October 20, 2026
ਝੋਟਾ ਕਤਲ ਕਾਂਡ ’ਤੇ ਭਾਜਪਾ ਦਾ ‘ਆਪ’ ਸਰਕਾਰ ’ਤੇ ਹਮਲਾ
Prabhsimran Singh / Punjab
ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਹੁਣ ਸਿਆਸੀ ਜੰਗ ਦਾ ਰੂਪ ਲੈਂਦੀ ਜਾ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਭਾਜਪਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਸੀਬੀਆਈ ਜਾਂਚ ਨੂੰ ਲੈ ਕੇ ਭਾਜਪਾ ਅਤੇ ‘ਆਪ’ ਆਹਮੋ-ਸਾਹਮਣੇ ਆ ਗਏ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਸ਼ਿਆਂ ਦਾ ਮੁੱਦਾ ਸਿਆਸੀ ਪਾਰਟੀਆਂ ਲਈ ਅਹਿਮ ਬਣਦਾ ਜਾ ਰਿਹਾ ਹੈ। ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਵੱਲੋਂ ਕਤਲ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਪਹੁੰਚ ਰਹੇ ਹਨ। ਪਰਿਵਾਰ ਵੱਲੋਂ ਉਨ੍ਹਾਂ ਸਾਹਮਣੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਰੱਖੀ ਜਾਣੀ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ ਹੀ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦਾ ਐਲਾਨ ਕਰ ਦਿੱਤਾ। ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਦੇ ਇਸ ਫ਼ੈਸਲੇ ’ਤੇ ਤਨਜ਼ ਕੱਸਦਿਆਂ ਕਿਹਾ, “ਭਗਵੰਤ ਮਾਨ ਜੀ! ਬਹੁਤ ਦੇਰ ਕਰ'ਤੀ, ਸੀਬੀਆਈ ਦੇ ਆਰਡਰ ਕਰਦੇ-ਕਰਦੇ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਖ਼ਿਰਕਾਰ ਲੋਕ ਰੋਹ ਅੱਗੇ ਝੁਕਣਾ ਪਿਆ ਹੈ ਅਤੇ ਪਰਵਿੰਦਰ ਝੋਟਾ ਕਤਲ ਕਾਂਡ ਦੀ ਜਾਂਚ ਸੀਬੀਆਈ ਨੂੰ ਸੌਂਪਣ ਲਈ ਮਜਬੂਰ ਹੋਣਾ ਪਿਆ ਹੈ। ਜਾਖੜ ਨੇ ਦੋਸ਼ ਲਾਇਆ ਕਿ ਇਹ ਇਕੱਲਾ ਮਾਮਲਾ ਨਹੀਂ ਹੈ, ਸਗੋਂ ਪੰਜਾਬ ਵਿੱਚ ਹੋਰ ਵੀ ਕਈ ਮਾਮਲੇ ਹਨ, ਜਿੱਥੇ ਉਨ੍ਹਾਂ ਮੁਤਾਬਕ ‘ਆਪ’ ਸਰਕਾਰ ਦੀ ਸਰਪ੍ਰਸਤੀ ਹੇਠ ਨਸ਼ਾ ਵਿਰੋਧੀ ਕਾਰਕੁੰਨਾਂ ਦੇ ਕਤਲ ਹੋਏ ਹਨ ਜਾਂ ਉਨ੍ਹਾਂ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਗਿਆ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਸੀਬੀਆਈ ਜਾਂਚ ਦਾ ਦਾਇਰਾ ਵਧਾਇਆ ਜਾਵੇ ਅਤੇ ਜਾਂਚ ਨਿਰਧਾਰਤ ਸਮਾਂ ਸੀਮਾ ਅੰਦਰ ਪੂਰੀ ਕੀਤੀ ਜਾਵੇ, ਤਾਂ ਜੋ ਪੂਰੇ ਮਾਮਲੇ ਦਾ ਤਾਣਾ-ਬਾਣਾ ਬੇਪਰਦ ਹੋ ਸਕੇ ਅਤੇ ਪੀੜਤਾਂ ਨੂੰ ਨਿਆਂ ਮਿਲ ਸਕੇ। ਇਸੇ ਦੌਰਾਨ ਸਾਬਕਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵੀ ਮੁੱਖ ਮੰਤਰੀ ਦੇ ਫ਼ੈਸਲੇ ’ਤੇ ਟਿੱਪਣੀ ਕੀਤੀ। ਉਨ੍ਹਾਂ ਕਿਹਾ, “ਹਾਲੇ ਤਾਂ ਅਮਿਤ ਸ਼ਾਹ ਜੀ ਦਿੱਲੀ ਤੋਂ ਪੰਜਾਬ ਆਉਣ ਲਈ ਤੁਰੇ ਵੀ ਨਹੀਂ ਸਨ, ਮੁੱਖ ਮੰਤਰੀ ਨੇ ਆਪ ਹੀ ਸੀਬੀਆਈ ਜਾਂਚ ਮੰਗ ਲਈ।” ਬਿੱਟੂ ਨੇ ਦੋਸ਼ ਲਾਇਆ ਕਿ ਜੇ ਮੁੱਖ ਮੰਤਰੀ ਉਨ੍ਹਾਂ ਲੋਕਾਂ ਤੋਂ ਦੱਬਦੇ ਹਨ, ਤਾਂ ਸੋਚਿਆ ਜਾ ਸਕਦਾ ਹੈ ਕਿ ਨਸ਼ਾ ਵੇਚਣ ਵਾਲਿਆਂ ਦਾ ਕੀ ਹਾਲ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਪੰਜਾਬ ਭਾਜਪਾ ਨੂੰ ਮੌਕਾ ਜ਼ਰੂਰ ਦੇਵੇਗਾ।
Punjab Politics Bjp Punjab Aap Government Parvinder Singh Jhotta Jhotta Murder Case Cbi Investigation Sunil Jakhar Ravneet Singh Bittu Amit Shah Punjab Visit Bhagwant Mann Drug Menace Punjab Punjab Assembly Elections