October 16, 2026
ਗੋਇੰਦਵਾਲ ਸਾਹਿਬ ’ਚ ਦੋ ਘਰਾਂ ’ਤੇ ਫਾਇਰਿੰਗ, 5 ਕਰੋੜ ਦੀ ਫਿਰੌਤੀ ਮੰਗਣ ਦੇ ਦੋਸ਼
Prabhsimran Singh / Goindwal Sahib
ਕਸਬਾ ਗੋਇੰਦਵਾਲ ਸਾਹਿਬ ਵਿੱਚ ਗੈਂਗਸਟਰਾਂ ਵੱਲੋਂ ਫਿਰੌਤੀ ਦੀਆਂ ਮੰਗਾਂ ਅਤੇ ਧਮਕੀਆਂ ਕਾਰਨ ਕਾਰੋਬਾਰੀਆਂ ਵਿੱਚ ਸਹਿਮ ਦਾ ਮਾਹੌਲ ਹੈ। ਇਸੇ ਦੌਰਾਨ ਬੀਤੀ ਰਾਤ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵੱਲੋਂ ਕਸਬੇ ਵਿੱਚ ਦੋ ਘਰਾਂ ’ਤੇ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਪੀੜਤ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਫਿਰੌਤੀ ਦੀ ਮੰਗ ਨੂੰ ਲੈ ਕੇ ਉਸ ਨੂੰ ਵਿਦੇਸ਼ੀ ਨੰਬਰ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਉਸ ਨੇ ਦੋਸ਼ ਲਾਇਆ ਕਿ ਬੀਤੀ ਰਾਤ ਕਰੀਬ ਸਾਢੇ 10 ਵਜੇ ਉਸ ਦੇ ਘਰ ’ਤੇ ਦੂਜੀ ਵਾਰ ਗੋਲੀਆਂ ਚਲਾਈਆਂ ਗਈਆਂ। ਉਸ ਮੁਤਾਬਕ, ਐੱਸਐੱਚਓ ਨੂੰ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਉਸ ਦਾ ਫੋਨ ਨਹੀਂ ਚੁੱਕਿਆ ਗਿਆ। ਦੂਜੀ ਘਟਨਾ ਵਿੱਚ ਕਾਂਗਰਸੀ ਆਗੂ ਗੁਰਮੇਜ ਸਿੰਘ ਖੱਖ ਨੇ ਦੱਸਿਆ ਕਿ ਉਸ ਨੂੰ ਵਿਦੇਸ਼ੀ ਨੰਬਰ ਤੋਂ ਪ੍ਰਭ ਦਾਸੂਵਾਲ ਦੇ ਨਾਂ ’ਤੇ ਪੰਜ ਕਰੋੜ ਰੁਪਏ ਦੀ ਫਿਰੌਤੀ ਮੰਗਣ ਸਬੰਧੀ ਧਮਕੀਆਂ ਮਿਲ ਰਹੀਆਂ ਹਨ। ਉਸ ਨੇ ਦੋਸ਼ ਲਾਇਆ ਕਿ ਫਿਰੌਤੀ ਦੀ ਰਕਮ ਨਾ ਦੇਣ ’ਤੇ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੀ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਦੋਵਾਂ ਪੀੜਤਾਂ ਨੇ ਦਾਅਵਾ ਕੀਤਾ ਕਿ ਬੀਤੀ ਰਾਤ ਗੋਲੀਆਂ ਚਲਾਉਣ ਦੀਆਂ ਦੋਵੇਂ ਘਟਨਾਵਾਂ ਨੂੰ ਇੱਕੋ ਮੋਟਰਸਾਈਕਲ ਸਵਾਰਾਂ ਵੱਲੋਂ ਅੰਜਾਮ ਦਿੱਤਾ ਗਿਆ। ਉਨ੍ਹਾਂ ਪੁਲੀਸ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਕਾਰਵਾਈ ਕੀਤੀ ਜਾਂਦੀ ਤਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਸਕਦਾ ਸੀ। ਘਟਨਾਵਾਂ ਤੋਂ ਬਾਅਦ ਦੋਵਾਂ ਪਰਿਵਾਰਾਂ ਵਿੱਚ ਸਹਿਮ ਦਾ ਮਾਹੌਲ ਹੈ। ਪੀੜਤਾਂ ਨੇ ਪੰਜਾਬ ਸਰਕਾਰ ਅਤੇ ਪੁਲੀਸ ਦੇ ਉੱਚ ਅਧਿਕਾਰੀਆਂ ਤੋਂ ਫਿਰੌਤੀ ਮੰਗਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਆਪਣੇ ਤੇ ਆਪਣੇ ਪਰਿਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਡੀਐੱਸਪੀ ਹਰਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਥਾਵਾਂ ’ਤੇ ਹੋਈ ਫਾਇਰਿੰਗ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ’ਤੇ ਪੁਲੀਸ ਮੁਲਾਜ਼ਮ ਭੇਜੇ ਗਏ ਹਨ ਅਤੇ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
Goindwal Sahib Tarn Taran Punjab News Extortion Threats Firing Incident Gangster Threats Gurmej Singh Khakh Rajwinder Singh Prabh Dasuwal Punjab Police Harinder Singh Cctv Investigation Law And Order