October 8, 2026
ਪੰਜਾਬ ਸਰਕਾਰ ਦੀ Slp ’ਤੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ, ਹੁਣ ਕੱਲ੍ਹ ਹੋਵੇਗੀ ਸੁਣਵਾਈ
Prabhsimran Singh / Punjab
ਪੰਜਾਬ ਵਿੱਚ ਸਰਕਾਰੀ ਬਦਲੀਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਸਪੈਸ਼ਲ ਲੀਵ ਪਟੀਸ਼ਨ (SLP) ’ਤੇ ਅੱਜ ਹੋਣ ਵਾਲੀ ਸੁਣਵਾਈ ਟਲ ਗਈ ਹੈ। ਹੁਣ ਸੁਪਰੀਮ ਕੋਰਟ ਵਿੱਚ ਇਸ ਮਾਮਲੇ ’ਤੇ ਕੱਲ੍ਹ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ ਤਹਿਤ ਸਰਕਾਰੀ ਬਦਲੀਆਂ ਤੇ ਪੋਸਟਿੰਗਾਂ ਵਿੱਚ ਲੈਣ-ਦੇਣ, ਅਨੁਕੂਲ ਨੀਤੀਆਂ ਬਣਾਉਣ ਅਤੇ ਟੈਂਡਰਾਂ ਵਿੱਚ ਕਥਿਤ ਰਿਸ਼ਵਤ ਦੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ। ਸਰਕਾਰ ਨੇ ਇਹ SLP ਕਰੀਬ ਰਾਤ 1:42 ਵਜੇ ਦਾਇਰ ਕੀਤੀ ਸੀ। ਸਰਕਾਰ ਵੱਲੋਂ ਸੀਨੀਅਰ ਐਡਵੋਕੇਟ ਵਿਕਾਸ ਸਿੰਘ ਨੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਦਲੀਲ ਦਿੱਤੀ ਕਿ ਮਾਮਲਾ ਸੰਘੀ ਢਾਂਚੇ ਨਾਲ ਜੁੜਿਆ ਹੈ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਨਘੜਤ ਮਾਮਲੇ ਉਛਾਲੇ ਜਾ ਰਹੇ ਹਨ। ਹਾਈ ਕੋਰਟ ਨੇ ਨਿਖਿਲ ਸਰਾਫ਼ ਦੀ ਲੋਕ ਹਿਤ ਪਟੀਸ਼ਨ ’ਤੇ ਸੀਬੀਆਈ ਨੂੰ ਐੱਫਆਈਆਰ ਦਰਜ ਕਰਕੇ ਤੁਰੰਤ ਜਾਂਚ ਸ਼ੁਰੂ ਕਰਨ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਅਦਾਲਤ ਨੇ ਕਿਹਾ ਸੀ ਕਿ ਮਾਮਲੇ ਵਿੱਚ ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀਆਂ, ਸਿਆਸੀ ਆਗੂਆਂ ਅਤੇ ਉੱਚ ਅਧਿਕਾਰੀਆਂ ਦੇ ਨਾਂ ਆਉਣ ਕਾਰਨ ਪੰਜਾਬ ਪੁਲੀਸ ਤੋਂ ਨਿਰਪੱਖ ਜਾਂਚ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਦਲੀਲ ਦਿੱਤੀ ਸੀ ਕਿ ਪੰਜਾਬ ਸਰਕਾਰ ਵੱਲੋਂ ਨਵੰਬਰ 2020 ਵਿੱਚ ਸੀਬੀਆਈ ਨੂੰ ਦਿੱਤੀ ਆਮ ਸਹਿਮਤੀ ਵਾਪਸ ਲਈ ਜਾ ਚੁੱਕੀ ਹੈ। ਹਾਈ ਕੋਰਟ ਨੇ ਈਡੀ ਵੱਲੋਂ ਪੀਐੱਮਐੱਲਏ ਦੀ ਧਾਰਾ 66(2) ਤਹਿਤ ਸਾਂਝੀ ਕੀਤੀ ਜਾਣਕਾਰੀ ਦੇ ਆਧਾਰ ’ਤੇ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ।
Punjab Government Supreme Court Cbi Investigation Punjab News Corruption Case Transfer Posting Case Tender Scam Punjab Haryana High Court Harpal Singh Cheema Vikas Singh Ed Nikhil Saraf