October 17, 2026
ਮੰਗਾਂ ਪੂਰੀਆਂ ਨਾ ਹੋਣ ’ਤੇ 9 ਦਸੰਬਰ ਨੂੰ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣਗੇ ਕਿਸਾਨ: ਸਰਵਣ ਸਿੰਘ ਪੰਧੇਰ
Prabhsimran Singh / Chandigarh
ਕਿਸਾਨ ਮਜ਼ਦੂਰ ਮੋਰਚਾ ਪੰਜਾਬ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ’ਤੇ 9 ਦਸੰਬਰ ਨੂੰ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਮੋਰਚੇ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਅੱਜ ਕਿਸਾਨ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਸੁਹਿਰਦ ਨਹੀਂ ਜਾਪਦੀ, ਜਿਸ ਕਾਰਨ ਜਥੇਬੰਦੀ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪੈ ਰਿਹਾ ਹੈ। ਪੰਧੇਰ ਨੇ ਦੱਸਿਆ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਹੋਈ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਮੰਗਾਂ ਦਾ 15 ਅਕਤੂਬਰ ਤੱਕ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਤੈਅ ਸਮਾਂ ਲੰਘਣ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ, ਜਿਸ ਕਾਰਨ ਕਿਸਾਨ ਮਜ਼ਦੂਰ ਮੋਰਚੇ ਵਿੱਚ ਰੋਸ ਹੈ। ਸਰਵਣ ਸਿੰਘ ਪੰਧੇਰ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਦੇ ਵਿਰੁੱਧ ਕੋਈ ਨੀਤੀ ਲਿਆਂਦੇ ਜਾਣ ’ਤੇ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰ ਦਿੰਦੀ ਹੈ। ਉਨ੍ਹਾਂ ਤਿੰਨ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਇਨ੍ਹਾਂ ਨੂੰ ਸਭ ਤੋਂ ਪਹਿਲਾਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਾਗੂ ਕੀਤਾ ਗਿਆ ਸੀ। ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਜ਼ਾਹਰ ਕਰਦਿਆਂ ਸਰਕਾਰ ਨੂੰ ਇਸ ਨਾਲ ਨਜਿੱਠਣ ਲਈ ਢੁਕਵੇਂ ਪ੍ਰਬੰਧ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਗੰਭੀਰਤਾ ਨਾਲ ਕਦਮ ਚੁੱਕਣ ਦੀ ਲੋੜ ਹੈ। ਇਸ ਦੌਰਾਨ ਮੋਰਚੇ ਨੇ ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਖੇਧੀ ਕੀਤੀ ਅਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪੱਤਰਕਾਰ ਸੰਮੇਲਨ ਵਿੱਚ ਕਿਸਾਨ ਮਜ਼ਦੂਰ ਮੋਰਚੇ ਦੇ ਹੋਰ ਪ੍ਰਮੁੱਖ ਆਗੂ ਵੀ ਮੌਜੂਦ ਸਨ।
Kisan Mazdoor Morcha Punjab Sarwan Singh Pandher Chandigarh Protest Farmers Protest Punjab Government Gurmeet Singh Khudian Farmers Demands Aam Aadmi Party Punjab News Drug Problem Punjab Parminder Singh Jhota