October 5, 2026
ਬੰਗਾ ’ਚ ਭਿਆਨਕ ਬੱਸ ਹਾਦਸਾ, 3 ਦੀ ਮੌਤ, 17 ਜ਼ਖ਼ਮੀ; ਮ੍ਰਿਤਕਾਂ ’ਚ ਬੱਸ ਦਾ ਕੰਡਕਟਰ ਵੀ ਸ਼ਾਮਲ
Prabhsimran Singh / Banga
ਬੰਗਾ ਵਿੱਚੋਂ ਲੰਘਦੇ ਮੁੱਖ ਮਾਰਗ ’ਤੇ ਫਲਾਈਓਵਰ ਤੋਂ ਉਤਰਦਿਆਂ ਇੱਕ ਨਿੱਜੀ ਕੰਪਨੀ ਦੀ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਭਿਆਨਕ ਹਾਦਸੇ ਵਿੱਚ ਬੱਸ ’ਚ ਸਵਾਰ 3 ਜਣਿਆਂ ਦੀ ਮੌਤ ਹੋ ਗਈ, ਜਦਕਿ 17 ਸਵਾਰੀਆਂ ਜ਼ਖ਼ਮੀ ਹੋ ਗਈਆਂ। ਮ੍ਰਿਤਕਾਂ ਵਿੱਚ ਬੱਸ ਦਾ ਕੰਡਕਟਰ ਵੀ ਸ਼ਾਮਲ ਦੱਸਿਆ ਜਾ ਰਿਹਾ ਹੈ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਬੱਸ ਮਨਾਲੀ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ। ਜਦੋਂ ਬੱਸ ਹਾਦਸੇ ਵਾਲੀ ਥਾਂ ’ਤੇ ਪਹੁੰਚੀ ਤਾਂ ਅਚਾਨਕ ਇਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਸੜਕ ’ਤੇ ਪਲਟ ਗਈ। ਹਾਦਸੇ ਤੋਂ ਬਾਅਦ ਬੱਸ ’ਚ ਸਵਾਰ ਯਾਤਰੀਆਂ ਵਿੱਚ ਚੀਕ-ਚਿਹਾੜਾ ਮਚ ਗਿਆ। ਹਾਦਸੇ ਵਿੱਚ ਜ਼ਖ਼ਮੀ ਹੋਈਆਂ ਸਵਾਰੀਆਂ ਨੂੰ ਤੁਰੰਤ ਨੇੜੇ ਪੈਂਦੇ ਢਾਹਾਂ ਕਲੇਰਾਂ ਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਇਲਾਜ ਲਈ ਪਹੁੰਚਾਇਆ ਗਿਆ। ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਖ਼ਮੀਆਂ ਵਿੱਚੋਂ ਇੱਕ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਹ ਜ਼ਿੰਦਗੀ-ਮੌਤ ਦੀ ਲੜਾਈ ਲੜ ਰਿਹਾ ਹੈ। ਮੁੱਢਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਬੱਸ ਦੇ ਡਰਾਈਵਰ ਨੂੰ ਨੀਂਦ ਦੀ ਝਪਕੀ ਆ ਜਾਣ ਕਾਰਨ ਇਹ ਹਾਦਸਾ ਵਾਪਰਿਆ ਹੋ ਸਕਦਾ ਹੈ। ਹਾਲਾਂਕਿ ਹਾਦਸੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋਵੇਗੀ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਥਾਣੇ ਦੀ ਪੁਲੀਸ ਮੌਕੇ ’ਤੇ ਪਹੁੰਚ ਗਈ ਅਤੇ ਰਾਹਗੀਰਾਂ ਦੀ ਮਦਦ ਨਾਲ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਬੱਸ ਵਿੱਚ ਲਵਲੀ ਯੂਨੀਵਰਸਿਟੀ ਦੇ ਕੁਝ ਵਿਦਿਆਰਥੀ ਵੀ ਸਵਾਰ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਪੁਲੀਸ ਵੱਲੋਂ ਹਾਦਸੇ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Banga Bus Accident Punjab Bus Accident Bus Accident Banga News Punjab News Bus Crash Road Accident Manali Amritsar Bus Lovely Professional University Lpu Students Accident News Breaking News Punjab Accident Latest Punjab News