October 12, 2026
ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਰਾਹਤ, Cbi ਦੀ ਜ਼ਬਰੀ ਕਾਰਵਾਈ ’ਤੇ ਰੋਕ
Prabhsimran Singh / Chandigarh
ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਬਿਊਰੋ (CBI) ਨੂੰ ਕਿਸੇ ਵੀ ਤਰ੍ਹਾਂ ਦੀ ਜ਼ਬਰੀ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਦਿਆਂ ਆਪਣਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਇਸ ਹੁਕਮ ਨਾਲ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਅਤੇ ਹੋਰਨਾਂ ਨੂੰ ਵੀ ਰਾਹਤ ਮਿਲੀ ਹੈ। ਉਹ ਸੀਬੀਆਈ ਦੀ ਜਾਂਚ ਵਿੱਚ ਸ਼ਾਮਲ ਹੋ ਸਕਣਗੇ, ਪਰ ਉਨ੍ਹਾਂ ਨੂੰ ਗ੍ਰਿਫ਼ਤਾਰੀ ਸਮੇਤ ਜ਼ਬਰੀ ਕਾਰਵਾਈ ਤੋਂ ਰਾਹਤ ਮਿਲ ਗਈ ਹੈ। ਹਾਲਾਂਕਿ, ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਸੀਬੀਆਈ ਜਾਂਚ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਨਹੀਂ ਕੀਤਾ। ਪੰਜਾਬ ਦੇ ਐਡਵੋਕੇਟ ਜਨਰਲ (AG) ਮਨਿੰਦਰਜੀਤ ਸਿੰਘ ਬੇਦੀ ਨੇ ਦੱਸਿਆ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਮਾਮਲੇ ਨਾਲ ਸਬੰਧਤ ਕਿਸੇ ਵੀ ਵਿਅਕਤੀ ਜਾਂ ਅਧਿਕਾਰੀ ਖ਼ਿਲਾਫ਼ ਜ਼ਬਰੀ ਕਾਰਵਾਈ ਨਹੀਂ ਕੀਤੀ ਜਾ ਸਕੇਗੀ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਦਿੱਤੇ ਸਨ। ਪੰਜਾਬ ਸਰਕਾਰ ਨੇ ਇਨ੍ਹਾਂ ਹੁਕਮਾਂ ਨੂੰ ਸਪੈਸ਼ਲ ਲੀਵ ਪਟੀਸ਼ਨ (SLP) ਰਾਹੀਂ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਪ੍ਰਸੰਨਾ ਬੀ. ਵਰਾਲੇ ਦੇ ਬੈਂਚ ਨੇ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਜਾਰੀ ਕੀਤੇ।
Punjab Government Supreme Court Cbi Investigation Rajbir Singh Ghuman Punjab News Punjab Government Petition Maninderjit Singh Bedi Punjab And Haryana High Court Breaking News Punjab