October 7, 2026
ਗਮਾਡਾ ਤਲਾਸ਼ੀ ਮਾਮਲਾ: ਪੰਜਾਬ ਸਰਕਾਰ ਦੀ ਪਟੀਸ਼ਨ ’ਤੇ Ed ਨੂੰ ਹਾਈ ਕੋਰਟ ਦਾ ਨੋਟਿਸ
Prabhsimran Singh / Punjab
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗਮਾਡਾ ਦਫ਼ਤਰ ਦੀ ਈਡੀ ਵੱਲੋਂ ਕੀਤੀ ਤਲਾਸ਼ੀ ਅਤੇ ਸਰਵੇਖਣ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਤੇ ਗਮਾਡਾ ਦੀ ਪਟੀਸ਼ਨ ’ਤੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਈਡੀ ਨੂੰ 15 ਦਿਨਾਂ ਵਿੱਚ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 28 ਅਕਤੂਬਰ ਨੂੰ ਹੋਵੇਗੀ। ਪੰਜਾਬ ਸਰਕਾਰ ਨੇ 22 ਤੋਂ 24 ਸਤੰਬਰ ਤੱਕ ਗਮਾਡਾ ਦਫ਼ਤਰ ਵਿੱਚ ਹੋਈ ਈਡੀ ਦੀ ਕਰੀਬ 50 ਘੰਟਿਆਂ ਦੀ ਤਲਾਸ਼ੀ ਨੂੰ ਚੁਣੌਤੀ ਦਿੱਤੀ ਹੈ। ਇਸ ਦੌਰਾਨ ਦਫ਼ਤਰੀ ਰਿਕਾਰਡ ਦੇ 30 ਤੋਂ ਵੱਧ ਬੈਗ ਜ਼ਬਤ ਕਰਨ ਅਤੇ ਸੀਨੀਅਰ ਅਧਿਕਾਰੀਆਂ ਦੇ ਮੋਬਾਈਲ ਫ਼ੋਨਾਂ ਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਦਾ ਡਾਟਾ ਕਾਪੀ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪਟੀਸ਼ਨ ਮੁਤਾਬਕ ਜਾਂਚ 238 ਕਰੋੜ ਰੁਪਏ ਦੇ ਕਥਿਤ ਬੈਂਕ ਘੁਟਾਲੇ ਨਾਲ ਸਬੰਧਤ ਸੀਬੀਆਈ ਐਫਆਈਆਰ ਦੇ ਆਧਾਰ ’ਤੇ ਸ਼ੁਰੂ ਕੀਤੀ ਗਈ ਦੱਸੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਜਾਂ ਗਮਾਡਾ ਦੇ ਕਿਸੇ ਅਧਿਕਾਰੀ ਦਾ ਨਾਮ ਨਹੀਂ ਹੈ। ਪਟੀਸ਼ਨ ਵਿੱਚ ਤਲਾਸ਼ੀ ਅਤੇ ਸਰਵੇਖਣ ਦੀਆਂ ਮਨਜ਼ੂਰੀਆਂ ਰੱਦ ਕਰਨ ਅਤੇ ਕਾਪੀ ਕੀਤੇ ਡਾਟੇ ਦੀ ਵਰਤੋਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ।
Punjab News Punjab Government Gmada Ed High Court Punjab Haryana High Court Enforcement Directorate Mohali News Legal News Punjab Politics Court Hearing