November 14, 2026
ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤੇਜ਼, ਪਟਿਆਲਾ ’ਚ Evm ਅਤੇ Vvpat ਮਸ਼ੀਨਾਂ ਦੀ ਜਾਂਚ ਸ਼ੁਰੂ
Prabhsimran Singh / Patiala
ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਭਾਰਤ ਇਲੈਕਟ੍ਰਾਨਿਕਸ ਲਿਮਟਿਡ (BEL) ਵੱਲੋਂ ਤਿਆਰ ਕੀਤੀਆਂ ਐੱਮ-3 ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVMs) ਅਤੇ ਵੀ.ਵੀ.ਪੈਟ (VVPAT) ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ (FLC) ਸ਼ੁਰੂ ਹੋ ਗਈ ਹੈ। ਇਹ ਜਾਂਚ ਨਾਭਾ ਰੋਡ ਸਥਿਤ ਜ਼ਿਲ੍ਹਾ ਪੱਧਰੀ ਵੇਅਰਹਾਊਸ ਵਿਖੇ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਹ ਸਮੁੱਚੀ ਕਾਰਵਾਈ ਪੰਜਾਬ ਦੇ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੇ ਨਿਰਦੇਸ਼ਾਂ ਹੇਠ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਗਾਮੀ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਇਹ ਜਾਂਚ ਬੇਹੱਦ ਮਹੱਤਵਪੂਰਨ ਹੈ। ਇਸ ਦਾ ਮੁੱਖ ਉਦੇਸ਼ ਮਸ਼ੀਨਾਂ ਦੀ ਤਕਨੀਕੀ ਕਾਰਜਕੁਸ਼ਲਤਾ ਦੀ ਬਾਰੀਕੀ ਨਾਲ ਜਾਂਚ ਕਰਨਾ ਹੈ, ਤਾਂ ਜੋ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਦਰੁਸਤ ਅਤੇ ਕਾਰਜਸ਼ੀਲ ਮਸ਼ੀਨਾਂ ਦੀ ਹੀ ਵਰਤੋਂ ਯਕੀਨੀ ਬਣਾਈ ਜਾ ਸਕੇ।ਉਨ੍ਹਾਂ ਦੱਸਿਆ ਕਿ EVM ਅਤੇ VVPAT ਮਸ਼ੀਨਾਂ ਦੀ ਇਹ ਪਹਿਲੇ ਪੱਧਰ ਦੀ ਜਾਂਚ ਭਾਰਤ ਇਲੈਕਟ੍ਰਾਨਿਕਸ ਲਿਮਟਿਡ (BEL) ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਕੀਤੀ ਜਾ ਰਹੀ ਹੈ। ਇਸ ਪੂਰੀ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਅਤੇ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਇਹ ਵੀ ਦੱਸਿਆ ਕਿ ਇਸ ਜਾਂਚ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਮੌਕੇ ’ਤੇ ਮੌਜੂਦ ਰਹਿ ਕੇ ਜਾਂਚ ਦੇਖਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਜਾਂਚ ਪ੍ਰਕਿਰਿਆ ਦੀ ਨਿਗਰਾਨੀ ਲਈ ਆਪਣੀ ਪਾਰਟੀ ਵੱਲੋਂ ਇੱਕ ਮੈਂਬਰ ਨਾਮਜ਼ਦ ਕਰਨ ਅਤੇ ਉਸ ਦੀ ਸੂਚੀ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ।ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪੱਧਰੀ ਵੇਅਰਹਾਊਸ ਵਿੱਚ ਦਾਖ਼ਲ ਹੋਣ ਲਈ ਨਾਮਜ਼ਦ ਨੁਮਾਇੰਦਿਆਂ ਕੋਲ ਐਂਟਰੀ ਪਾਸ ਹੋਣਾ ਲਾਜ਼ਮੀ ਹੈ। ਇਹ ਪਾਸ ਸਬੰਧਤ ਸਿਆਸੀ ਪਾਰਟੀ ਦਾ ਅਧਿਕਾਰ ਪੱਤਰ ਜਮ੍ਹਾਂ ਕਰਵਾ ਕੇ ਜ਼ਿਲ੍ਹਾ ਚੋਣ ਦਫ਼ਤਰ, ਪਟਿਆਲਾ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।
Punjab Assembly Elections 2027 Patiala News Evm Inspection Vvpat Machines Election Commission Of India Himanshu Jain Anindita Mitra Bharat Electronics Limited First Level Checking Punjab Election Preparations