October 6, 2026
ਮਹਿੰਗਾਈ ਭੱਤਾ ਮਾਮਲਾ: ਪੰਜਾਬ ਦੇ ਮੁੱਖ ਸਕੱਤਰ ਨੂੰ ਹਾਈ ਕੋਰਟ ਦਾ ਮਾਣਹਾਨੀ ਨੋਟਿਸ
Prabhsimran Singh / Punjab
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਕਥਿਤ ਤੌਰ ’ਤੇ ਗਲਤ ਤੱਥ ਪੇਸ਼ ਕਰਨ ਨੂੰ ਲੈ ਕੇ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ ਅਦਾਲਤੀ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਪੁੱਛਿਆ ਹੈ ਕਿ ਉਨ੍ਹਾਂ ਖ਼ਿਲਾਫ਼ ਕ੍ਰਿਮਿਨਲ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ। ਮੁੱਖ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਡਿਵੀਜ਼ਨ ਬੈਂਚ ਨੇ ਸੁਪਰੀਮ ਕੋਰਟ ਦੀ ਰਜਿਸਟਰੀ ਤੋਂ ਮਿਲੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਿਛਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਗਲਤ ਬਿਆਨ ਦਿੱਤਾ ਗਿਆ ਸੀ। ਮੁੱਖ ਸਕੱਤਰ ਨੂੰ ਸ਼ੁੱਕਰਵਾਰ ਨੂੰ ਅਗਲੀ ਸੁਣਵਾਈ ਮੌਕੇ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਦਰਅਸਲ, ਮੁੱਖ ਸਕੱਤਰ ਨੇ ਹਲਫ਼ਨਾਮੇ ਵਿੱਚ ਦਾਅਵਾ ਕੀਤਾ ਸੀ ਕਿ ਸੁਪਰੀਮ ਕੋਰਟ ਵਿੱਚ ਦਾਇਰ SLP ਦੀਆਂ ਤਰੁੱਟੀਆਂ ਦੂਰ ਕਰਕੇ ਅਪੀਲ ਮੁੜ ਦਾਇਰ ਕਰ ਦਿੱਤੀ ਗਈ ਹੈ। ਹਾਈ ਕੋਰਟ ਵੱਲੋਂ ਰਿਪੋਰਟ ਮੰਗਵਾਉਣ ’ਤੇ ਇਹ ਦਾਅਵਾ ਗਲਤ ਪਾਇਆ ਗਿਆ। ਅਦਾਲਤ ਨੇ ਪਹਿਲਾਂ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਦੀ ਅਦਾਇਗੀ 15 ਦਿਨਾਂ ਵਿੱਚ ਕਰਨ ਦੇ ਨਿਰਦੇਸ਼ ਦਿੱਤੇ ਸਨ, ਜਿਸ ਨੂੰ ਪੰਜਾਬ ਸਰਕਾਰ ਨੇ 1 ਸਤੰਬਰ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
Punjab News Punjab Government Punjab Haryana High Court Da Case Dearness Allowance Punjab Employees Pensioners Chief Secretary Ka P Sinha High Court Supreme Court Court Contempt Government Employees