August 27, 2026
Dharaledar Bureau / Punjab
ਪਟਿਆਲਾ 26 ਅਗਸਤ 2026 ਪੰਜਾਬ ਅੰਦਰ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੇ ਹੱਕਾਂ ਲਈ ਚਲਾਏ ਜਾ ਰਹੇ ਅੰਦੋਲਨ ਦਾ ਪੂਰਨ ਸਮਰਥਨ ਕਰਦਿਆਂ ਸਾਬਕਾ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਅਤੇ ਭਾਜਪਾ ਸੂਬਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਦਾ ਬਿਨਾਂ ਕਿਸੇ ਦੇਰੀ ਤੁਰੰਤ ਨਿਪਟਾਰਾ ਕੀਤਾ ਜਾਵੇ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸਾਬਕਾ ਸੰਸਦ ਪ੍ਰਨੀਤ ਕੌਰ ਨੇ ਕਿਹਾ ਕਿ ਮਾਨਯੋਗ ਹਾਈ ਕੋਰਟ ਨੇ ਪਿਛਲੇ ਦਿਨੀਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ 18 ਫੀਸਦੀ ਡੀ.ਏ. ਦੇਣ ਦਾ ਇਤਿਹਾਸਕ ਫੈਸਲਾ ਸੁਣਾਉਂਦਿਆਂ ਇਸ ਨੂੰ 15 ਦਿਨਾਂ ਦੇ ਅੰਦਰ ਲਾਗੂ ਕਰਨ ਦੀ ਹਦਾਇਤ ਕੀਤੀ ਸੀ। ਪਰੰਤੂ ਬੜੀ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡੀ.ਏ. ਦੇਣ ਦਾ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇਸ਼ ਦੀ ਇੱਕੋ-ਇੱਕ ਅਜਿਹੀ ਰਾਜ ਸਰਕਾਰ ਹੈ ਜਿੱਥੇ ਮੁਲਾਜ਼ਮਾਂ ਨੂੰ ਮਹਿਜ਼ 42% ਡੀ.ਏ. ਮਿਲ ਰਿਹਾ ਹੈ, ਜਦਕਿ ਕੇਂਦਰੀ ਮੁਲਾਜ਼ਮਾਂ ਦਾ ਡੀ.ਏ. ਵਧ ਕੇ 60% ਹੋ ਚੁੱਕਾ ਹੈ। ਅੱਗੇ ਭਾਜਪਾ ਸੂਬਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਵੱਡਾ ਵਾਅਦਾ ਕਰਕੇ ਮੁੱਕਰ ਚੁੱਕੀ ਹੈ। ਅੱਜ ਤੱਕ ਸਟੇਟ ਅੰਦਰ ਪੁਰਾਣੀ ਪੈਨਸ਼ਨ ਲਾਗੂ ਨਹੀਂ ਕੀਤੀ ਗਈ। ਉਨ੍ਹਾਂ ਬਜ਼ੁਰਗ ਪੈਨਸ਼ਨਰਾਂ ਦੇ ਹੱਕਾਂ ਦੀ ਵਕਾਲਤ ਕਰਦਿਆਂ ਕਿਹਾ ਕਿ ਸਰਕਾਰ ਛੇਵੇਂ ਪੇ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਪੈਨਸ਼ਨਰਾਂ ਨੂੰ 2.59 ਦੇ ਗੁਣਾਂਕ ਦੇ ਹਿਸਾਬ ਨਾਲ ਪੈਨਸ਼ਨ ਦੇਣਾ ਤੁਰੰਤ ਯਕੀਨੀ ਬਣਾਵੇ। ਠੇਕਾ ਮੁਲਾਜ਼ਮਾਂ ਦੇ ਭਵਿੱਖ 'ਤੇ ਚਿੰਤਾ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਵਿੱਚ ਲੱਖਾਂ ਮੁਲਾਜ਼ਮ ਅੱਜ ਵੀ ਠੇਕੇਦਾਰੀ ਸਿਸਟਮ ਅਧੀਨ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ ਅਤੇ ਸਰਕਾਰ ਉਨ੍ਹਾਂ ਨੂੰ ਪੱਕੇ ਕਰਨ ਲਈ ਕੋਈ ਠੋਸ ਨੀਤੀ ਬਣਾਉਣ ਵਿੱਚ ਨਾਕਾਮ ਰਹੀ ਹੈ। ਸਾਬਕਾ ਸੰਸਦ ਪ੍ਰਨੀਤ ਕੌਰ ਨੇ ਸਰਕਾਰ ਨੂੰ ਸੂਬੇ ਸਿਰ ਚੜ੍ਹੇ ਕਰਜ਼ੇ ਲਈ ਸਿੱਧੇ ਤੌਰ 'ਤੇ ਦੋਸ਼ੀ ਠਹਿਰਾਉਂਦਿਆਂ ਕਿਹਾ ਕਿ 'ਆਪ' ਸਰਕਾਰ ਪੰਜਾਬ ਲਈ ਕੋਈ ਸਾਰਥਕ ਰੈਵਿਨਿਊ ਪਾਲਿਸੀ (ਸਰੋਤ ਵਧਾਉਣ ਦੀ ਨੀਤੀ) ਤਿਆਰ ਨਹੀਂ ਕਰ ਸਕੀ। ਇਸ ਦੇ ਉਲਟ ਆਪਣੇ ਸਿਆਸੀ ਹਿੱਤਾਂ ਲਈ ਪੰਜਾਬ ਦੇ ਸਰਕਾਰੀ ਖਜ਼ਾਨੇ ਦੀ ਬੇਦਰਦੀ ਨਾਲ ਬਰਬਾਦੀ ਕੀਤੀ ਜਾ ਰਹੀ ਹੈ। ਅੰਤ ਵਿੱਚ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਭਾਜਪਾ ਸੂਬਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਸਪੱਸ਼ਟ ਕੀਤਾ ਕਿ ਉਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਇਸ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਚਟਾਨ ਵਾਂਗ ਡਟ ਕੇ ਖੜ੍ਹੀਆਂ ਹਨ ਅਤੇ ਉਨ੍ਹਾਂ ਦੇ ਹੱਕਾਂ ਦੀ ਲੜਾਈ ਹਰ ਫੋਰਮ 'ਤੇ ਲੜੀਆਂ ਜਾਣਗੀਆਂ।
Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News