October 17, 2026
ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲੱਗੇਗੀ: ਐਡਵੋਕੇਟ ਧਾਮੀ
Prabhsimran Singh / Punjab
ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ। ਇਹ ਐਲਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨਾਲ ਮੁਲਾਕਾਤ ਦੌਰਾਨ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ। ਉਨ੍ਹਾਂ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੇ ਸੰਘਰਸ਼ ਨੂੰ ਅੱਗੇ ਵਧਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸੰਘਰਸ਼ ਕਰਨ ਵਾਲੇ ਨੌਜਵਾਨਾਂ ਦੀ ਹਿੰਮਤ ਅਤੇ ਸਮਾਜ ਪ੍ਰਤੀ ਵਚਨਬੱਧਤਾ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਐਡਵੋਕੇਟ ਧਾਮੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਮਿਲੇ ਅਤੇ ਉਹ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੇ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰ ਵੱਲੋਂ ਜੋ ਵੀ ਹੁਕਮ ਕੀਤਾ ਜਾਵੇਗਾ, ਉਸ ਨੂੰ ਪ੍ਰਵਾਨ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਹਮਲੇ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਇਸ ਰਕਮ ਵਿੱਚੋਂ 2.5 ਲੱਖ ਰੁਪਏ ਇਲਾਜ ਦੇ ਖਰਚਿਆਂ ਲਈ ਅਤੇ 2.5 ਲੱਖ ਰੁਪਏ ਆਰਥਿਕ ਸਹਾਇਤਾ ਵਜੋਂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਜ਼ਖ਼ਮੀ ਨੌਜਵਾਨ ਚਾਹੁਣ ਤਾਂ ਉਨ੍ਹਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਜੀ ਮੈਡੀਕਲ ਕਾਲਜ, ਸ੍ਰੀ ਅੰਮ੍ਰਿਤਸਰ ਵਿਖੇ ਕਰਵਾਉਣ ਲਈ ਵੀ ਪ੍ਰਬੰਧ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਇਲਾਜ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ। ਇਸ ਤੋਂ ਇਲਾਵਾ, ਐਡਵੋਕੇਟ ਧਾਮੀ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੇ 9 ਅਤੇ 6 ਸਾਲ ਦੇ ਦੋ ਬੱਚਿਆਂ ਦੇ ਨਾਂ ’ਤੇ 10-10 ਲੱਖ ਰੁਪਏ ਦੀਆਂ ਫਿਕਸਡ ਡਿਪਾਜ਼ਿਟ ਰਸੀਦਾਂ (ਐੱਫ.ਡੀ.ਆਰ.) ਕਰਵਾਉਣ ਅਤੇ ਉਨ੍ਹਾਂ ਦੀ ਪਰਵਰਿਸ਼ ਦੀ ਜ਼ਿੰਮੇਵਾਰੀ ਚੁੱਕਣ ਦੀ ਪੇਸ਼ਕਸ਼ ਕੀਤੀ। ਹਾਲਾਂਕਿ, ਬਾਪੂ ਭੀਮ ਸਿੰਘ ਨੇ ਆਪਣੇ ਪਰਿਵਾਰ ਲਈ ਇਹ ਮਦਦ ਲੈਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਮਿਹਰ ਨਾਲ ਉਨ੍ਹਾਂ ਦਾ ਪਰਿਵਾਰ ਆਤਮ-ਨਿਰਭਰ ਹੈ ਅਤੇ ਉਨ੍ਹਾਂ ਨੇ ਸਿਰਫ਼ ਜ਼ਖ਼ਮੀ ਨੌਜਵਾਨਾਂ ਲਈ ਹੀ ਮਦਦ ਮੰਗੀ ਸੀ। ਇਸ ਦੌਰਾਨ ਐਡਵੋਕੇਟ ਧਾਮੀ ਨੇ ਇਨਸਾਫ਼ ਲਈ ਸੰਘਰਸ਼ ਕਰ ਰਹੀਆਂ ਸੰਗਤਾਂ ਵਾਸਤੇ ਲੰਗਰ ਸੇਵਾ ਲਗਾਤਾਰ ਜਾਰੀ ਰੱਖਣ ਅਤੇ ਪਖਾਨਿਆਂ ਸਮੇਤ ਹੋਰ ਲੋੜੀਂਦੇ ਪ੍ਰਬੰਧ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਦਾ ਫ਼ਰਜ਼ ਹੈ ਕਿ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਅਤੇ ਜ਼ਖ਼ਮੀਆਂ ਦਾ ਸਾਥ ਦਿੱਤਾ ਜਾਵੇ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਤਵੀਰ ਸਿੰਘ, ਹਰਭਜਨ ਸਿੰਘ ਵਕਤਾ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ ਅਤੇ ਇੰਚਾਰਜ ਭੋਲਾ ਸਿੰਘ ਵੀ ਮੌਜੂਦ ਸਨ।
Bhai Parvinder Singh Jhota Harjinder Singh Dhami Sgpc Shiromani Gurdwara Parbandhak Committee Punjab Drugs Crisis Anti Drug Campaign Punjab Youth Central Sikh Museum Sri Harmandir Sahib Bhim Singh Financial Assistance Injured Youth Punjab News Sikh Commun