November 3, 2026
ਚਮਕੌਰ ਸਾਹਿਬ ਤੋਂ ਹੀ ਚੋਣ ਲੜਨਗੇ ਡਾ. ਚਰਨਜੀਤ ਸਿੰਘ, ਚੰਨੀ ਨੂੰ ਮੁੜ ਹਰਾਉਣ ਦਾ ਕੀਤਾ ਦਾਅਵਾ
Prabhsimran Singh / Punjab
ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਚਰਨਜੀਤ ਸਿੰਘ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਉਹ ਅਗਾਮੀ ਵਿਧਾਨ ਸਭਾ ਚੋਣਾਂ ਚਮਕੌਰ ਸਾਹਿਬ ਹਲਕੇ ਤੋਂ ਹੀ ਲੜਨਗੇ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਨਹੀਂ ਉਤਾਰਦੀ ਤਾਂ ਇਸ ਦਾ ਸਿੱਧਾ ਨੁਕਸਾਨ ਪਾਰਟੀ ਨੂੰ ਹੀ ਝੱਲਣਾ ਪਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀਆਂ ਚਰਚਾਵਾਂ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਹੈ। ਡਾ. ਚਰਨਜੀਤ ਸਿੰਘ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਵੱਲੋਂ ਆਜ਼ਾਦ ਚੋਣ ਲੜਨ ਸਬੰਧੀ ਵਾਇਰਲ ਹੋ ਰਹੀ ਵੀਡੀਓ ਅਤੇ ਖ਼ਬਰ ਨੂੰ ਝੂਠਾ ਤੇ ਬੇਬੁਨਿਆਦ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੇ ਹਨ। ਉਨ੍ਹਾਂ ਮੁਤਾਬਕ ਇਹ ਉਨ੍ਹਾਂ ਦੀ ਅਤੇ ਪਾਰਟੀ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਲਈ ਵਿਰੋਧੀਆਂ ਵੱਲੋਂ ਕੀਤਾ ਜਾ ਰਿਹਾ ਸਾਜ਼ਿਸ਼ੀ ਪ੍ਰਚਾਰ ਹੈ। ਪਾਰਟੀ ਵੱਲੋਂ ਅਜੇ ਤੱਕ ਉਨ੍ਹਾਂ ਦੀ ਟਿਕਟ ਦਾ ਐਲਾਨ ਨਾ ਕੀਤੇ ਜਾਣ ਅਤੇ ਜਸਵੀਰ ਸਿੰਘ ਗੜ੍ਹੀ ਨੂੰ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਬਣਾਏ ਜਾਣ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ਨੇ ਗੜ੍ਹੀ ਨੂੰ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਇਸ ਦਾ ਫਾਇਦਾ ਆਉਣ ਵਾਲੀਆਂ ਚੋਣਾਂ ਵਿੱਚ ਉਨ੍ਹਾਂ ਨੂੰ ਖੁਦ ਹੀ ਮਿਲੇਗਾ। ਵਿਧਾਇਕ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਸਮੇਂ ਵੀ ਪਾਰਟੀ ਹਾਈਕਮਾਂਡ ਨੇ ਤੀਜੀ ਸੂਚੀ ਵਿੱਚ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਾਰੀ ਪਹਿਲੀ ਸੂਚੀ ਵਿੱਚ ਪੰਜਾਬ ਦੇ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਨਾਂ ਵੀ ਸ਼ਾਮਲ ਨਹੀਂ ਸਨ। ਇਸ ਦਾ ਇਹ ਮਤਲਬ ਨਹੀਂ ਕਿ ਉਹ ਦੋਵੇਂ ਚੋਣ ਨਹੀਂ ਲੜਨਗੇ। ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਉਹ ਪਿਛਲੇ 12 ਸਾਲਾਂ ਤੋਂ ਚਮਕੌਰ ਸਾਹਿਬ ਦੇ ਲੋਕਾਂ ਦੀ ਪੂਰੀ ਇਮਾਨਦਾਰੀ ਅਤੇ ਨਿਸ਼ਕਾਮ ਭਾਵਨਾ ਨਾਲ ਸੇਵਾ ਕਰਦੇ ਆ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿੱਚ ਉਹ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਮੁੜ ਚਮਕੌਰ ਸਾਹਿਬ ਤੋਂ ਹੀ ਚੋਣ ਲੜਨਗੇ। ਚੰਨੀ ਨੂੰ ਮੁੜ ਹਰਾਉਣ ਦਾ ਭਰੋਸਾ ਜਤਾਉਂਦਿਆਂ ਡਾ. ਚਰਨਜੀਤ ਸਿੰਘ ਨੇ ਤਨਜ਼ ਕੱਸਿਆ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਉਣ ਦਾ 'ਜਾਦੂਈ ਫਾਰਮੂਲਾ' ਜਾਂ 'ਗਿੱਦੜਸਿੰਗੀ' ਸਿਰਫ਼ ਉਨ੍ਹਾਂ ਕੋਲ ਹੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ 2022 ਦੀਆਂ ਚੋਣਾਂ ਵਾਂਗ 2027 ਵਿੱਚ ਵੀ ਉਹ ਚਰਨਜੀਤ ਸਿੰਘ ਚੰਨੀ ਨੂੰ ਹਰਾ ਕੇ ਮੁੜ ਸ਼ਾਨਦਾਰ ਜਿੱਤ ਦਰਜ ਕਰਨਗੇ।
Aap Dr Charanjit Singh Chamkaur Sahib Charanjit Singh Channi Bhagwant Mann Jasvir Singh Garhi Punjab Politics Punjab Assembly Elections 2027 Aam Aadmi Party Punjab News