October 15, 2026
ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਪੰਜਾਬ ਬੰਦ ਸ਼ੁਰੂ, ਕਈ ਜ਼ਿਲ੍ਹਿਆਂ ਵਿੱਚ ਬਾਜ਼ਾਰ ਬੰਦ
Prabhsimran Singh / Punjab
ਸਵੇਰੇ 6 ਤੋਂ ਸ਼ਾਮ 5 ਵਜੇ ਤੱਕ ਬੰਦ ਦਾ ਸੱਦਾ, ਕਿਸਾਨਾਂ ਵੱਲੋਂ ਕਈ ਥਾਵਾਂ ’ਤੇ ਸੜਕਾਂ ਜਾਮ; ਐਮਰਜੈਂਸੀ ਸੇਵਾਵਾਂ ਨੂੰ ਛੋਟ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਪਰਿਵਾਰ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਵੀਰਵਾਰ ਸਵੇਰੇ 6 ਵਜੇ ਸੂਬੇ ਭਰ ਵਿੱਚ ਬੰਦ ਸ਼ੁਰੂ ਹੋ ਗਿਆ। ਕਿਸਾਨਾਂ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕਈ ਥਾਵਾਂ ’ਤੇ ਸੜਕਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬੰਦ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਰੱਖਿਆ ਗਿਆ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਐਂਬੂਲੈਂਸਾਂ ਅਤੇ ਹੋਰ ਐਮਰਜੈਂਸੀ ਵਾਹਨਾਂ ਨੂੰ ਲੰਘਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਝੋਟਾ ਦੇ ਪਿਤਾ ਸਾਬਕਾ ਫੌਜੀ ਭੀਮ ਸਿੰਘ ਨੇ ਇਨਸਾਫ਼ ਪਸੰਦ ਲੋਕਾਂ ਨੂੰ ਸੜਕਾਂ ’ਤੇ ਉਤਰ ਕੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਅਪੀਲ ਪਿਛਲੇ ਕੁਝ ਘੰਟਿਆਂ ਦੌਰਾਨ ਕਈ ਥਾਵਾਂ ’ਤੇ ਹੋਈ ਬਾਰਿਸ਼ ਅਤੇ ਗੜੇਮਾਰੀ ਦੇ ਬਾਵਜੂਦ ਕੀਤੀ। ਕਈ ਕਿਸਾਨ ਜਥੇਬੰਦੀਆਂ, ਸਿਆਸੀ ਪਾਰਟੀਆਂ ਅਤੇ ਵਪਾਰਕ ਸੰਗਠਨਾਂ ਨੇ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਹੈ। ਕਈ ਨਿੱਜੀ ਵਿਦਿਅਕ ਅਦਾਰਿਆਂ ਵੱਲੋਂ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ, ਮਾਲਵਾ ਦੇ ਕੁਝ ਜ਼ਿਲ੍ਹਿਆਂ ਵਿੱਚ ਸਵੇਰੇ 8 ਵਜੇ ਤੱਕ ਬੰਦ ਦਾ ਅਸਰ ਘੱਟ ਦੇਖਣ ਨੂੰ ਮਿਲਿਆ। ਐਕਸ਼ਨ ਕਮੇਟੀ ਨੇ ਲੋਕਾਂ ਨੂੰ ਬੰਦ ਦੌਰਾਨ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਕਮੇਟੀ ਨੇ ਪ੍ਰਸ਼ਾਸਨ ਨੂੰ ਵੀ ਕਿਹਾ ਹੈ ਕਿ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਮਾਨਸਾ ਵਿੱਚ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਨੇੜੇ ਪਰਿਵਾਰ ਅਤੇ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਾਲੀ ਥਾਂ ’ਤੇ ਮੀਂਹ ਦਾ ਪਾਣੀ ਭਰ ਗਿਆ ਹੈ। ਪਾਣੀ ਭਰਨ ਕਾਰਨ ਟੈਂਟ, ਦਰੀਆਂ ਅਤੇ ਬਿਸਤਰੇ ਪ੍ਰਭਾਵਿਤ ਹੋਏ ਹਨ। ਐਕਸ਼ਨ ਕਮੇਟੀ ਨੇ ਮੀਟਿੰਗ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਪਾਣੀ ਕੱਢਣ ਦੀ ਅਪੀਲ ਕੀਤੀ ਹੈ, ਤਾਂ ਜੋ ਧਰਨਾ ਜਾਰੀ ਰੱਖਿਆ ਜਾ ਸਕੇ। ਝੋਟਾ ਦੇ ਪਿਤਾ ਭੀਮ ਸਿੰਘ ਨੇ ਵੀ ਡਿਪਟੀ ਕਮਿਸ਼ਨਰ ਅਤੇ ਨਗਰ ਕੌਂਸਲ ਦੇ ਪ੍ਰਧਾਨ ਨੂੰ ਪਾਣੀ ਦੀ ਨਿਕਾਸੀ ਕਰਵਾਉਣ ਦੀ ਬੇਨਤੀ ਕੀਤੀ ਹੈ। ਝੋਟਾ ਦੀ ਮ੍ਰਿਤਕ ਦੇਹ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਰੱਖੀ ਹੋਈ ਹੈ ਅਤੇ ਪਰਿਵਾਰ ਦੀ ਸਹਿਮਤੀ ਨਾ ਮਿਲਣ ਕਾਰਨ ਖ਼ਬਰ ਲਿਖੇ ਜਾਣ ਤੱਕ ਪੋਸਟਮਾਰਟਮ ਨਹੀਂ ਹੋਇਆ ਸੀ। ਪੰਜਾਬ ਬੰਦ ਦਾ ਬਠਿੰਡਾ ਵਿੱਚ ਵੀ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਸਵੇਰੇ ਦੁਕਾਨਾਂ ਬੰਦ ਰਹੀਆਂ ਅਤੇ ਨਿੱਜੀ ਸਕੂਲਾਂ ਵਿੱਚ ਛੁੱਟੀ ਰਹੀ। ਸਕੂਲ ਵੈਨਾਂ ਵੀ ਨਹੀਂ ਚੱਲੀਆਂ, ਜਿਸ ਕਾਰਨ ਵਿਦਿਆਰਥੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ। ਦੂਜੇ ਪਾਸੇ ਸਰਕਾਰੀ ਅਤੇ ਨਿੱਜੀ ਬੱਸਾਂ ਦੀ ਆਵਾਜਾਈ ਜਾਰੀ ਰਹੀ, ਪਰ ਸੜਕਾਂ ’ਤੇ ਆਮ ਦਿਨਾਂ ਦੇ ਮੁਕਾਬਲੇ ਸਵਾਰੀਆਂ ਦੀ ਗਿਣਤੀ ਘੱਟ ਰਹੀ। ਬੰਦ ਦੇ ਬਾਵਜੂਦ ਮਜ਼ਦੂਰ ਵਰਗ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਘਰਾਂ ਤੋਂ ਬਾਹਰ ਨਿਕਲਿਆ। ਮੈਡੀਕਲ ਸਟੋਰ ਖੁੱਲ੍ਹੇ ਦੇਖੇ ਗਏ। ਬਠਿੰਡਾ ਬੱਸ ਅੱਡੇ ਨੇੜੇ ਤਰਨਾ ਦਲ ਦੇ ਨਿਹੰਗਾਂ ਵੱਲੋਂ ਧਰਨਾ ਦੇਣ ਦੀ ਕੋਸ਼ਿਸ਼ ਕੀਤੀ ਗਈ, ਪਰ ਪੁਲੀਸ ਨੇ ਉਨ੍ਹਾਂ ਨੂੰ ਰਾਊਂਡਅੱਪ ਕਰ ਲਿਆ। ਬਾਅਦ ਵਿੱਚ ਕੁਝ ਦੁਕਾਨਾਂ ਖੁੱਲ੍ਹੀਆਂ ਵੀ ਦੇਖੀਆਂ ਗਈਆਂ। ਬਰਨਾਲਾ ਵਿੱਚ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਸਮਰਥਨ ਮਿਲਿਆ। ਸ਼ਹਿਰ ਦੇ ਸਦਰ ਬਾਜ਼ਾਰ, ਫਰਵਾਹੀ ਬਾਜ਼ਾਰ, ਹੰਡਿਆਇਆ, ਐੱਸਡੀ ਕਾਲਜ ਇਲਾਕੇ ਅਤੇ ਬੱਸ ਸਟੈਂਡ ਸਮੇਤ ਵੱਖ-ਵੱਖ ਥਾਵਾਂ ’ਤੇ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਗਟਾਇਆ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਹਿਰ ਵਿੱਚ ਰੋਸ ਮਾਰਚ ਵੀ ਕੱਢਿਆ। ਪ੍ਰਦਰਸ਼ਨਕਾਰੀਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਅਤੇ ਵਾਰਦਾਤ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਉਨ੍ਹਾਂ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਗੋਲਡਨ ਗੇਟ ਨੇੜੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਸ਼ਹਿਰ ਵਿੱਚ ਮਾਰਚ ਵੀ ਕੱਢਿਆ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਅਤੇ ਡੀਜੀਪੀ ਤੋਂ ਨੈਤਿਕ ਆਧਾਰ ’ਤੇ ਅਸਤੀਫ਼ੇ ਦੀ ਮੰਗ ਕੀਤੀ। ਇਸ ਮੌਕੇ ਜਥੇਬੰਦੀ ਦੇ ਕਾਰਕੁਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਬੰਦ ਦੌਰਾਨ ਜ਼ਰੂਰੀ ਸੇਵਾਵਾਂ ਵਿੱਚ ਕੋਈ ਵਿਘਨ ਨਹੀਂ ਪਾਇਆ ਜਾਵੇਗਾ। ਪੰਜਾਬ ਬੰਦ ਦੇ ਸੱਦੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਹੋਰ ਅਦਾਰੇ ਬੰਦ ਰੱਖੇ ਗਏ। ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਮੰਗਲਵਾਰ ਨੂੰ ਮਾਨਸਾ ਸ਼ਹਿਰ ਵਿੱਚ ਇੱਕ ਮੈਡੀਕਲ ਸਟੋਰ ’ਤੇ ਨਸ਼ਿਆਂ ਨੂੰ ਲੈ ਕੇ ਕੈਮਿਸਟ ਨਾਲ ਹੋਈ ਬਹਿਸ ਤੋਂ ਬਾਅਦ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਘਟਨਾ ਝੋਟਾ ਦੇ ਫੇਸਬੁੱਕ ਪੇਜ ’ਤੇ ਲਾਈਵ ਸਟ੍ਰੀਮ ਕੀਤੀ ਗਈ ਸੀ, ਜਿਸ ਤੋਂ ਬਾਅਦ ਸੂਬੇ ਭਰ ਵਿੱਚ ਰੋਸ ਫੈਲ ਗਿਆ। ਇਸ ਘਟਨਾ ਵਿੱਚ ਚਾਰ ਹੋਰ ਵਿਅਕਤੀ ਵੀ ਜ਼ਖ਼ਮੀ ਹੋਏ ਸਨ। ਪੁਲੀਸ ਨੇ ਮੈਡੀਕਲ ਸਟੋਰ ਦੇ ਮਾਲਕ ਅਤੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਬੁੱਧਵਾਰ ਨੂੰ ਗੁੱਸੇ ਵਿੱਚ ਆਈ ਭੀੜ ਨੇ ਮੁਲਜ਼ਮ ਦੀ ਦੁਕਾਨ ਦੀ ਭੰਨਤੋੜ ਕਰਕੇ ਉਸ ਨੂੰ ਅੱਗ ਲਗਾ ਦਿੱਤੀ ਸੀ। ਇਸ ਤੋਂ ਇਲਾਵਾ ਸਿਵਲ ਪ੍ਰਸ਼ਾਸਨ ਵੱਲੋਂ ਗ਼ੈਰ-ਕਾਨੂੰਨੀ ਉਸਾਰੀ ਸਬੰਧੀ ਪਹਿਲਾਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਮਾਨਸਾ ਵਿੱਚ ਉਸ ਦੇ ਘਰ ਦਾ ਅਗਲਾ ਹਿੱਸਾ ਵੀ ਢਾਹ ਦਿੱਤਾ ਗਿਆ ਸੀ। ਪਰਿਵਾਰ ਅਤੇ ਜਥੇਬੰਦੀਆਂ ਵੱਲੋਂ ਕਤਲ ਮਾਮਲੇ ਵਿੱਚ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਕਰਦਿਆਂ ਪੰਜਾਬ ਬੰਦ ਰਾਹੀਂ ਆਪਣਾ ਰੋਸ ਪ੍ਰਗਟਾਇਆ ਜਾ ਰਿਹਾ ਹੈ।
Punjab Bandh Parvinder Singh Jhota Parvinder Singh Jhota Murder Case Mansa News Punjab News Punjab Protest Punjab Bandh Today Bhim Singh Kisan Mazdoor Morcha Sarwan Singh Pandher Bathinda News Barnala News Amritsar News Farmers Protest Anti Drug Activist