October 25, 2026
2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ’ਚ ਹਲਚਲ, ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਸਿੰਘ ਆਂਵਲਾ ਅਕਾਲੀ ਦਲ ’ਚ ਸ਼ਾਮਲ
Prabhsimran Singh / Punjab
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਜਲਾਲਾਬਾਦ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਚੰਡੀਗੜ੍ਹ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ’ਤੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਰਮਿੰਦਰ ਸਿੰਘ ਆਂਵਲਾ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ’ਤੇ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਮੰਚ ਐਕਸ ’ਤੇ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਸੁਖਬੀਰ ਬਾਦਲ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਦਾ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਵਿੱਚ ਸਵਾਗਤ ਕਰਕੇ ਉਹ ਬੇਹੱਦ ਖ਼ੁਸ਼ ਹਨ। ਸੁਖਬੀਰ ਬਾਦਲ ਨੇ ਆਪਣੀ ਪੋਸਟ ਵਿੱਚ ਜਲਾਲਾਬਾਦ ਹਲਕੇ ਨਾਲ ਆਪਣੇ ਸਿਆਸੀ ਸਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇੱਥੋਂ ਦੇ ਲੋਕਾਂ ਨੇ ਉਨ੍ਹਾਂ ਨੂੰ ਤਿੰਨ ਵਾਰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰਾਂ ਦੇ ਕਾਰਜਕਾਲ ਦੌਰਾਨ ਇਸ ਹਲਕੇ ਵਿੱਚ ਬੇਮਿਸਾਲ ਅਤੇ ਕ੍ਰਾਂਤੀਕਾਰੀ ਵਿਕਾਸ ਹੋਇਆ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਰਮਿੰਦਰ ਸਿੰਘ ਆਂਵਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਜਲਾਲਾਬਾਦ ਹਲਕੇ ਦੇ ਨਾਲ-ਨਾਲ ਸਮੁੱਚੀ ਸਰਹੱਦੀ ਪੱਟੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਆਂਵਲਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਆਪਣਾ ਪੂਰਾ ਯੋਗਦਾਨ ਪਾਉਣਗੇ। ਜ਼ਿਕਰਯੋਗ ਹੈ ਕਿ ਰਮਿੰਦਰ ਸਿੰਘ ਆਂਵਲਾ ਨੇ ਅਕਤੂਬਰ 2019 ਵਿੱਚ ਹੋਈ ਜਲਾਲਾਬਾਦ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਕਾਂਗਰਸ ਦੀ ਟਿਕਟ ’ਤੇ ਜਿੱਤੀ ਸੀ। ਇਹ ਸੀਟ ਸੁਖਬੀਰ ਸਿੰਘ ਬਾਦਲ ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਖ਼ਾਲੀ ਹੋਈ ਸੀ। ਜਲਾਲਾਬਾਦ ਨੂੰ ਬਾਦਲ ਪਰਿਵਾਰ ਦਾ ਸਿਆਸੀ ਗੜ੍ਹ ਮੰਨਿਆ ਜਾਂਦਾ ਰਿਹਾ ਹੈ। ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਂਵਲਾ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨੂੰ ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦੇ ਸਿਆਸੀ ਸਮੀਕਰਨਾਂ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ।
Raminder Singh Awnla Sukhbir Singh Badal Shiromani Akali Dal Punjab Congress Punjab Politics Punjab Assembly Elections 2027 Jalalabad Ferozepur Fazilka Political News