October 13, 2026
ਸ੍ਰੀ ਅਕਾਲ ਤਖ਼ਤ ਸਾਹਿਬ ਖ਼ਿਲਾਫ਼ ਟਿੱਪਣੀਆਂ ਦਾ ਮਾਮਲਾ: ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ, ਸਖ਼ਤ ਕਾਰਵਾਈ ਦੀ ਮੰਗ
Prabhsimran Singh / Amritsar
ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਾਤੀ ਆਧਾਰਿਤ ਵਿਤਕਰੇ ਦੇ ਦੋਸ਼ ਲਗਾਉਣ ਅਤੇ ਸਿੱਖ ਸੰਸਥਾ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਦੇ ਮਾਮਲੇ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਨੇ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਹ ਸ਼ਿਕਾਇਤ ਅੱਜ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਦੀ ਅਗਵਾਈ ਹੇਠ ਅਧਿਕਾਰੀਆਂ ਵੱਲੋਂ ਦਿੱਤੀ ਗਈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਵਿਧਾਇਕ ਵੱਲੋਂ ਲਗਾਏ ਗਏ ਦੋਸ਼ ਤੱਥਾਂ ਦੇ ਉਲਟ ਹਨ ਅਤੇ ਇਨ੍ਹਾਂ ਰਾਹੀਂ ਸਿੱਖ ਸੰਸਥਾਵਾਂ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ-ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚੀ ਹੈ। ਜਾਤੀ ਨਹੀਂ, ਪਹਿਲਾਂ ਕੀਤੀਆਂ ਟਿੱਪਣੀਆਂ ਕਾਰਨ ਰੋਕਣ ਦਾ ਦਾਅਵਾ ਸ਼ਿਕਾਇਤ ਅਨੁਸਾਰ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਦਾਖ਼ਲ ਹੋਣ ਤੋਂ ਰੋਕਣ ਦਾ ਕਾਰਨ ਜਾਤੀ ਆਧਾਰਿਤ ਨਹੀਂ ਸੀ। ਪ੍ਰਬੰਧਕਾਂ ਨੇ ਦਾਅਵਾ ਕੀਤਾ ਹੈ ਕਿ ਇਹ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸਿੱਖ ਸੰਸਥਾ ਪ੍ਰਤੀ ਵਿਧਾਇਕ ਵੱਲੋਂ ਪਹਿਲਾਂ ਕੀਤੀਆਂ ਗਈਆਂ ਕਥਿਤ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕਾਰਨ ਕੀਤੀ ਗਈ ਸੀ। ਪ੍ਰਬੰਧਕਾਂ ਨੇ ਕਿਹਾ ਕਿ ਸਿੱਖ ਧਰਮ ਜਾਤ-ਪਾਤ, ਊਚ-ਨੀਚ ਅਤੇ ਹਰ ਤਰ੍ਹਾਂ ਦੇ ਵਿਤਕਰੇ ਨੂੰ ਰੱਦ ਕਰਦਾ ਹੈ। ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਸਰਬਸਾਂਝੀਵਾਲਤਾ, ਬਰਾਬਰਤਾ ਅਤੇ ਮਨੁੱਖੀ ਸਤਿਕਾਰ ’ਤੇ ਆਧਾਰਿਤ ਹਨ। ਉਨ੍ਹਾਂ ਅਨੁਸਾਰ, ਅਜਿਹੇ ਪਵਿੱਤਰ ਧਾਰਮਿਕ ਅਸਥਾਨਾਂ ’ਤੇ ਜਾਤੀ ਵਿਤਕਰੇ ਦੇ ਦੋਸ਼ ਲਗਾਉਣਾ ਸਿੱਖ ਸਿਧਾਂਤਾਂ ਦੀ ਅਸਲ ਭਾਵਨਾ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰਨ ਦੇ ਬਰਾਬਰ ਹੈ। ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਦਿੱਤੇ ਬਿਆਨਾਂ ਦੀ ਜਾਂਚ ਦੀ ਮੰਗ ਸ਼ਿਕਾਇਤ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਵਿਧਾਇਕ ਵੱਲੋਂ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਦਿੱਤੇ ਬਿਆਨਾਂ ਅਤੇ ਪ੍ਰਸਾਰਿਤ ਕੀਤੀਆਂ ਗਈਆਂ ਵੀਡੀਓਜ਼ ਕਾਰਨ ਸਿੱਖ ਸੰਸਥਾਵਾਂ, ਉਨ੍ਹਾਂ ਦੇ ਪ੍ਰਬੰਧਕਾਂ ਅਤੇ ਅਹੁਦੇਦਾਰਾਂ ਦੀ ਸਾਖ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਹੈ। ਇਸ ਤੋਂ ਇਲਾਵਾ, ਅਜਿਹੀ ਬਿਆਨਬਾਜ਼ੀ ਨਾਲ ਸਮਾਜ ਵਿੱਚ ਬੇਲੋੜਾ ਤਣਾਅ ਪੈਦਾ ਹੋਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਪ੍ਰਬੰਧਕਾਂ ਨੇ ਆਪਣੀ ਸ਼ਿਕਾਇਤ ਵਿੱਚ ਵਿਧਾਇਕ ਵੱਲੋਂ ਪਹਿਲਾਂ ਜਾਰੀ ਕੀਤੀਆਂ ਗਈਆਂ ਹੋਰ ਵੀਡੀਓਜ਼ ਦਾ ਵੀ ਹਵਾਲਾ ਦਿੱਤਾ ਹੈ ਅਤੇ ਉਨ੍ਹਾਂ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ ਹੈ। ਨਿਰਪੱਖ ਜਾਂਚ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਦੀ ਅਪੀਲ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਪੁਲੀਸ ਕਮਿਸ਼ਨਰ ਨੂੰ ਅਪੀਲ ਕੀਤੀ ਹੈ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਅਤੇ ਸਬੰਧਤ ਵੀਡੀਓਜ਼ ਦੀ ਨਿਰਪੱਖ ਜਾਂਚ ਕਰਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੇ ਕਿਹਾ ਕਿ ਸਿੱਖ ਸੰਸਥਾਵਾਂ ਬਾਰੇ ਬਿਆਨ ਦਿੰਦਿਆਂ ਤੱਥਾਂ ਅਤੇ ਧਾਰਮਿਕ ਭਾਵਨਾਵਾਂ ਦੀ ਸੰਵੇਦਨਸ਼ੀਲਤਾ ਦਾ ਧਿਆਨ ਰੱਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਆਗੂ ਨੂੰ ਬੇਬੁਨਿਆਦ ਦੋਸ਼ ਲਗਾਉਣ ਜਾਂ ਸਮਾਜਿਕ ਵੰਡ ਪੈਦਾ ਕਰਨ ਵਾਲੀ ਬਿਆਨਬਾਜ਼ੀ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਸ਼ਿਕਾਇਤ ਦਰਜ ਕਰਵਾਉਣ ਮੌਕੇ ਜਨਰਲ ਮੈਨੇਜਰ ਮੇਜਰ ਸਿੰਘ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਗੁਰਵਿੰਦਰ ਸਿੰਘ ਭੋਮਾ ਅਤੇ ਆਈਟੀ ਇੰਚਾਰਜ ਉਂਕਾਰ ਸਿੰਘ ਵੀ ਮੌਜੂਦ ਸਨ।
Manwinder Singh Giaspura Sri Akal Takht Sahib Sri Darbar Sahib Amritsar Police Commissioner Sgpc Major Singh Sikh Institutions Alleged Caste Discrimination Police Complaint Sikh Religious Sentiments Social Media Statements Punjab News