October 19, 2026
ਪਰਵਿੰਦਰ ਸਿੰਘ ਝੋਟਾ ਮਾਮਲੇ ’ਚ ਪੰਜਾਬ ਸਰਕਾਰ ਨੇ ਗੱਲਬਾਤ ਲਈ ਤਿੰਨ ਮਹਿਲਾ ਆਈਏਐੱਸ ਅਧਿਕਾਰੀਆਂ ਨੂੰ ਮਾਨਸਾ ਭੇਜਿਆ
Prabhsimran Singh / Mansa
ਪੰਜਾਬ ਸਰਕਾਰ ਨੇ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰ ਰਹੀ ਐਕਸ਼ਨ ਕਮੇਟੀ ਨਾਲ ਰਸਮੀ ਗੱਲਬਾਤ ਦਾ ਰਾਹ ਖੋਲ੍ਹਿਆ ਹੈ। ਸਰਕਾਰ ਵੱਲੋਂ ਤਿੰਨ ਮਹਿਲਾ ਆਈਏਐੱਸ ਅਧਿਕਾਰੀਆਂ ਦੀ ਕਮੇਟੀ ਬਣਾਈ ਗਈ ਹੈ, ਜੋ ਐਕਸ਼ਨ ਕਮੇਟੀ ਨਾਲ ਰਾਬਤਾ ਕਾਇਮ ਕਰੇਗੀ। ਅੱਜ ਸ਼ਾਮ ਦੋਵਾਂ ਧਿਰਾਂ ਵਿਚਾਲੇ ਮੁੱਢਲੇ ਪੜਾਅ ਦੀ ਗੱਲਬਾਤ ਹੋਣ ਦੀ ਸੰਭਾਵਨਾ ਹੈ। ਤਿੰਨ ਮੈਂਬਰੀ ਕਮੇਟੀ ਵਿੱਚ 2007 ਬੈਚ ਦੀ ਆਈਏਐੱਸ ਅਧਿਕਾਰੀ ਕੰਵਲਪ੍ਰੀਤ ਕੌਰ ਬਰਾੜ, 2011 ਬੈਚ ਦੀ ਆਈਏਐੱਸ ਅਧਿਕਾਰੀ ਅਪਨੀਤ ਰਿਆਤ ਅਤੇ ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਸ਼ਾਮਲ ਹਨ। ਕੰਵਲਪ੍ਰੀਤ ਕੌਰ ਬਰਾੜ ਇਸ ਵੇਲੇ ਫ਼ਰੀਦਕੋਟ ਰੇਂਜ ਦੇ ਕਮਿਸ਼ਨਰ ਹਨ, ਜਦਕਿ ਅਪਨੀਤ ਰਿਆਤ ਕਾਂਗਰਸ ਸਰਕਾਰ ਦੇ ਸਮੇਂ ਮਾਨਸਾ ਦੇ ਡਿਪਟੀ ਕਮਿਸ਼ਨਰ ਰਹਿ ਚੁੱਕੇ ਹਨ। ਉਨ੍ਹਾਂ ਦਾ ਸਹੁਰਾ ਪਰਿਵਾਰ ਵੀ ਮਾਨਸਾ ਦੇ ਪਿੰਡ ਦਾਤੇਵਾਸ ਵਿੱਚ ਹੈ। ਕੰਵਲਪ੍ਰੀਤ ਕੌਰ ਬਰਾੜ ਅਤੇ ਅਪਨੀਤ ਰਿਆਤ ਬੀਤੀ ਰਾਤ ਹੀ ਮਾਨਸਾ ਪਹੁੰਚ ਗਏ ਸਨ। ਇਸ ਤੋਂ ਪਹਿਲਾਂ ਸਥਾਨਕ ਪੁਲੀਸ ਅਧਿਕਾਰੀ ਐਕਸ਼ਨ ਕਮੇਟੀ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਕਮੇਟੀ ਨੇ ਪੁਲੀਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਕਰੀਬ ਇੱਕ ਹਫ਼ਤੇ ਬਾਅਦ ਪੰਜਾਬ ਸਰਕਾਰ ਵੱਲੋਂ ਗੱਲਬਾਤ ਲਈ ਪਹਿਲ ਕੀਤੀ ਗਈ ਹੈ। ਐਕਸ਼ਨ ਕਮੇਟੀ ਵੱਲੋਂ ਮੁੱਖ ਮੰਤਰੀ ਅਤੇ ਡੀਜੀਪੀ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ। ਕਮੇਟੀ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ ਅਤੇ ਨਾ ਹੀ ਸਸਕਾਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਅਸ਼ਵਨੀ ਕੁਮਾਰ ਵੱਲੋਂ ਆਪਣੇ ਮੈਡੀਕਲ ਸਟੋਰ ’ਤੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਜਨਤਕ ਜਥੇਬੰਦੀਆਂ ’ਤੇ ਆਧਾਰਿਤ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਪਿਛਲੇ ਛੇ ਦਿਨਾਂ ਤੋਂ ਮਾਨਸਾ ਵਿੱਚ ਮੋਰਚਾ ਚੱਲ ਰਿਹਾ ਹੈ। ਅੱਜ ਐਕਸ਼ਨ ਕਮੇਟੀ ਦੇ ਸੱਦੇ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਵਜ਼ੀਰਾਂ ਨੂੰ ਲਾਹਨਤੀ ਪੱਤਰ ਸੌਂਪੇ ਜਾਣੇ ਹਨ। ਇਸ ਤੋਂ ਇਲਾਵਾ, ਭਲਕੇ ਦਸਹਿਰੇ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚਣ ਦਾ ਪ੍ਰੋਗਰਾਮ ਹੈ।
Parvinder Singh Jhota Mansa News Punjab News Punjab Government Anti Drug Activist Action Committee Ias Officers Kanwalpreet Kaur Brar Apneet Riyait Navjot Kaur Justice For Jhota Punjab Politics Amit Shah Punjab Visit