November 20, 2026
ਬਾਬਾ ਗੁਰਿੰਦਰ ਸਿੰਘ ਦੀ ਜਲੰਧਰ ਫੇਰੀ ਨੇ ਸਿਆਸੀ ਹਲਕਿਆਂ 'ਚ ਛੇੜੀ ਚਰਚਾ, ਪ੍ਰਗਟ ਸਿੰਘ ਤੇ ਸੁਸ਼ੀਲ ਰਿੰਕੂ ਨਾਲ ਕੀਤੀ ਮੁਲਾਕਾਤ
Prabhsimran Singh / Jalandhar
ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਲੰਧਰ ਪਹੁੰਚ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੇ ਘਰ ਪਹੁੰਚ ਕੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ। ਡੇਰਾ ਮੁਖੀ ਦੀ ਇਸ ਫੇਰੀ ਨੂੰ ਲੈ ਕੇ ਜਲੰਧਰ ਦੇ ਸਿਆਸੀ ਹਲਕਿਆਂ ਵਿੱਚ ਕਾਫ਼ੀ ਚਰਚਾ ਛਿੜ ਗਈ ਹੈ। ਬਾਬਾ ਗੁਰਿੰਦਰ ਸਿੰਘ ਦੀ ਜਲੰਧਰ ਫੇਰੀ ਦੌਰਾਨ ਕਮਿਸ਼ਨਰੇਟ ਪੁਲੀਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਜਿਵੇਂ ਹੀ ਡੇਰਾ ਮੁਖੀ ਦੇ ਜਲੰਧਰ ਪਹੁੰਚਣ ਦੀ ਖ਼ਬਰ ਉਨ੍ਹਾਂ ਦੇ ਪੈਰੋਕਾਰਾਂ ਤੱਕ ਪਹੁੰਚੀ ਤਾਂ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ। ਖ਼ਾਸ ਗੱਲ ਇਹ ਹੈ ਕਿ ਡੇਰਾ ਮੁਖੀ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਦੇ ਘਰ ਜਾ ਕੇ ਕੀਤੀਆਂ ਗਈਆਂ ਇਨ੍ਹਾਂ ਮੁਲਾਕਾਤਾਂ ਨੇ ਸਿਆਸੀ ਚਰਚਾ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਹਾਲਾਂਕਿ, ਇਨ੍ਹਾਂ ਮੁਲਾਕਾਤਾਂ ਦੌਰਾਨ ਕਿਹੜੇ ਮੁੱਦਿਆਂ 'ਤੇ ਗੱਲਬਾਤ ਹੋਈ, ਇਸ ਬਾਰੇ ਹਾਲੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਉੱਧਰ, ਸਿਆਸੀ ਆਗੂ ਵੀ ਬਾਬਾ ਗੁਰਿੰਦਰ ਸਿੰਘ ਦੀ ਇਸ ਫੇਰੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ।
Baba Gurinder Singh Radha Soami Dera Beas Jalandhar News Pargat Singh Sushil Rinku Punjab Politics Punjab News Dera Beas