September 11, 2026
ਪੰਜਾਬ ਸਰਕਾਰ ਦੀ ਖੇਡ ਪਹਿਲਕਦਮੀ ਨੂੰ ਸਫਲ ਬਣਾਉਣ ਲਈ ਖੰਨਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼*
Aman Makkar / Ludhiana
ਲੁਧਿਆਣਾ, 11 ਸਤੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਖੰਨਾ ਦੇ ਨਰੇਸ਼ ਚੰਦਰ ਸਟੇਡੀਅਮ, ਖੰਨਾ ਵਿਖੇ 12 ਤੋਂ 14 ਸਤੰਬਰ, 2026 ਤੱਕ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਅੱਜ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ) ਖੰਨਾ ਸ੍ਰੀਮਤੀ ਸਵਾਤੀ ਟਿਵਾਣਾ ਨੇ ਏ.ਐਸ ਮਾਡਰਨ ਸਕੂਲ (ਪ੍ਰਾਈਮਰੀ ਵਿੰਗ), ਖੰਨਾ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਖੇਡ ਸੰਗਠਨਾਂ, ਕਾਲਜਾਂ ਅਤੇ ਸਕੂਲਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਚੌਥੇ ਸੀਜ਼ਨ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਐਸ.ਡੀ.ਐਮ ਸਵਾਤੀ ਟਿਵਾਣਾ ਨੇ ਦੱਸਿਆ ਕਿ ਨਰੇਸ਼ ਚੰਦਰ ਸਟੇਡੀਅਮ, ਖੰਨਾ ਵਿਖੇ 12 ਤੋਂ 14 ਸਤੰਬਰ, 2026 ਤੱਕ ਅੱਠ ਖੇਡਾਂ ਜਿਨ੍ਹਾਂ ਵਿੱਚ ਅਥਲੈਟਿਕਸ, ਫੁੱਟਬਾਲ, ਕਬੱਡੀ ਨੈਸ਼ਨਲ, ਕਬੱਡੀ ਸਰਕਲ, ਖੋਹ-ਖੋਹ, ਮੈਨ ਟੈਨਿਸ ਬਾਲ ਕ੍ਰਿਕਟ, ਵਾਲੀਬਾਲ ਸਮੈਸ਼ਿੰਗ ਅਤੇ ਵਾਲੀਬਾਲ ਸ਼ੂਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਵਿੱਚ ਅੰਡਰ-14, ਅੰਡਰ-17, ਅੰਡਰ-21, 21–30, 31–40, 41–50, 51–60, 61–70 ਅਤੇ 70 ਸਾਲ ਤੋਂ ਵੱਧ ਉਮਰ ਵਰਗ ਸ਼ਾਮਲ ਹਨ। ਉਨ੍ਹਾਂ ਸਾਰੇ ਹਿੱਸੇਦਾਰਾਂ ਨੂੰ ਖੇਡ ਵਿਭਾਗ ਨਾਲ ਨਜ਼ਦੀਕੀ ਤਾਲਮੇਲ ਕਰਕੇ ਕੰਮ ਕਰਨ ਅਤੇ ਵਿਦਿਆਰਥੀਆਂ, ਖਿਡਾਰੀਆਂ, ਕਲੱਬਾਂ, ਟੀਮਾਂ ਅਤੇ ਹੋਰ ਯੋਗ ਭਾਗੀਦਾਰਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਦੇ ਨਿਰਦੇਸ਼ ਦਿੱਤੇ। ਐਸ.ਡੀ.ਐਮ ਨੇ ਸਕੂਲ ਸਿੱਖਿਆ, ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਯੁਵਾ ਸੇਵਾਵਾਂ ਵਿਭਾਗਾਂ ਨੂੰ ਖਿਡਾਰੀਆਂ ਅਤੇ ਟੀਮਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਵਿੱਚ ਸਹੂਲਤ ਦੇਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਵਿਭਾਗੀ ਕਰਮਚਾਰੀਆਂ ਨੂੰ ਵੀ ਆਪਣੀ ਰੁਚੀ ਅਨੁਸਾਰ ਖੇਡਾਂ ਵਿੱਚ ਹਿੱਸਾ ਲੈਣ ਅਤੇ ਇਸ ਖੇਡ ਪਹਿਲਕਦਮੀ ਦੇ ਸਰਗਰਮ ਰਾਜਦੂਤ ਬਣਨ ਲਈ ਉਤਸ਼ਾਹਿਤ ਕੀਤਾ ਗਿਆ। ਸਵਾਤੀ ਟਿਵਾਣਾ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਰਜਿਸਟਰ ਕਰਨ ਦੀ ਅਪੀਲ ਕੀਤੀ। ਯੋਗ ਭਾਗੀਦਾਰ ਪੰਜਾਬ ਖੇਡ ਵਿਭਾਗ ਦੇ ਪੋਰਟਲ https://sports.punjab.gov.in ’ਤੇ ਜਾ ਕੇ ਆਨਲਾਈਨ ਸਵੈ-ਰਜਿਸਟ੍ਰੇਸ਼ਨ ਕਰ ਸਕਦੇ ਹਨ। ਇਸ ਤੋਂ ਇਲਾਵਾ ਪ੍ਰਚਾਰ ਸਮੱਗਰੀ ਅਤੇ ਪੋਸਟਰਾਂ ’ਤੇ ਦਿੱਤੇ QR ਕੋਡ ਨੂੰ ਸਕੈਨ ਕਰਕੇ ਵੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਉਹਨਾਂ ਨੇ ਸਾਰੇ ਨੌਜਵਾਨਾਂ ਅਤੇ ਯੋਗ ਭਾਗੀਦਾਰਾਂ ਨੂੰ ਜਲਦ ਤੋਂ ਜਲਦ ਰਜਿਸਟਰ ਕਰਨ ਅਤੇ ਖੇਡ ਮੁਕਾਬਲਿਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ, ਵਿਦਿਅਕ ਸੰਸਥਾਵਾਂ, ਖੇਡ ਕਲੱਬਾਂ ਅਤੇ ਯੁਵਾ ਸੰਗਠਨਾਂ ਦੇ ਸਾਂਝੇ ਯਤਨਾਂ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2026’ ਨੂੰ ਇੱਕ ਵਿਸ਼ਾਲ ਖੇਡ ਲਹਿਰ ਬਣਾਇਆ ਜਾ ਸਕਦਾ ਹੈ।
Kheda Vatan Punjab Dia