ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਹਵਾਰਾ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਨ ’ਤੇ ਆਈਬੀ ਦਾ ਇਤਰਾਜ਼, ਕਿਹਾ- ਆਉਣ ਵਾਲੀਆਂ ਚੋਣਾਂ ’ਤੇ ਪੈ ਸਕਦਾ ਹੈ ਵੱਡਾ ਅਸਰ
November 3, 2026
Jagtar-Singh-Hawara-Beant-Singh-

ਹਵਾਰਾ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਨ ’ਤੇ ਆਈਬੀ ਦਾ ਇਤਰਾਜ਼, ਕਿਹਾ- ਆਉਣ ਵਾਲੀਆਂ ਚੋਣਾਂ ’ਤੇ ਪੈ ਸਕਦਾ ਹੈ ਵੱਡਾ ਅਸਰ

Prabhsimran Singh / Punjab

ਖੁਫ਼ੀਆ ਬਿਊਰੋ (ਆਈਬੀ) ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਕਿਹਾ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਤਬਦੀਲ ਕਰਨ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਤੇ ਵੱਡਾ ਅਸਰ ਪੈ ਸਕਦਾ ਹੈ। ਏਜੰਸੀ ਨੇ ਹਵਾਰਾ ਨੂੰ ਉੱਚ ਜੋਖ਼ਮ ਵਾਲੇ ਕੈਦੀਆਂ ਦੀ ਸ਼੍ਰੇਣੀ ਵਿੱਚ ਰੱਖਦਿਆਂ ਉਸ ਨੂੰ ਪੰਜਾਬ ਤਬਦੀਲ ਨਾ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਜਸਟਿਸ ਐੱਮਐੱਮ ਸੁੰਦਰੇਸ਼ ਅਤੇ ਜਸਟਿਸ ਪੀਬੀ ਵਰਾਲੇ ਦੇ ਬੈਂਚ ਨੇ ਸੁਣਵਾਈ ਦੌਰਾਨ ਕਿਹਾ ਕਿ ਖੁਫ਼ੀਆ ਏਜੰਸੀ ਦੀ ਰਿਪੋਰਟ ਬੇਹੱਦ ਗੰਭੀਰ ਹੈ। ਇਸ ’ਤੇ ਹਵਾਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਐੱਸ. ਮੁਰਲੀਧਰ ਨੇ ਕਿਹਾ ਕਿ ਜੇਕਰ ਚੋਣਾਂ ਨੂੰ ਲੈ ਕੇ ਕੋਈ ਚਿੰਤਾ ਹੈ ਤਾਂ ਮਾਮਲੇ ਦੀ ਸੁਣਵਾਈ ਤਿੰਨ ਮਹੀਨਿਆਂ ਬਾਅਦ ਕੀਤੀ ਜਾ ਸਕਦੀ ਹੈ। ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਸਾਲ ਫਰਵਰੀ ਵਿੱਚ ਤੈਅ ਕੀਤੀ ਹੈ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਅਗਲੇ ਸਾਲ ਦੇ ਸ਼ੁਰੂ ਵਿੱਚ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਹਦਾਇਤ ਦਿੱਤੀ ਸੀ ਕਿ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ’ਤੇ ਖੁਫ਼ੀਆ ਬਿਊਰੋ ਤੋਂ ਰਿਪੋਰਟ ਲਈ ਜਾਵੇ।ਦਿੱਲੀ ਸਰਕਾਰ ਵੱਲੋਂ ਪੇਸ਼ ਹੋਈ ਵਧੀਕ ਸੌਲੀਸਿਟਰ ਜਨਰਲ ਐਸ਼ਵਰਿਆ ਭਾਟੀ ਨੇ ਅਦਾਲਤ ਨੂੰ ਦੱਸਿਆ ਕਿ ਹਵਾਰਾ ਪਹਿਲਾਂ ਜੇਲ੍ਹ ਵਿੱਚੋਂ ਫਰਾਰ ਹੋਣ ਦੀ ਘਟਨਾ ਵਿੱਚ ਸ਼ਾਮਲ ਰਿਹਾ ਹੈ। ਬੇਅੰਤ ਸਿੰਘ ਕਤਲ ਮਾਮਲੇ ਵਿੱਚ ਉਸ ਨੂੰ ਪਹਿਲਾਂ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਬਾਅਦ ਵਿੱਚ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ। ਭਾਟੀ ਨੇ ਦਲੀਲ ਦਿੱਤੀ ਕਿ ਹਵਾਰਾ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਨਾਲ ਉਸ ਦੇ ਫਰਾਰ ਹੋਣ ਦੀ ਸੰਭਾਵਨਾ ਵਧ ਸਕਦੀ ਹੈ। ਉਨ੍ਹਾਂ ਇਸ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਉੱਚ ਜੋਖ਼ਮ ਵਾਲੇ ਕੈਦੀਆਂ ਨੂੰ ਇਕ ਜੇਲ੍ਹ ਤੋਂ ਦੂਜੀ ਜੇਲ੍ਹ ਵਿੱਚ ਤਬਦੀਲ ਕਰਨ ਬਾਰੇ ਜਾਰੀ ਸਲਾਹ ਦਾ ਹਵਾਲਾ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਦਾਇਰ ਹਲਫ਼ਨਾਮੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਵਾਰਾ ਦੀ ਤਬਦੀਲੀ ਨਾਲ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਪ੍ਰਭਾਵਿਤ ਹੋ ਸਕਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਵਾਰਾ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਸੁਰੰਗ ਪੁੱਟਣ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ।ਜ਼ਿਕਰਯੋਗ ਹੈ ਕਿ ਅਗਸਤ 1995 ਵਿੱਚ ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤ ਦੇ ਮੁੱਖ ਗੇਟ ’ਤੇ ਹੋਏ ਬੰਬ ਧਮਾਕੇ ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 17 ਜਣਿਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਹਵਾਰਾ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਪਿਛਲੇ ਸਾਲ 27 ਸਤੰਬਰ ਨੂੰ ਸੁਪਰੀਮ ਕੋਰਟ ਨੇ ਹਵਾਰਾ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ, ਚੰਡੀਗੜ੍ਹ ਪ੍ਰਸ਼ਾਸਨ ਅਤੇ ਦਿੱਲੀ ਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਸਨ। ਆਪਣੀ ਪਟੀਸ਼ਨ ਵਿੱਚ ਹਵਾਰਾ ਨੇ ਕਿਹਾ ਸੀ ਕਿ ਜਨਵਰੀ 2004 ਵਿੱਚ ਜੇਲ੍ਹ ਵਿੱਚੋਂ ਫਰਾਰ ਹੋਣ ਦੀ ਘਟਨਾ ਨੂੰ ਛੱਡ ਕੇ ਜੇਲ੍ਹ ਵਿੱਚ ਉਸ ਦਾ ਵਿਹਾਰ ਤਸੱਲੀਬਖ਼ਸ਼ ਰਿਹਾ ਹੈ। ਉਸ ਨੇ ਇਹ ਵੀ ਦਲੀਲ ਦਿੱਤੀ ਸੀ ਕਿ ਦਿੱਲੀ ਵਿੱਚ ਉਸ ਖ਼ਿਲਾਫ਼ ਕੋਈ ਮਾਮਲਾ ਲੰਬਿਤ ਨਹੀਂ ਹੈ, ਇਸ ਲਈ ਉਸ ਨੂੰ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ।22 ਜਨਵਰੀ 2004 ਨੂੰ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭਿਓਰਾ, ਤਾਰਾ ਅਤੇ ਕਤਲ ਦੇ ਇਕ ਹੋਰ ਦੋਸ਼ੀ ਦੇਵੀ ਸਿੰਘ ਨੇ ਚੰਡੀਗੜ੍ਹ ਦੀ ਉੱਚ ਸੁਰੱਖਿਆ ਵਾਲੀ ਬੁੜੈਲ ਜੇਲ੍ਹ ਵਿੱਚੋਂ ਫਰਾਰ ਹੋਣ ਲਈ ਕਰੀਬ 100 ਫੁੱਟ ਲੰਬੀ ਸੁਰੰਗ ਪੁੱਟੀ ਸੀ। ਹਵਾਰਾ ਅਤੇ ਭਿਓਰਾ ਨੂੰ ਅਗਲੇ ਦੋ ਸਾਲਾਂ ਦੌਰਾਨ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਮਾਮਲੇ ਵਿੱਚ ਭਗੌੜਾ ਐਲਾਨਿਆ ਗਿਆ ਤਾਰਾ ਥਾਈਲੈਂਡ ਤੋਂ ਗ੍ਰਿਫ਼ਤਾਰ ਹੋਇਆ ਸੀ, ਜਦਕਿ ਦੇਵੀ ਸਿੰਘ ਅਜੇ ਵੀ ਫਰਾਰ ਹੈ। ਹਵਾਰਾ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਉਹ ਪੰਜਾਬ ਦੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਪੰਜਾਬ ਵਿੱਚ ਦਰਜ ਮਾਮਲੇ ਵਿੱਚ ਹੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਇਸ ਲਈ ਉਸ ਨੂੰ ਪੰਜਾਬ ਦੀ ਜੇਲ੍ਹ ਵਿੱਚ ਰੱਖਿਆ ਜਾਣਾ ਚਾਹੀਦਾ ਹੈ। ਪਟੀਸ਼ਨ ਮੁਤਾਬਕ ਬੇਅੰਤ ਸਿੰਘ ਦੀ ਹੱਤਿਆ ਤੋਂ ਬਾਅਦ ਹਵਾਰਾ ਖ਼ਿਲਾਫ਼ 36 ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ ਇਕ ਨੂੰ ਛੱਡ ਕੇ ਬਾਕੀ ਸਾਰੇ ਮਾਮਲਿਆਂ ਵਿੱਚ ਉਹ ਬਰੀ ਹੋ ਚੁੱਕਾ ਹੈ। ਉਸ ਨੇ ਇਹ ਵੀ ਦਲੀਲ ਦਿੱਤੀ ਸੀ ਕਿ ਇਸੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਅਤੇ ਜੇਲ੍ਹ ਵਿੱਚੋਂ ਫਰਾਰ ਹੋਣ ਦੀ ਘਟਨਾ ਵਿੱਚ ਸ਼ਾਮਲ ਇਕ ਹੋਰ ਵਿਅਕਤੀ ਨੂੰ ਤਿਹਾੜ ਤੋਂ ਚੰਡੀਗੜ੍ਹ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾ ਚੁੱਕਾ ਹੈ।ਹਵਾਰਾ ਨੇ ਕਿਹਾ ਸੀ ਕਿ ਕਈ ਸਾਲ ਪਹਿਲਾਂ ਉਸ ਨੂੰ ਉੱਚ ਜੋਖ਼ਮ ਵਾਲਾ ਕੈਦੀ ਮੰਨਿਆ ਜਾਣਾ ਅੱਜ ਵੀ ਉਸ ਨੂੰ ਦਿੱਲੀ ਦੀ ਜੇਲ੍ਹ ਵਿੱਚ ਰੱਖਣ ਦਾ ਢੁੱਕਵਾਂ ਆਧਾਰ ਨਹੀਂ ਹੋ ਸਕਦਾ। ਉਸ ਨੇ ਇਹ ਵੀ ਦੱਸਿਆ ਸੀ ਕਿ ਉਸ ਦੀ ਧੀ ਪੰਜਾਬ ਵਿੱਚ ਰਹਿੰਦੀ ਹੈ। ਜ਼ਿਕਰਯੋਗ ਹੈ ਕਿ ਹੇਠਲੀ ਅਦਾਲਤ ਨੇ ਮਾਰਚ 2007 ਵਿੱਚ ਹਵਾਰਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ। ਅਕਤੂਬਰ 2010 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਸੀ ਅਤੇ ਹੁਕਮ ਦਿੱਤਾ ਸੀ ਕਿ ਉਸ ਨੂੰ ਬਾਕੀ ਜ਼ਿੰਦਗੀ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ। ਹਵਾਰਾ ਅਤੇ ਇਸਤਗਾਸਾ ਧਿਰ ਵੱਲੋਂ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਦਾਇਰ ਅਪੀਲਾਂ ਅਜੇ ਵੀ ਸੁਪਰੀਮ ਕੋਰਟ ਵਿੱਚ ਲੰਬਿਤ ਹਨ।

Jagtar Singh Hawara Beant Singh Murder Case Supreme Court Intelligence Bureau Ib Report Tihar Jail Punjab Politics Punjab Assembly Elections 2027 Punjab Government Delhi Government Burail Jail Chandigarh News Punjab News


Recommended Posts