾਰ ਦੀ ਇਸ ਲੋਕ-ਭਲਾਈ ਯੋਜਨਾ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।
Bhagwant Mann Scheme