July 28, 2026
Dharaledar Bureau / Punjab
ਸੁਨਾਮ, 28 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਮਹਾਨ ਸੁਤੰਤਰਤਾ ਸੈਨਾਨੀ ਅਤੇ ਅਮਰ ਸ਼ਹੀਦ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸ਼ਹੀਦੀ ਸਮਾਗਮ 31 ਜੁਲਾਈ ਨੂੰ ਸੁਨਾਮ ਦੀ ਅਨਾਜ ਮੰਡੀ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਮਾਗਮ ਇਤਿਹਾਸਕ ਅਤੇ ਯਾਦਗਾਰੀ ਹੋਵੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਇਸ ਰਾਜ ਪੱਧਰੀ ਸਮਾਗਮ ਦੀ ਅਗਵਾਈ ਕਰਨਗੇ। ਉਨ੍ਹਾਂ ਦੇ ਨਾਲ ਪੰਜਾਬ ਮੰਤਰੀ ਮੰਡਲ ਦੇ ਮੈਂਬਰ, ਵਿਧਾਇਕ, ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਆਗੂ ਵੀ ਹਾਜ਼ਰ ਰਹਿਣਗੇ। ਇਸ ਮੌਕੇ ਪੰਜਾਬ ਦੇ ਹਰ ਵਰਗ ਨਾਲ ਸਬੰਧਤ ਹਜ਼ਾਰਾਂ ਲੋਕ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸੁਨਾਮ ਪਹੁੰਚਣਗੇ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਜੀਵਨ ਦੇਸ਼ਭਗਤੀ, ਬਹਾਦਰੀ ਅਤੇ ਕੁਰਬਾਨੀ ਦੀ ਅਦੁੱਤੀ ਮਿਸਾਲ ਹੈ। ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦਾ ਬਦਲਾ ਲੈ ਕੇ ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ, ਉਹ ਅਜਿਹੇ ਮਹਾਨ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਦਾ ਹੀ ਨਤੀਜਾ ਹੈ। ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਮਹਾਨ ਸ਼ਹੀਦਾਂ ਦੇ ਇਤਿਹਾਸ ਅਤੇ ਆਦਰਸ਼ਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਜੀ ਦੇ ਨਾਮ 'ਤੇ ਵਿਸ਼ਵ ਪੱਧਰੀ ਸਕਿੱਲ ਯੂਨੀਵਰਸਿਟੀ ਸਥਾਪਤ ਕਰਨ ਦਾ ਸੁਪਨਾ ਹੁਣ ਹਕੀਕਤ ਦਾ ਰੂਪ ਧਾਰ ਰਿਹਾ ਹੈ। ਕਪੂਰਥਲਾ ਵਿਖੇ 32 ਏਕੜ ਰਕਬੇ ਵਿੱਚ ਲਗਭਗ ਰੁਪਏ 500 ਕਰੋੜ ਦੀ ਲਾਗਤ ਨਾਲ ਉਸਾਰੀ ਅਧੀਨ ਸ਼ਹੀਦ ਊਧਮ ਸਿੰਘ ਸਕਿੱਲ ਯੂਨੀਵਰਸਿਟੀ ਦਾ ਨਿਰਮਾਣ ਕੰਮ ਤੇਜ਼ੀ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਪੰਜਾਬ ਨੂੰ ਹੁਨਰ ਵਿਕਾਸ ਦੇ ਖੇਤਰ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ 31 ਜੁਲਾਈ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਇਸ ਯੂਨੀਵਰਸਿਟੀ ਲਈ ਚਾਰ ਨਾਮਵਰ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਨਾਲ ਸਮਝੌਤੇ (ਐੱਮ.ਓ.ਯੂ.) 'ਤੇ ਦਸਤਖ਼ਤ ਕੀਤੇ ਜਾਣਗੇ। ਇਨ੍ਹਾਂ ਸਮਝੌਤਿਆਂ ਨਾਲ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਮਿਆਰ ਦੀ ਸਿੱਖਿਆ, ਖੋਜ, ਫੈਕਲਟੀ ਐਕਸਚੇਂਜ, ਆਧੁਨਿਕ ਤਕਨੀਕੀ ਸਿਖਲਾਈ ਅਤੇ ਵਿਦੇਸ਼ੀ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਾਪਤ ਹੋਣਗੇ। ਇਸ ਨਾਲ ਪੰਜਾਬ ਦੇ ਨੌਜਵਾਨ ਵਿਸ਼ਵ ਪੱਧਰ 'ਤੇ ਆਪਣੀ ਪ੍ਰਤਿਭਾ ਅਤੇ ਹੁਨਰ ਦਾ ਲੋਹਾ ਮਨਵਾਉਣ ਦੇ ਯੋਗ ਬਣਨਗੇ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਯੋਗਤਾ ਅਨੁਸਾਰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸੇ ਉਦੇਸ਼ ਨਾਲ ਉਦਯੋਗ ਅਤੇ ਵਣਜ ਵਿਭਾਗ ਅਤੇ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਾਂਝੇ ਉਪਰਾਲੇ ਨਾਲ ਕਲੱਸਟਰ ਆਧਾਰਿਤ ਮੈਗਾ ਰੁਜ਼ਗਾਰ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ ਹੈ।
dailydharaledar punjabnews punjabinews breakingnews latestnews punjab newsupdate todaynews indianews livenews dailyupdates punjabikhabran