October 6, 2026
ਪਰਗਟ ਸਿੰਘ ਦੇ Ppcc ਪ੍ਰਧਾਨ ਬਣਦੇ ਹੀ ਦੋਆਬਾ ਬਣਿਆ ਪੰਜਾਬ ਕਾਂਗਰਸ ਦਾ ਸਿਆਸੀ ਧੁਰਾ, 16 ਸਾਲ ਬਾਅਦ ਖੇਤਰ ਨੂੰ ਮਿਲੀ ਕਮਾਨ
Prabhsimran Singh / Jalandhar
ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਬਣਾਏ ਜਾਣ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦਾ ਸਿਆਸੀ ਧੁਰਾ ਦੋਆਬਾ ਖੇਤਰ ਵੱਲ ਖਿਸਕਦਾ ਨਜ਼ਰ ਆ ਰਿਹਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਹੋਈ ਪਰਗਟ ਸਿੰਘ ਦੀ ਨਿਯੁਕਤੀ ਇਸ ਲਈ ਵੀ ਅਹਿਮ ਹੈ ਕਿ ਪਾਰਟੀ ਦੇ ਕਈ ਪ੍ਰਭਾਵਸ਼ਾਲੀ ਆਗੂ ਦੋਆਬੇ ਨਾਲ ਸਬੰਧਤ ਹਨ। ਇਨ੍ਹਾਂ ਵਿੱਚ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸ਼ਾਮਲ ਹਨ। ਦੋਆਬਾ ਖੇਤਰ ਨੂੰ ਕਰੀਬ 16 ਸਾਲ ਬਾਅਦ ਮੁੜ ਪ੍ਰਦੇਸ਼ ਕਾਂਗਰਸ ਦੀ ਕਮਾਨ ਮਿਲੀ ਹੈ। ਇਸ ਤੋਂ ਪਹਿਲਾਂ ਮਹਿੰਦਰ ਸਿੰਘ ਕੇਪੀ ਇਸ ਅਹੁਦੇ ’ਤੇ ਰਹੇ ਸਨ। ਪਰਗਟ ਸਿੰਘ ਦੀ ਨਿਯੁਕਤੀ ਤੋਂ ਬਾਅਦ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਕੋਟਲੀ ਅਤੇ ਯੂਥ ਕਾਂਗਰਸ ਜਲੰਧਰ ਦੇ ਪ੍ਰਧਾਨ ਅੰਗਦ ਦੱਤਾ ਵੀ ਉਨ੍ਹਾਂ ਨਾਲ ਦਿੱਲੀ ਵਿੱਚ ਪਾਰਟੀ ਹਾਈਕਮਾਂਡ ਨਾਲ ਮੁਲਾਕਾਤਾਂ ਕਰ ਰਹੇ ਹਨ। ਪਰਗਟ ਸਿੰਘ 7 ਅਕਤੂਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਜਲੰਧਰ ਪਹੁੰਚਣਗੇ, ਜਿੱਥੇ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਉਹ ਹਾਈਕਮਾਂਡ ਦੇ ਫੈਸਲੇ ਤੋਂ ਸੰਤੁਸ਼ਟ ਹਨ ਅਤੇ ਉਮੀਦ ਹੈ ਕਿ ਪਰਗਟ ਸਿੰਘ ਸਾਰੇ ਆਗੂਆਂ ਨੂੰ ਨਾਲ ਲੈ ਕੇ ਚੱਲਣਗੇ। ਬਾਵਾ ਹੈਨਰੀ ਨੇ ਵੀ ਕਿਹਾ ਕਿ ਹੁਣ ਮਤਭੇਦ ਭੁਲਾ ਕੇ 2027 ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਕੰਮ ਕਰਨ ਦਾ ਸਮਾਂ ਹੈ।
Punjab Congress Pargat Singh Ppcc President Punjab Politics Doaba Politics Raja Warring Charanjit Singh Channi Rana Gurjit Singh Punjab News Congress News 2027 Punjab Elections Jalandhar News