October 30, 2026
ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਮਾਨਸਾ ਮੋਰਚੇ ’ਤੇ ਪਹੁੰਚੇ ਪਰਗਟ ਸਿੰਘ, ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਕੀਤੀ ਮੰਗ
Prabhsimran Singh / Mansa
ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਮੋਰਚੇ ਵਿੱਚ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਧਰਨੇ ’ਤੇ ਬੈਠੇ ਲੋਕਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਬਾਰੇ ਜਾਣਕਾਰੀ ਲਈ ਅਤੇ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਪਰਗਟ ਸਿੰਘ ਨੇ ਸਮੁੱਚੇ ਘਟਨਾਕ੍ਰਮ ਨੂੰ ਬੇਹੱਦ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਪੁਲੀਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ 92 ਵਿਧਾਇਕਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਪੰਜਾਬ ਦੇ 92 ਵਿਧਾਇਕ ਗੂੰਗੇ ਬਣ ਕੇ ਬੈਠੇ ਹਨ। ਉਨ੍ਹਾਂ ਦੀ ਚੁੱਪੀ ਕਾਰਨ ਪੰਜਾਬ ਦਾ ਨੁਕਸਾਨ ਹੋ ਰਿਹਾ ਹੈ। ਇਸ ਦੌਰਾਨ ਪਰਗਟ ਸਿੰਘ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਾਲਾਤ ਲਗਾਤਾਰ ਚਿੰਤਾਜਨਕ ਬਣਦੇ ਜਾ ਰਹੇ ਹਨ। ਹੁਣ ਛੋਟੇ-ਛੋਟੇ ਵਪਾਰੀਆਂ ਤੋਂ ਵੀ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਜਿਸ ਕਾਰਨ ਆਮ ਵਪਾਰੀ ਵਰਗ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
Pargat Singh Parvinder Singh Jhota Mansa Protest Punjab Congress Punjab Politics Aam Aadmi Party Punjab Police Punjab Law And Order