November 15, 2026
ਤਰਨ ਤਾਰਨ ਬੱਸ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ
Prabhsimran Singh / Tarn Taran
ਤਰਨ ਤਾਰਨ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਦੀਆਂ ਦੋ ਬੱਸਾਂ ਵਿਚਾਲੇ ਹੋਏ ਭਿਆਨਕ ਸੜਕ ਹਾਦਸੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀੜਤ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਪੰਜ ਵਿਅਕਤੀਆਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ 11 ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅੱਜ ਸਰਕਾਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਪਹੁੰਚੇ, ਜਿੱਥੇ ਹਾਦਸੇ ਵਿੱਚ ਜ਼ਖ਼ਮੀ ਹੋਏ 11 ਵਿਅਕਤੀ ਜ਼ੇਰੇ ਇਲਾਜ ਹਨ। ਉਨ੍ਹਾਂ ਨੇ ਲਗਪਗ 45 ਮਿੰਟ ਹਸਪਤਾਲ ਵਿੱਚ ਰਹਿ ਕੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਸਪੱਸ਼ਟ ਕੀਤਾ ਕਿ ਸਾਰੇ ਜ਼ਖ਼ਮੀਆਂ ਦੇ ਇਲਾਜ ਦਾ ਪੂਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ।ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਸ ਹਾਦਸੇ ਦੀ ਜਾਂਚ ਕਰਵਾਉਣ ਜਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਚੱਲਣ ਵਾਲੀਆਂ ਬੱਸਾਂ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਦੀ ਸੰਭਾਵਨਾ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਇਹ ਮਹਿਜ਼ ਇੱਕ ਸੜਕ ਹਾਦਸਾ ਸੀ। ਉਨ੍ਹਾਂ ਹਾਦਸੇ ਦੇ ਕਾਰਨਾਂ ਬਾਰੇ ਦੱਸਦਿਆਂ ਕਿਹਾ ਕਿ ਸੜਕ ’ਤੇ ਇੱਕ ਚਾਲਕ ਵੱਲੋਂ ਅਚਾਨਕ ਮੋੜ ਕੱਟਣ ਕਾਰਨ ਇੱਕ ਬੱਸ ਦੇ ਡਰਾਈਵਰ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸ ਨੇ ਤੇਜ਼ੀ ਨਾਲ ਬੱਸ ਨੂੰ ਦੂਜੇ ਪਾਸੇ ਮੋੜ ਦਿੱਤਾ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਮਹਿਜ਼ ਇਤਫ਼ਾਕ ਸੀ ਕਿ ਉਸੇ ਸਮੇਂ ਦੂਜੇ ਪਾਸਿਓਂ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਇੱਕ ਹੋਰ ਬੱਸ ਆ ਰਹੀ ਸੀ, ਜਿਸ ਕਾਰਨ ਦੋਵਾਂ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਚਾਰ ਸ਼ਰਧਾਲੂਆਂ ਅਤੇ ਮੋਟਰਸਾਈਕਲ ਸਵਾਰ ਇੱਕ ਔਰਤ ਦੀ ਮੌਤ ਹੋ ਗਈ, ਜਦਕਿ 11 ਹੋਰ ਵਿਅਕਤੀ ਜ਼ਖ਼ਮੀ ਹੋ ਗਏ।ਜ਼ਖ਼ਮੀਆਂ ਦੀ ਸਿਹਤ ਬਾਰੇ ਜਾਣਕਾਰੀ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਈ ਜ਼ਖ਼ਮੀਆਂ ਦੇ ਸਿਰ ਵਿੱਚ ਸੱਟਾਂ ਲੱਗੀਆਂ ਹਨ ਅਤੇ ਕਈਆਂ ਦੀਆਂ ਹੱਡੀਆਂ ਟੁੱਟੀਆਂ ਹਨ। ਹਾਲਾਂਕਿ, ਇਲਾਜ ਕਰ ਰਹੇ ਡਾਕਟਰਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਸਾਰੇ ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ। ਮੁੱਖ ਮੰਤਰੀ ਨੇ ਤੀਰਥ ਯਾਤਰਾ ਯੋਜਨਾ ਦੇ ਪ੍ਰਬੰਧਾਂ ਦਾ ਬਚਾਅ ਕਰਦਿਆਂ ਕਿਹਾ ਕਿ ਇਹ ਯੋਜਨਾ ਪੂਰੀ ਤਰ੍ਹਾਂ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ 70 ਬੱਸਾਂ ਰਾਹੀਂ 3,000 ਤੋਂ ਵੱਧ ਸ਼ਰਧਾਲੂ ਇਸ ਸਹੂਲਤ ਦਾ ਲਾਭ ਲੈ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਇਨ੍ਹਾਂ ਬੱਸਾਂ ਦੇ 17,000 ਗੇੜਿਆਂ ਰਾਹੀਂ ਸੱਤ ਲੱਖ ਤੋਂ ਵੱਧ ਸ਼ਰਧਾਲੂ ਆਪਣੀ ਤੀਰਥ ਯਾਤਰਾ ਪੂਰੀ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਯੋਜਨਾ ਤਹਿਤ ਚੱਲਣ ਵਾਲੀਆਂ ਬੱਸਾਂ ਨਾਲ ਅਜਿਹਾ ਕੋਈ ਹਾਦਸਾ ਨਹੀਂ ਵਾਪਰਿਆ ਸੀ।
Bhagwant Mann Tarn Taran Bus Accident Punjab News Cm Pilgrimage Bus Scheme Ex Gratia Compensation Punjab Government Road Accident Tarn Taran Guru Nanak Dev Hospital Accident Victims