November 13, 2026
ਪੰਜਾਬ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ, ਬਕਾਇਆ ਬਿੱਲਾਂ ’ਤੇ ਜੁਰਮਾਨਾ ਤੇ ਵਿਆਜ ਹੋਵੇਗਾ ਮੁਆਫ਼; Cm ਮਾਨ ਵੱਲੋਂ Ots ਸਕੀਮ ਦਾ ਐਲਾਨ
Prabhsimran Singh / Punjab
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਵਿੱਤੀ ਰਾਹਤ ਦਿੰਦਿਆਂ ਬਕਾਇਆ ਬਿਜਲੀ ਬਿੱਲਾਂ ਦੇ ਨਿਪਟਾਰੇ ਲਈ ‘ਯਕਮੁਸ਼ਤ ਨਿਪਟਾਰਾ ਸਕੀਮ’ (OTS) ਦਾ ਐਲਾਨ ਕੀਤਾ ਹੈ। ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਇਸ ਯੋਜਨਾ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਡਿਫਾਲਟਰ ਘਰੇਲੂ ਬਿਜਲੀ ਖਪਤਕਾਰਾਂ ਨੂੰ ਬਕਾਇਆ ਬਿੱਲਾਂ ’ਤੇ ਲੱਗੇ ਜੁਰਮਾਨੇ ਅਤੇ ਵਿਆਜ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਖਪਤਕਾਰਾਂ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ 45 ਦਿਨਾਂ ਦਾ ਸਮਾਂ ਮਿਲੇਗਾ। ਯੋਜਨਾ ਦੀਆਂ ਸ਼ਰਤਾਂ ਮੁਤਾਬਕ ਖਪਤਕਾਰਾਂ ਨੂੰ ਆਪਣੇ ਬਕਾਇਆ ਬਿਜਲੀ ਬਿੱਲਾਂ ਦੀ ਸਿਰਫ਼ ਮੂਲ ਰਕਮ ਹੀ ਅਦਾ ਕਰਨੀ ਪਵੇਗੀ, ਜਦਕਿ ਬਿੱਲਾਂ ’ਤੇ ਲੱਗਿਆ ਬਾਕੀ ਸਾਰਾ ਜੁਰਮਾਨਾ ਅਤੇ ਵਿਆਜ ਮੁਆਫ਼ ਕਰ ਦਿੱਤਾ ਜਾਵੇਗਾ।ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਵੱਲ ਕੁੱਲ 2,516 ਕਰੋੜ ਰੁਪਏ ਦੇ ਬਿਜਲੀ ਬਿੱਲ ਬਕਾਇਆ ਹਨ। ਇਸ ਸਕੀਮ ਤਹਿਤ ਰਾਹਤ ਲੈਣ ਵਾਲੇ ਖਪਤਕਾਰਾਂ ਨੂੰ ਸਭ ਤੋਂ ਪਹਿਲਾਂ ਬਕਾਇਆ ਮੂਲ ਰਕਮ ਦਾ 25 ਫ਼ੀਸਦੀ ਹਿੱਸਾ ਜਮ੍ਹਾਂ ਕਰਵਾਉਣਾ ਪਵੇਗਾ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੀ 75 ਫ਼ੀਸਦੀ ਮੂਲ ਰਕਮ ਦੀ ਅਦਾਇਗੀ ਲਈ ਵੀ ਖਪਤਕਾਰਾਂ ਨੂੰ ਸਹੂਲਤ ਦਿੱਤੀ ਜਾਵੇਗੀ। ਇਹ ਰਕਮ ਛੇ-ਛੇ ਮਹੀਨਿਆਂ ਦੀਆਂ ਦੋ ਆਸਾਨ ਕਿਸ਼ਤਾਂ ਵਿੱਚ ਜਮ੍ਹਾਂ ਕਰਵਾਈ ਜਾ ਸਕੇਗੀ। ਇਸ ਤਰ੍ਹਾਂ ਖਪਤਕਾਰਾਂ ਨੂੰ ਇੱਕੋ ਵਾਰ ਪੂਰੀ ਬਕਾਇਆ ਰਕਮ ਅਦਾ ਕਰਨ ਦੀ ਬਜਾਏ ਕਿਸ਼ਤਾਂ ਰਾਹੀਂ ਆਪਣੇ ਬਿਜਲੀ ਬਿੱਲਾਂ ਦਾ ਨਿਪਟਾਰਾ ਕਰਨ ਦਾ ਮੌਕਾ ਮਿਲੇਗਾ।
Punjab News Bhagwant Mann Punjab Government Electricity Bill Relief Ots Scheme One Time Settlement Scheme Punjab Electricity Consumers Electricity Bill Waiver Power Department Punjab Punjab Latest News Domestic Electricity Consumers