October 1, 2026
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ, ਅਕਾਲ ਤਖ਼ਤ ਨੂੰ ਭੇਜੀ ਸੂਚਨਾ
Prabhsimran Singh / Amritsar
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਵੱਲੋਂ ਦਿੱਤੇ ਦੋ ਮਹੀਨੇ ਦੇ ਸਮੇਂ ਦੇ ਆਖਰੀ ਦਿਨ ਪੰਜਾਬ ਸਰਕਾਰ ਨੇ ਸੱਤ ਮੈਂਬਰੀ ਕਮੇਟੀ ਗਠਿਤ ਕਰਨ ਦੀ ਸੂਚਨਾ ਸ੍ਰੀ ਅਕਾਲ ਤਖ਼ਤ ਨੂੰ ਭੇਜ ਦਿੱਤੀ ਹੈ। ਡਿਪਟੀ ਕਮਿਸ਼ਨਰ ਦਫ਼ਤਰ ਦੇ ਨੁਮਾਇੰਦੇ ਵੱਲੋਂ ਵੀ ਅੱਜ ਇਸ ਸਬੰਧੀ ਪੱਤਰ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਸੌਂਪਿਆ ਗਿਆ। ਸੂਬੇ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਪੱਤਰ ਮੁਤਾਬਕ ਕਮੇਟੀ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲੇ, ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸੇਵਾਮੁਕਤ ਪੁਲੀਸ ਅਧਿਕਾਰੀ ਜਤਿੰਦਰ ਸਿੰਘ ਔਲਖ ਅਤੇ ਕਾਨੂੰਨ ਅਧਿਕਾਰੀ ਪ੍ਰੀਤ ਇੰਦਰਪਾਲ ਸਿੰਘ ਸ਼ਾਮਲ ਹਨ। ਹਰਜੀਤ ਸਿੰਘ ਸੰਧੂ ਨੂੰ ਕਮੇਟੀ ਦਾ ਨੋਡਲ ਅਧਿਕਾਰੀ ਬਣਾਇਆ ਗਿਆ ਹੈ। ਇਹ ਕਮੇਟੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਨਾਲ ਤਾਲਮੇਲ ਕਰੇਗੀ ਅਤੇ ਸੋਧ ਐਕਟ ਦੀਆਂ ਇਤਰਾਜ਼ਯੋਗ ਮੱਦਾਂ ਬਾਰੇ ਵਿਚਾਰ-ਵਟਾਂਦਰਾ ਕਰੇਗੀ। ਦੱਸਣਯੋਗ ਹੈ ਕਿ ਅਪ੍ਰੈਲ ਵਿੱਚ ਬਣਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਦੀਆਂ ਕੁਝ ਮੱਦਾਂ ’ਤੇ ਸ਼੍ਰੋਮਣੀ ਕਮੇਟੀ, ਸ੍ਰੀ ਅਕਾਲ ਤਖ਼ਤ ਅਤੇ ਸਿੱਖ ਜਥੇਬੰਦੀਆਂ ਵੱਲੋਂ ਇਤਰਾਜ਼ ਜਤਾਇਆ ਗਿਆ ਸੀ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਵੱਲੋਂ ਸਰਕਾਰ ਨੂੰ ਕਾਨੂੰਨ ਵਿੱਚ ਸੋਧ ਲਈ ਪਹਿਲਾਂ ਇੱਕ ਮਹੀਨੇ ਅਤੇ ਬਾਅਦ ਵਿੱਚ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ। ਹੁਣ ਦੋ ਮਹੀਨੇ ਦੀ ਮਿਆਦ ਖ਼ਤਮ ਹੋਣ ’ਤੇ ਸਰਕਾਰ ਨੇ ਕਮੇਟੀ ਬਣਾਉਣ ਦੀ ਕਾਰਵਾਈ ਕੀਤੀ ਹੈ।
Sri Guru Granth Sahib Satikar Act Punjab Government Sri Akal Takht Sahib Sikh Issues Punjab News Sgpc News Sikh Organizations Punjab Politics Religious Affairs News Punjab Latest News