October 30, 2026
ਖੇਮਕਰਨ ਕਤਲ ਕਾਂਡ: ਸਾਰੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਸਸਕਾਰ ਨਾ ਕਰਨ ਦਾ ਪਰਿਵਾਰ ਦਾ ਐਲਾਨ, ਸੜਕਾਂ ਜਾਮ ਕਰਨ ਦੀ ਚਿਤਾਵਨੀ
Prabhsimran Singh / Punjab
ਮ੍ਰਿਤਕ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਗੁਰਸੇਵਕ ਸਿੰਘ ਅਮਰੀਕਾ ਤੋਂ ਪੰਜਾਬ ਪਰਤਿਆ ਸੀ ਅਤੇ ਇੱਥੇ ਆਪਣਾ ਕਾਰੋਬਾਰ ਸਥਾਪਤ ਕਰਕੇ ਪਰਿਵਾਰ ਨਾਲ ਰਹਿਣਾ ਚਾਹੁੰਦਾ ਸੀ। ਉਨ੍ਹਾਂ ਦੱਸਿਆ ਕਿ ਗੁਰਸੇਵਕ ਸਿੰਘ ਐੱਨਆਰਆਈ ਸੀ ਅਤੇ ਉਸ ਨੇ ਪੰਜਾਬ ਵਿੱਚ ਕਾਰੋਬਾਰ ਕਰਨ ਦਾ ਸੁਪਨਾ ਦੇਖਿਆ ਸੀ, ਪਰ ਉਸ ਦੇ ਕਤਲ ਨਾਲ ਪਰਿਵਾਰ ਦੇ ਸਾਰੇ ਸੁਪਨੇ ਟੁੱਟ ਗਏ ਹਨ। ਮਹਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਹਾਲਾਤ ਕਾਰਨ ਉਨ੍ਹਾਂ ਨੂੰ ਪੰਜਾਬ ਵਿੱਚ ਆਪਣੀ ਸੁਰੱਖਿਆ ਦੀ ਚਿੰਤਾ ਸਤਾ ਰਹੀ ਹੈ ਅਤੇ ਉਹ ਆਪਣਾ ਕਾਰੋਬਾਰ ਸਮੇਟ ਕੇ ਕਿਸੇ ਹੋਰ ਥਾਂ ਜਾਣ ਬਾਰੇ ਸੋਚ ਰਹੇ ਹਨ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਵੀ ਮੁਲਜ਼ਮਾਂ ਅਤੇ ਉਨ੍ਹਾਂ ਦੇ ਸਾਥੀਆਂ ਤੋਂ ਖ਼ਤਰਾ ਮਹਿਸੂਸ ਹੋ ਰਿਹਾ ਹੈ। ਪਰਿਵਾਰ ਨੇ ਦੋਸ਼ ਲਾਇਆ ਕਿ ਗੁਰਸੇਵਕ ਸਿੰਘ ਨੂੰ ਬਿਨਾਂ ਕਿਸੇ ਵਜ੍ਹਾ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਅਨੁਸਾਰ ਹਮਲਾਵਰਾਂ ਨੇ ਗੁਰਸੇਵਕ ਸਿੰਘ ’ਤੇ ਲਗਾਤਾਰ ਪੰਜ ਤੋਂ ਛੇ ਗੋਲੀਆਂ ਚਲਾਈਆਂ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਉਧਰ, ਥਾਣਾ ਖੇਮਕਰਨ ਦੇ ਐੱਸਐੱਚਓ ਕੰਵਲਜੀਤ ਰਾਏ ਨੇ ਦੱਸਿਆ ਕਿ ਪੁਲੀਸ ਵੱਲੋਂ ਇਸ ਕਤਲ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਾਂਚ ਜਾਰੀ ਹੈ।
Khemkaran Gursewak Singh Asal Punjab Crime Murder Case Family Demands Justice Police Investigation Tarn Taran Punjab News Arrests Law And Order