October 15, 2026
ਘਰਿਆਲਾ ਦੀ ਦਾਣਾ ਮੰਡੀ ’ਚ ਮੀਂਹ ਤੇ ਗੜੇਮਾਰੀ ਕਾਰਨ ਝੋਨਾ ਭਿੱਜਿਆ, ਕਿਸਾਨਾਂ ਦੀਆਂ ਵਧੀਆਂ ਮੁਸ਼ਕਲਾਂ
Prabhsimran Singh / Punjab
ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਘਰਿਆਲਾ ਵਿਖੇ ਦੇਰ ਰਾਤ ਪਏ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਜਿੱਥੇ ਖੇਤਾਂ ਵਿੱਚ ਖੜ੍ਹੀ ਫ਼ਸਲ ਨੂੰ ਨੁਕਸਾਨ ਪੁੱਜਣ ਦਾ ਖ਼ਦਸ਼ਾ ਹੈ, ਉੱਥੇ ਹੀ ਪਿੰਡ ਦੀ ਦਾਣਾ ਮੰਡੀ ਵਿੱਚ ਵਿਕਰੀ ਲਈ ਲਿਆਂਦਾ ਗਿਆ ਝੋਨਾ ਵੀ ਪਾਣੀ ਵਿੱਚ ਭਿੱਜ ਗਿਆ। ਮੰਡੀ ਵਿੱਚ ਪਾਣੀ ਭਰਨ ਕਾਰਨ ਕਿਸਾਨਾਂ ਨੂੰ ਫ਼ਸਲ ਦੀ ਸਾਂਭ-ਸੰਭਾਲ ਅਤੇ ਖ਼ਰੀਦ ਸਬੰਧੀ ਚਿੰਤਾ ਸਤਾ ਰਹੀ ਹੈ। ਪੀੜਤ ਕਿਸਾਨਾਂ ਰਾਜਵੰਤ ਸਿੰਘ ਅਤੇ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਚਾਰ ਦਿਨਾਂ ਤੋਂ ਆਪਣੀ ਝੋਨੇ ਦੀ ਫ਼ਸਲ ਮੰਡੀ ਵਿੱਚ ਲੈ ਕੇ ਬੈਠੇ ਹਨ, ਪਰ ਅਜੇ ਤੱਕ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਨਹੀਂ ਹੋਈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਮੀਂਹ ਦੇ ਪਾਣੀ ਦੀ ਨਿਕਾਸੀ ਅਤੇ ਫ਼ਸਲ ਨੂੰ ਮੀਂਹ ਤੋਂ ਬਚਾਉਣ ਲਈ ਲੋੜੀਂਦੇ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਮੁਤਾਬਕ ਕੁਝ ਕਿਸਾਨਾਂ ਨੇ ਆਪਣੇ ਪੱਧਰ ’ਤੇ ਤਰਪਾਲਾਂ ਦਾ ਪ੍ਰਬੰਧ ਕਰਕੇ ਝੋਨੇ ਨੂੰ ਮੀਂਹ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਜਿਨ੍ਹਾਂ ਕਿਸਾਨਾਂ ਕੋਲ ਤਰਪਾਲਾਂ ਨਹੀਂ ਸਨ, ਉਨ੍ਹਾਂ ਦੀ ਫ਼ਸਲ ਪਾਣੀ ਵਿੱਚ ਭਿੱਜ ਗਈ। ਉਨ੍ਹਾਂ ਨੂੰ ਖ਼ਦਸ਼ਾ ਹੈ ਕਿ ਮੀਂਹ ਕਾਰਨ ਝੋਨੇ ਦੀ ਵੱਡੀ ਮਾਤਰਾ ਵਿੱਚ ਫ਼ਸਲ ਦਾ ਨੁਕਸਾਨ ਹੋ ਸਕਦਾ ਹੈ। ਕਿਸਾਨਾਂ ਨੇ ਕਿਹਾ ਕਿ ਫ਼ਸਲ ਤਿਆਰ ਕਰਨ ਲਈ ਪਹਿਲਾਂ ਹੀ ਕਾਫ਼ੀ ਮਿਹਨਤ ਅਤੇ ਖ਼ਰਚਾ ਕਰਨਾ ਪੈਂਦਾ ਹੈ। ਅਜਿਹੇ ਵਿੱਚ ਮੰਡੀ ਵਿੱਚ ਸਮੇਂ ਸਿਰ ਖ਼ਰੀਦ ਨਾ ਹੋਣ ਅਤੇ ਮੀਂਹ ਤੋਂ ਬਚਾਅ ਲਈ ਢੁੱਕਵੇਂ ਪ੍ਰਬੰਧਾਂ ਦੀ ਘਾਟ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧ ਜਾਂਦੀਆਂ ਹਨ। ਦੂਜੇ ਪਾਸੇ, ਮੰਡੀ ਵਿੱਚ ਕੰਮ ਕਰਨ ਵਾਲੇ ਮਜ਼ਦੂਰ ਗੁਰਮੀਤ ਸਿੰਘ ਨੇ ਦੱਸਿਆ ਕਿ ਭਾਰੀ ਮੀਂਹ ਤੋਂ ਬਾਅਦ ਮੰਡੀ ਵਿੱਚ ਕਾਫ਼ੀ ਪਾਣੀ ਖੜ੍ਹਾ ਹੋ ਗਿਆ ਹੈ। ਪਾਣੀ ਦੀ ਨਿਕਾਸੀ ਦੇ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਮਜ਼ਦੂਰਾਂ ਨੂੰ ਬਾਲਟੀਆਂ ਦੀ ਮਦਦ ਨਾਲ ਪਾਣੀ ਬਾਹਰ ਕੱਢਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਣੀ ਭਰਨ ਕਾਰਨ ਮੰਡੀ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀੜਤ ਕਿਸਾਨਾਂ ਨੇ ਸਬੰਧਤ ਵਿਭਾਗਾਂ ਅਤੇ ਖ਼ਰੀਦ ਏਜੰਸੀਆਂ ਤੋਂ ਮੰਗ ਕੀਤੀ ਹੈ ਕਿ ਮੰਡੀ ਵਿੱਚ ਪਏ ਝੋਨੇ ਦੀ ਖ਼ਰੀਦ ਅਤੇ ਚੁਕਾਈ ਜਲਦੀ ਕਰਵਾਈ ਜਾਵੇ। ਇਸ ਦੇ ਨਾਲ ਹੀ ਮੰਡੀ ਵਿੱਚੋਂ ਪਾਣੀ ਦੀ ਨਿਕਾਸੀ ਅਤੇ ਫ਼ਸਲ ਨੂੰ ਮੀਂਹ ਤੋਂ ਬਚਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ, ਤਾਂ ਜੋ ਕਿਸਾਨਾਂ ਦੀ ਮਿਹਨਤ ਨਾਲ ਤਿਆਰ ਕੀਤੀ ਫ਼ਸਲ ਨੂੰ ਹੋਰ ਨੁਕਸਾਨ ਤੋਂ ਬਚਾਇਆ ਜਾ ਸਕੇ।
Ghariala Khemkaran Punjab News Paddy Procurement Paddy Crop Heavy Rainfall Hailstorm Farmers Problems Grain Market Waterlogging Paddy Damage Mandi Conditions Farmers Issues Crop Loss Paddy Harvest Procurement Agencies Punjab Agriculture Rajwant Singh Sukh