November 11, 2026
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਭਾਈ ਜਗਜੀਤ ਸਿੰਘ ਬਬੀਹਾ ਤੇ ਭਾਈ ਕੁਲਵਿੰਦਰ ਸਿੰਘ ਖਰੜ ਦੇ ਕੀਰਤਨੀ ਜਥਿਆਂ ’ਤੇ ਇੱਕ ਮਹੀਨੇ ਦੀ ਰੋਕ
Prabhsimran Singh / Amritsar
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਦੇ ਕੀਰਤਨੀ ਜਥਿਆਂ ਨੂੰ ਸੰਗਤ ਵਿੱਚ ਕੀਰਤਨ ਕਰਨ ਤੋਂ ਇੱਕ ਮਹੀਨੇ ਲਈ ਰੋਕ ਦਿੱਤੀ ਗਈ ਹੈ। ਇਹ ਪਾਬੰਦੀ 13 ਨਵੰਬਰ ਤੋਂ 12 ਦਸੰਬਰ 2026 ਤੱਕ ਲਾਗੂ ਰਹੇਗੀ। ਇਸ ਸਬੰਧੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ ਹੈ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਆਦੇਸ਼ ਅਨੁਸਾਰ, ਪਿਛਲੇ ਕੁਝ ਦਿਨਾਂ ਤੋਂ ਦੋਵਾਂ ਕੀਰਤਨੀ ਜਥਿਆਂ ਵਿਚਕਾਰ ਚੱਲ ਰਹੇ ਆਪਸੀ ਵਿਵਾਦ ਅਤੇ ਸੰਗਤ ਵੱਲੋਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸਿੱਖ ਰਹਿਤ ਮਰਿਆਦਾ, ਸੰਗਤ ਵਿੱਚ ਵਿਚਰਨ ਦੇ ਤਰੀਕੇ ਅਤੇ ਗੁਰਮਤਿ ਸੰਗੀਤ ਦੀ ਸੋਝੀ ਪ੍ਰਾਪਤ ਕਰਨ ਲਈ ਭਾਈ ਜਗਜੀਤ ਸਿੰਘ ਬਬੀਹਾ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਗੁਰਮਤਿ ਸੰਗੀਤ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਮਹੀਨੇ ਤੱਕ ਗੁਰਮਤਿ ਦੀ ਜਾਣਕਾਰੀ ਪ੍ਰਾਪਤ ਕਰਨਗੇ।ਇਸ ਤੋਂ ਇਲਾਵਾ ਦੋਵਾਂ ਨੂੰ ਆਪਣੇ ਮਨ ਵਿੱਚ ਨਿਮਰਤਾ ਲਿਆਉਣ ਲਈ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿੱਚ ਸਵੇਰੇ ਅਤੇ ਸ਼ਾਮ ਸੇਵਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇੱਕ ਮਹੀਨੇ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਦੋਵੇਂ ਸਬੰਧਤ ਸੰਸਥਾਵਾਂ ਤੋਂ ਪ੍ਰਮਾਣ ਪੱਤਰ ਲੈ ਕੇ ਨਿੱਜੀ ਤੌਰ ’ਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਆਦੇਸ਼ ਵਿੱਚ ਗੁਰਬਾਣੀ ਕੀਰਤਨ ਦੀ ਮਹੱਤਤਾ ਬਾਰੇ ਕਿਹਾ ਗਿਆ ਹੈ ਕਿ ਗੁਰਬਾਣੀ ਕੀਰਤਨ ਗੁਰੂ ਪਾਤਸ਼ਾਹ ਵੱਲੋਂ ਬਖ਼ਸ਼ੀ ਹੋਈ ਦਾਤ ਅਤੇ ਰੂਹ ਦੀ ਖੁਰਾਕ ਹੈ। ਕੀਰਤਨ ਕਰਨ ਵਾਲੇ ਵਿਅਕਤੀ ਅੰਦਰ ਗੁਰੂ ਪ੍ਰਤੀ ਭੈਅ-ਭਾਵਨੀ, ਨਿਮਰਤਾ, ਸਿੱਖ ਰਹਿਤ ਮਰਿਆਦਾ ਦੀ ਜਾਣਕਾਰੀ ਅਤੇ ਗੁਰਬਾਣੀ ਸੰਗੀਤ ਪ੍ਰਣਾਲੀ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ।ਆਦੇਸ਼ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪਿਛਲੇ ਕੁਝ ਸਮੇਂ ਤੋਂ ਦੋਵਾਂ ਕੀਰਤਨੀ ਜਥਿਆਂ ਵੱਲੋਂ ਜਿੱਥੇ ਗੁਰਬਾਣੀ ਕੀਰਤਨ ਦੀ ਮਰਿਆਦਾ ਦੀ ਉਲੰਘਣਾ ਕੀਤੀ ਗਈ ਹੈ, ਉੱਥੇ ਹੀ ਇੱਕ-ਦੂਜੇ ਵਿਰੁੱਧ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਅਤੇ ਸੋਸ਼ਲ ਮੀਡੀਆ ਰਾਹੀਂ ਹਲਕੇ ਪੱਧਰ ਦੀ ਦੂਸ਼ਣਬਾਜ਼ੀ ਵੀ ਕੀਤੀ ਜਾ ਰਹੀ ਹੈ। ਇਸ ਕਾਰਨ ਪੁਰਾਤਨ ਕੀਰਤਨੀਆਂ ਅਤੇ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ।
Sri Akal Takht Sahib Giani Kuldeep Singh Gargajj Bhai Jagjit Singh Babeeha Bhai Kulwinder Singh Khara Sikh News Punjab News Gurbani Kirtan Sikh Religious Affairs Sikh Rehat Maryada Gurmat Sangeet Amritsar Anandpur Sahib