November 11, 2026
ਪੰਜਾਬ ਕਾਂਗਰਸ ਨੇ ਸ਼ੁਰੂ ਕੀਤਾ ‘ਪੰਜਾਬ ਮੰਗਦਾ ਇਨਸਾਫ਼’ ਅਭਿਆਨ, ਬਾਜਵਾ ਬੋਲੇ- ‘ਆਪ’ ਸਰਕਾਰ ਹਰ ਮੋਰਚੇ ’ਤੇ ਫੇਲ੍ਹ
Prabhsimran Singh / Punjab
ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਬੁੱਧਵਾਰ ਨੂੰ ‘ਪੰਜਾਬ ਮੰਗਦਾ ਇਨਸਾਫ਼’ ਅਭਿਆਨ ਦੀ ਸ਼ੁਰੂਆਤ ਕੀਤੀ ਹੈ। ਇਸ ਅਭਿਆਨ ਰਾਹੀਂ ਪਾਰਟੀ ਵੱਲੋਂ ਸਮਾਜ ਦੇ ਹਰ ਵਰਗ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਉਠਾਇਆ ਜਾਵੇਗਾ। ਇਸ ਦੀ ਸ਼ੁਰੂਆਤ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਕੀਤੀ। ਪਾਰਟੀ ਅਨੁਸਾਰ ਇਸ ਅਭਿਆਨ ਦਾ ਮੁੱਖ ਉਦੇਸ਼ ਪੰਜਾਬ ਦੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਅਤੇ ਕਿਸਾਨਾਂ, ਨੌਜਵਾਨਾਂ, ਨਸ਼ਿਆਂ ਦੀ ਸਮੱਸਿਆ, ਕਾਨੂੰਨ-ਵਿਵਸਥਾ ਅਤੇ ਜਨਹਿਤ ਨਾਲ ਜੁੜੇ ਹੋਰ ਅਹਿਮ ਮੁੱਦਿਆਂ ਨੂੰ ਉਠਾਉਣਾ ਹੈ। ਇਸ ਤਹਿਤ ਪੰਜਾਬ ਕਾਂਗਰਸ ਦੇ ਆਗੂ ਸੂਬੇ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਨਗੇ ਅਤੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਅਭਿਆਨ ਦੀ ਸ਼ੁਰੂਆਤ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰਨ, ਪੁਰਾਣੀ ਪੈਨਸ਼ਨ ਯੋਜਨਾ ਲਾਗੂ ਨਾ ਕਰਨ, ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਪੰਜਾਬ ਦੀ ਮਾੜੀ ਵਿੱਤੀ ਹਾਲਤ ਵਰਗੇ ਮੁੱਦਿਆਂ 'ਤੇ ਘੇਰਿਆ ਜਾਵੇਗਾ। ਬਾਜਵਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ 'ਤੇ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ 'ਆਪ' ਆਗੂ ਅਰਵਿੰਦ ਕੇਜਰੀਵਾਲ ਨੇ ਕਾਲਜਾਂ, ਮੈਡੀਕਲ ਕਾਲਜਾਂ ਅਤੇ ਸੜਕਾਂ ਤੇ ਪੁਲਾਂ ਸਮੇਤ ਨਵੇਂ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਹਰ ਸਾਲ 54,000 ਕਰੋੜ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਇਹ ਰਕਮ ਪੰਜਾਬ ਨੂੰ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਸਬੰਧੀ ਕੇਜਰੀਵਾਲ ਤੋਂ ਜਵਾਬ ਮੰਗੇਗੀ ਕਿ ਵਾਅਦਾ ਕੀਤੇ ਗਏ ਪੈਸੇ ਕਿੱਥੇ ਗਏ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਕਿਸਾਨਾਂ, ਔਰਤਾਂ ਅਤੇ ਵਪਾਰੀਆਂ ਲਈ ਵੀ ਕੋਈ ਠੋਸ ਕੰਮ ਨਹੀਂ ਕੀਤਾ। ਕਾਂਗਰਸ ਇਸ ਅਭਿਆਨ ਰਾਹੀਂ ਇਨ੍ਹਾਂ ਵਰਗਾਂ ਦੇ ਮੁੱਦਿਆਂ ਨੂੰ ਵੀ ਪ੍ਰਮੁੱਖਤਾ ਨਾਲ ਉਠਾਏਗੀ। ਇਸ ਦੌਰਾਨ ਕਾਂਗਰਸ ਸੰਸਦ ਮੈਂਬਰ ਅਤੇ ਪਾਰਟੀ ਦੀ ਪ੍ਰਚਾਰ ਕਮੇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੰਨੀ ਵੱਲੋਂ 12 ਨਵੰਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਸਾਈਕਲ ਯਾਤਰਾ ਬਾਰੇ ਪੁੱਛੇ ਸਵਾਲ 'ਤੇ ਬਾਜਵਾ ਨੇ ਕਿਹਾ ਕਿ ਇਹ ਵੀ ਪਾਰਟੀ ਦੇ ਪ੍ਰੋਗਰਾਮ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਚੰਨੀ ਦੇ ਇਸ ਪ੍ਰੋਗਰਾਮ ਨਾਲ ਕਾਂਗਰਸ ਦਾ ਸੁਨੇਹਾ ਪੂਰੇ ਪੰਜਾਬ ਵਿੱਚ ਪਹੁੰਚੇਗਾ ਅਤੇ ਪਾਰਟੀ ਦੇ ਸਾਰੇ ਆਗੂ ਮਿਲ ਕੇ ਇਸ ਅਭਿਆਨ ਨੂੰ ਅੱਗੇ ਵਧਾਉਣਗੇ। ਉਨ੍ਹਾਂ ਦੱਸਿਆ ਕਿ ਕਾਂਗਰਸੀ ਆਗੂ ਅਗਲੇ ਦਿਨ ਚੰਨੀ ਦੀ ਸਾਈਕਲ ਯਾਤਰਾ ਵਿੱਚ ਵੀ ਸ਼ਾਮਲ ਹੋਣਗੇ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮਾਝਾ, ਮਾਲਵਾ ਅਤੇ ਦੋਆਬਾ ਖੇਤਰਾਂ ਵਿੱਚ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣਗੇ, ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਬਣਾਈ ਜਾ ਸਕੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਾਣਿਆ ਜਾ ਸਕੇ। ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਨੇ ‘ਜਵਾਨੀ ਸੰਭਾਲ, ਜੱਟਾ’ ਦੇ ਨਾਂ ਹੇਠ ਸਾਈਕਲ ਯਾਤਰਾ ਦੀ ਯੋਜਨਾ ਬਣਾਈ ਹੈ। ਇਸ ਦੌਰਾਨ ਉਹ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਜਾ ਕੇ ਲੋਕਾਂ ਨਾਲ ਸੰਪਰਕ ਕਰਨਗੇ। ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਹੋਣੀਆਂ ਹਨ।
Punjab Congress Punjab Mangda Insaaf Partap Singh Bajwa Pargat Singh Charanjit Singh Channi Punjab Politics Punjab Assembly Elections 2027 Aam Aadmi Party Arvind Kejriwal Punjab News Congress Campaign Punjab Government Jawan Sambhal Jatta