October 13, 2026
ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਉੱਠੇ ਸਵਾਲ, ਪਿਤਾ ਨੇ 2023 ’ਚ ਹੀ ਜਾਨ ਨੂੰ ਖ਼ਤਰਾ ਦੱਸ ਕੇ ਮੰਗੀ ਸੀ ਸੁਰੱਖਿਆ
Prabhsimran Singh / Mansa
ਐਂਟੀ ਡਰੱਗ ਟਾਸਕ ਫੋਰਸ ਦੇ ਮੈਂਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਹੁਣ ਉਨ੍ਹਾਂ ਦੇ ਪਿਤਾ ਸਾਬਕਾ ਫ਼ੌਜੀ ਭੀਮ ਸਿੰਘ ਵੱਲੋਂ ਪਹਿਲਾਂ ਹੀ ਜਾਨ ਨੂੰ ਖ਼ਤਰਾ ਦੱਸੇ ਜਾਣ ਦਾ ਮਾਮਲਾ ਚਰਚਾ ਵਿੱਚ ਆ ਗਿਆ ਹੈ। ਜਾਣਕਾਰੀ ਅਨੁਸਾਰ, ਭੀਮ ਸਿੰਘ ਨੇ 28 ਜੁਲਾਈ 2023 ਨੂੰ ਪੰਜਾਬ ਦੇ ਰਾਜਪਾਲ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਮਨੁੱਖੀ ਅਧਿਕਾਰ ਕਮਿਸ਼ਨ ਅਤੇ ਪੁਲੀਸ ਦੇ ਉੱਚ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਆਪਣੇ ਪੁੱਤ ਦੀ ਸੁਰੱਖਿਆ ਦੀ ਗੁਹਾਰ ਲਗਾਈ ਸੀ। ਭੀਮ ਸਿੰਘ ਨੇ ਆਪਣੇ ਪੱਤਰ ਵਿੱਚ ਨਸ਼ਾ ਤਸਕਰਾਂ ਤੋਂ ਪੁੱਤ ਦੀ ਜਾਨ ਨੂੰ ਖ਼ਤਰਾ ਹੋਣ ਅਤੇ ਪ੍ਰਸ਼ਾਸਨ ’ਤੇ ਨਸ਼ਾ ਤਸਕਰਾਂ ਦਾ ਸਾਥ ਦੇਣ ਦੇ ਦੋਸ਼ ਲਗਾਏ ਸਨ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਸਮੇਂ ਸਿਰ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਹਾਈ ਕੋਰਟ ਵਿੱਚ ਵੀ ਦਾਇਰ ਕੀਤੀ ਸੀ ਪਟੀਸ਼ਨ ਜਦੋਂ ਕਥਿਤ ਤੌਰ ’ਤੇ ਕੋਈ ਸੁਣਵਾਈ ਨਾ ਹੋਈ ਤਾਂ ਪਰਵਿੰਦਰ ਸਿੰਘ ਝੋਟਾ ਅਤੇ ਉਨ੍ਹਾਂ ਦੇ ਪਿਤਾ ਨੇ 20 ਸਤੰਬਰ 2023 ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਪਟੀਸ਼ਨ (CRWP-9486-2023) ਦਾਇਰ ਕਰਕੇ ਜਾਨ-ਮਾਲ ਦੀ ਸੁਰੱਖਿਆ ਦੀ ਮੰਗ ਕੀਤੀ ਸੀ। ਪਟੀਸ਼ਨ ਵਿੱਚ ਨਸ਼ਾ ਤਸਕਰਾਂ ਅਤੇ ਮਾਨਸਾ ਪੁਲੀਸ ਤੋਂ ਖ਼ਤਰਾ ਹੋਣ ਦਾ ਜ਼ਿਕਰ ਕੀਤਾ ਗਿਆ ਸੀ। ਇਸ ਦੇ ਨਾਲ ਹੀ ਫ਼ਰੀਦਕੋਟ ਦੇ ਪਿੰਡ ਢਿੱਲਵਾਂ ਖ਼ੁਰਦ ਅਤੇ ਬਠਿੰਡਾ ਦੇ ਪਿੰਡ ਭਾਈਰੂਪਾ ਤੇ ਸਿਧਾਣਾ ਵਿੱਚ ਨਸ਼ਾ ਤਸਕਰਾਂ ਹੱਥੋਂ ਹੋਏ ਕਤਲਾਂ ਦਾ ਹਵਾਲਾ ਵੀ ਦਿੱਤਾ ਗਿਆ ਸੀ। ਸਰਕਾਰ ਨੇ ਝੋਟਾ ਨੂੰ ਆਦਤਨ ਅਪਰਾਧੀ ਦੱਸਿਆ ਸੀ ਪਰਵਿੰਦਰ ਸਿੰਘ ਝੋਟਾ ਦੇ ਵਕੀਲ ਲਖਵਿੰਦਰ ਸਿੰਘ ਸਿੱਧੂ ਨੇ ‘ਪੰਜਾਬੀ ਟ੍ਰਿਬਿਊਨ’ ਨੂੰ ਦੱਸਿਆ ਕਿ ਉਸ ਸਮੇਂ ਸਰਕਾਰੀ ਪੱਖ ਨੇ ਝੋਟਾ ਨੂੰ ਆਦਤਨ ਅਪਰਾਧੀ ਦੱਸਦਿਆਂ ਕਿਹਾ ਸੀ ਕਿ ਉਸ ਦੀ ਜਾਨ-ਮਾਲ ਨੂੰ ਕੋਈ ਖ਼ਤਰਾ ਨਹੀਂ ਹੈ। ਵਕੀਲ ਮੁਤਾਬਕ, ਸਰਕਾਰ ਨੇ ਇਹ ਦਲੀਲ ਵੀ ਦਿੱਤੀ ਸੀ ਕਿ ਝੋਟਾ ਨੇ ਆਪਣੇ ਗੁਨਾਹਾਂ ਤੋਂ ਬਚਣ ਲਈ ਅਦਾਲਤ ਦਾ ਰੁਖ਼ ਕੀਤਾ ਹੈ। ਵਕੀਲ ਲਖਵਿੰਦਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਉਸ ਸਮੇਂ ਸਾਬਕਾ ਫ਼ੌਜੀ ਭੀਮ ਸਿੰਘ ਦੀ ਅਰਜ਼ੀ ਨੂੰ ਗੰਭੀਰਤਾ ਨਾਲ ਲਿਆ ਹੁੰਦਾ ਤਾਂ ਸ਼ਾਇਦ ਅੱਜ ਇਹ ਹਾਲਾਤ ਨਾ ਬਣਦੇ। ਇਸ ਮਾਮਲੇ ਨੇ ਹੁਣ ਪਹਿਲਾਂ ਦਿੱਤੀਆਂ ਗਈਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ਅਤੇ ਪ੍ਰਸ਼ਾਸਨ ਦੀ ਕਾਰਵਾਈ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
Parvinder Singh Jhota Bhim Singh Mansa News Punjab News Anti Drug Task Force Drug Trafficking Punjab Police Punjab And Haryana High Court Lakhwinder Singh Sidhu Punjab Government Drug Menace Security Concerns