November 13, 2026
ਪੰਜਾਬ ਵਿੱਚ ਕਾਂਗਰਸ ਜਾਂ ਨਸ਼ਾ ਤੇ ਗੈਂਗਸਟਰਵਾਦ ਰਹੇਗਾ: ਚਰਨਜੀਤ ਸਿੰਘ ਚੰਨੀ, ‘ਆਪ’ ਸਰਕਾਰ ’ਤੇ ਲਾਏ ਪੰਜਾਬ ਦੀ ਲੁੱਟ ਦੇ ਦੋਸ਼
Prabhsimran Singh / Samrala
ਸਮਰਾਲਾ, 13 ਨਵੰਬਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਗਲੀ ਸਰਕਾਰ ਕਾਂਗਰਸ ਦੀ ਬਣਨ ਤੋਂ ਬਾਅਦ ਜਾਂ ਤਾਂ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਅਤੇ ਗੈਂਗਸਟਰਵਾਦ ਨੇ ਬੁਰੀ ਤਰ੍ਹਾਂ ਤਬਾਹ ਕਰਕੇ ਰੱਖ ਦਿੱਤਾ ਹੈ। ਉਹ ‘ਜਵਾਨੀ ਸੰਭਾਲ ਯਾਤਰਾ’ ਦੌਰਾਨ ਹਲਕਾ ਸਮਰਾਲਾ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਰਿਹਾਇਸ਼ ’ਤੇ ਰਾਤ ਵਿਸ਼ਰਾਮ ਕਰਨ ਤੋਂ ਬਾਅਦ ਅਗਲੇ ਪੜਾਅ ਲਈ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਨਸ਼ਿਆਂ, ਗੈਂਗਸਟਰਵਾਦ ਅਤੇ ਵਧ ਰਹੇ ਅਪਰਾਧਾਂ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਨੇ ਸਰਕਾਰ ਬਣਨ ਦੀ ਸੂਰਤ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਕਰਨ ਲਈ ਨੀਤੀ ਤਿਆਰ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ‘ਜਵਾਨੀ ਸੰਭਾਲ ਯਾਤਰਾ’ ਕੱਢਣ ਦਾ ਮੁੱਖ ਮਕਸਦ ਪਰਿਵਾਰਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਉਹ ਆਪਣੇ ਪੁੱਤਾਂ ਦਾ ਧਿਆਨ ਰੱਖਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ।ਟਰਾਂਸਪੋਰਟਰਾਂ ਦੀਆਂ ਮੁਸ਼ਕਲਾਂ ਦਾ ਜ਼ਿਕਰ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਟਰਾਂਸਪੋਰਟਰਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਸਰਕਾਰ ਵੱਲੋਂ ਚਾਰ ਸਾਲਾਂ ਦਾ ਇਕੱਠਾ ਟੈਕਸ ਵਸੂਲਣ ਦਾ ਫ਼ਰਮਾਨ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਟਰਾਂਸਪੋਰਟ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਾਂਗਰਸ ਸਰਕਾਰ ਬਣਨ ’ਤੇ ਟਰਾਂਸਪੋਰਟਰਾਂ ਅਤੇ ਟਰੱਕ ਯੂਨੀਅਨਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਮਾਈਨਿੰਗ ਦੇ ਮੁੱਦੇ ’ਤੇ ‘ਆਪ’ ਸਰਕਾਰ ਨੂੰ ਘੇਰਦਿਆਂ ਚੰਨੀ ਨੇ ਕਿਹਾ ਕਿ ਸਰਕਾਰ ਨੇ ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਇਕੱਠੇ ਕਰਨ ਦਾ ਦਾਅਵਾ ਕੀਤਾ ਸੀ, ਪਰ ਉਨ੍ਹਾਂ ਮੁਤਾਬਕ ਅੱਜ ਤੱਕ 20 ਕਰੋੜ ਰੁਪਏ ਵੀ ਇਕੱਠੇ ਨਹੀਂ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਨਾਜਾਇਜ਼ ਮਾਈਨਿੰਗ ਜ਼ੋਰਾਂ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ ’ਤੇ ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਇਕੱਠੇ ਕਰਕੇ ਇਹ ਰਕਮ ਲੋਕਾਂ ਦੀਆਂ ਸਹੂਲਤਾਂ ’ਤੇ ਖ਼ਰਚ ਕੀਤੀ ਜਾਵੇਗੀ।ਚੰਨੀ ਨੇ ਦੱਸਿਆ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੀ ਅਰਥਵਿਵਸਥਾ ਨੂੰ ਸੁਧਾਰਨ ਲਈ ਰੋਡਮੈਪ ਵੀ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ ’ਤੇ ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ ਮਿਲਣ ਵਾਲੀ ਸਨਮਾਨ ਰਾਸ਼ੀ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ, ਸਗੋਂ ਇਸ ਵਿੱਚ ਵਾਧਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਖੀ ਯੋਜਨਾ ਤਹਿਤ ਕੰਮ ਕਰ ਰਹੀਆਂ ਔਰਤਾਂ ਨੂੰ ਪੱਕਾ ਕਰਨ ਦਾ ਵਾਅਦਾ ਵੀ ਕੀਤਾ। ਅਕਾਲੀ-ਭਾਜਪਾ ਗੱਠਜੋੜ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਚੰਨੀ ਨੇ ਕਿਹਾ ਕਿ ਲੋਕ ਕਿਸਾਨਾਂ ਨੂੰ ਸ਼ਹੀਦ ਕਰਨ ਵਾਲੀ ਐੱਨ.ਡੀ.ਏ. ਦਾ ਹੁਣ ਬਿਲਕੁਲ ਵੀ ਸਾਥ ਨਹੀਂ ਦੇਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਵੀ ਪਾਰਟੀ ਨੂੰ ਬਹੁਮਤ ਨਾ ਮਿਲਿਆ ਤਾਂ ਕਾਂਗਰਸ ਨਾ ਤਾਂ ਆਮ ਆਦਮੀ ਪਾਰਟੀ ਤੋਂ ਸਮਰਥਨ ਲਵੇਗੀ ਅਤੇ ਨਾ ਹੀ ਉਸ ਨੂੰ ਸਮਰਥਨ ਦੇਵੇਗੀਸਾਬਕਾ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਦਿੱਲੀ ਵਿੱਚ ਬੈਠੇ ਆਗੂਆਂ ਦੇ ਇਸ਼ਾਰਿਆਂ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਵਿਧਾਇਕਾਂ ਨੇ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਆਮ ਆਦਮੀ ਪਾਰਟੀ ਤੋਂ ਸੂਬੇ ਦੀ ਲੁੱਟ ਦਾ ਹਿਸਾਬ ਲਿਆ ਜਾਵੇਗਾ ਅਤੇ ਲੋਕਾਂ ਦਾ ਪੈਸਾ ਵਾਪਸ ਲੋਕਾਂ ਤੱਕ ਪਹੁੰਚਾਇਆ ਜਾਵੇਗਾ।
Charanjit Singh Channi Punjab Congress Punjab Politics Jawan Sambhal Yatra Samrala Aam Aadmi Party Bhagwant Mann Drug Menace Gangsterism Punjab Elections Illegal Mining Transporters Women Empowerment Congress Government Punjab News