October 15, 2026
ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨ ਦਾ ਸਚਿਨ ਪਾਇਲਟ ਵੱਲੋਂ 100 ਫੀਸਦੀ ਦਾਅਵਾ, Cm ਚਿਹਰੇ ਬਾਰੇ ਕਹੀ ਵੱਡੀ ਗੱਲ
Prabhsimran Singh / Punjab
ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ 100 ਫੀਸਦੀ ਬਣੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਕੋਲ ਇੱਕ ਮਜ਼ਬੂਤ ਟੀਮ ਹੈ, ਜੋ ਸਾਰਿਆਂ ਨੂੰ ਨਾਲ ਲੈ ਕੇ ਚੱਲ ਰਹੀ ਹੈ। ਪਿਛਲੇ ਮਹੀਨੇ ਪੰਜਾਬ ਦੇ ਏਆਈਸੀਸੀ ਜਨਰਲ ਸਕੱਤਰ ਇੰਚਾਰਜ ਵਜੋਂ ਅਹੁਦਾ ਸੰਭਾਲਣ ਵਾਲੇ ਸਚਿਨ ਪਾਇਲਟ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਵੱਲੋਂ ਪੰਜਾਬ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਕੋਈ ਇੱਕ ਚਿਹਰਾ ਐਲਾਨਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਰੇ ਆਗੂ ਇੱਕ ਟੀਮ ਵਜੋਂ ਮਿਲ ਕੇ ਚੋਣਾਂ ਲੜ ਰਹੇ ਹਨ। ਚੋਣਾਂ ਜਿੱਤਣ ਤੋਂ ਬਾਅਦ ਪਾਰਟੀ ਵਰਕਰਾਂ, ਆਗੂਆਂ ਅਤੇ ਵਿਧਾਇਕਾਂ ਦੀ ਸਲਾਹ ਨਾਲ ਮੁੱਖ ਮੰਤਰੀ ਬਾਰੇ ਅੰਤਿਮ ਫੈਸਲਾ ਲਿਆ ਜਾਵੇਗਾ। ਸਚਿਨ ਪਾਇਲਟ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ-ਭਾਜਪਾ ਗੱਠਜੋੜ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੇਖ ਚੁੱਕੇ ਹਨ, ਪਰ ਕਾਂਗਰਸ ਨੇ ਹੀ ਸੂਬੇ ਵਿੱਚੋਂ ਅਤਿਵਾਦ ਦਾ ਖਾਤਮਾ ਕੀਤਾ, ਵਿਕਾਸ ਕਾਰਜ ਕਰਵਾਏ ਅਤੇ ਨਿਵੇਸ਼ ਲਿਆਂਦਾ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਪਰਗਟ ਸਿੰਘ ਨੇ ਸਾਰੇ ਆਗੂਆਂ ਨੂੰ ਨਾਲ ਜੋੜਿਆ ਹੈ। ਉਨ੍ਹਾਂ ਟੀਮ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਕਾਂਗਰਸ ਦੇ 11 ਖਿਡਾਰੀ ਬਹੁਤ ਮਜ਼ਬੂਤ ਹਨ। ਪਾਰਟੀ ਕੋਲ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵਰਗੇ ਤਜਰਬੇਕਾਰ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਆਗੂ ਹਨ, ਜੋ ਪਾਰਟੀ ਦੀ ਤਾਕਤ ਹਨ। ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਪਾਇਲਟ ਨੇ ਕਿਹਾ ਕਿ ‘ਆਪ’ ਸਿਰਫ਼ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਰਭਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਵਿਸ਼ਵਾਸ ਉੱਠ ਚੁੱਕਾ ਹੈ। ਭਾਜਪਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਕੋਲ ਸਾਧਨਾਂ ਦੀ ਕੋਈ ਘਾਟ ਨਹੀਂ ਹੈ, ਪਰ ਇਸ ਦੇ ਬਾਵਜੂਦ ਉਹ ਪੰਜਾਬ ਵਿੱਚ ਵੱਡੀ ਸਿਆਸੀ ਤਾਕਤ ਨਹੀਂ ਬਣ ਸਕੇਗੀ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੇ ਸਹਾਰੇ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਬਾਰੇ ਪਾਇਲਟ ਨੇ ਕਿਹਾ ਕਿ ਪਾਰਟੀ ਕਈ ਧੜਿਆਂ ਵਿੱਚ ਵੰਡੀ ਜਾ ਚੁੱਕੀ ਹੈ ਅਤੇ ਹੁਣ ਪਹਿਲਾਂ ਵਾਂਗ ਮਜ਼ਬੂਤ ਨਹੀਂ ਰਹੀ। ਸਚਿਨ ਪਾਇਲਟ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਦੌਰਾਨ ਮੁੱਖ ਮੁਕਾਬਲਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਹੀ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਚੋਣਾਂ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪਾਰਟੀ ਨੂੰ ਪੰਜਾਬ ਦੇ ਲੋਕਾਂ ਤੋਂ ਵੱਡਾ ਸਮਰਥਨ ਮਿਲਣ ਦੀ ਉਮੀਦ ਹੈ।
Sachin Pilot Punjab Congress Pargat Singh Punjab Politics Congress Party Punjab Elections Aam Aadmi Party Bhagwant Mann Partap Singh Bajwa Sukhjinder Singh Randhawa Charanjit Singh Channi Raja Warring Bjp Shiromani Akali Dal Punjab Government Chief Minist