November 14, 2026
ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗਾ ਸ਼ਰਧਾਂਜਲੀ ਸਮਾਗਮ, ਤਿਆਰੀਆਂ ਮੁਕੰਮਲ
Prabhsimran Singh / Talwandi Sabo
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਾਏ ਜਾ ਰਹੇ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਵਿੱਚ ਪੰਜਾਬ ਭਰ ਤੋਂ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸ਼ਨ ਕਮੇਟੀ ਮਾਨਸਾ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸਮਾਗਮ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਦੀ ਆਮਦ ਅਤੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ।ਉਨ੍ਹਾਂ ਦੱਸਿਆ ਕਿ ਸ਼ਰਧਾਂਜਲੀ ਸਮਾਗਮ ਦੌਰਾਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਸਜਦਾ ਕਰਦਿਆਂ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਅਹਿਦ ਲਿਆ ਜਾਵੇਗਾ। ਇਸ ਦੇ ਨਾਲ ਹੀ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਇਕਜੁੱਟ ਹੋ ਕੇ ਸੰਘਰਸ਼ ਜਾਰੀ ਰੱਖਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਸਮੂਹਿਕ ਯਤਨ ਕਰਨ ਦਾ ਸੰਕਲਪ ਵੀ ਲਿਆ ਜਾਵੇਗਾ। ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫ਼ੌਜੀ, ਨਸ਼ਿਆਂ ਵਿਰੋਧੀ ਟਾਸਕ ਫੋਰਸ ਦੇ ਆਗੂ ਅਮਨਦੀਪ ਸਿੰਘ ਪਟਵਾਰੀ ਅਤੇ ਗਗਨਦੀਪ ਸਿੰਘ ਸਿਰਸੀਵਾਲਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸ਼ਰਧਾਂਜਲੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਸੰਕਲਪ ਵਿੱਚ ਆਪਣਾ ਯੋਗਦਾਨ ਪਾਉਣ।
Parvinder Singh Jhota Mansa News Punjab News Talwandi Sabo Takht Sri Damdama Sahib Tribute Ceremony Anti Drug Campaign Drug Free Punjab Punjab Farmers Punjab Youth