November 22, 2026
ਤਲਵੰਡੀ ਸਲੇਮ ਦੇ ਸਰਪੰਚ ਦੀ ਗ੍ਰਿਫ਼ਤਾਰੀ ਲਈ ਨਕੋਦਰ ਡੀ.ਐੱਸ.ਪੀ. ਦਫ਼ਤਰ ਅੱਗੇ ਵਿਸ਼ਾਲ ਧਰਨਾ, ਹਜ਼ਾਰਾਂ ਲੋਕ ਹੋਏ ਸ਼ਾਮਲ
Prabhsimran Singh / Jalandhar
ਪਿੰਡ ਤਲਵੰਡੀ ਸਲੇਮ ਦੇ ਸਰਪੰਚ ਅਤੇ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅਨੇਕਾਂ ਜਥੇਬੰਦੀਆਂ ਵੱਲੋਂ ਨਕੋਦਰ ਸਥਿਤ ਡੀ.ਐੱਸ.ਪੀ. ਦਫ਼ਤਰ ਅੱਗੇ ਵਿਸ਼ਾਲ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਧਰਨੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਮੁਲਾਜ਼ਮ, ਨੌਜਵਾਨ, ਵਿਦਿਆਰਥੀ ਅਤੇ ਔਰਤਾਂ ਸ਼ਾਮਲ ਹੋ ਰਹੀਆਂ ਹਨ। ਧਰਨਾਕਾਰੀਆਂ ਵੱਲੋਂ ਪੁਲੀਸ ਪ੍ਰਸ਼ਾਸਨ ਤੋਂ ਸਰਪੰਚ ਅਤੇ ਉਸ ਦੇ ਸਾਥੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਿੰਡ ਤਲਵੰਡੀ ਸਲੇਮ ਵਿੱਚ ਇਨਕਲਾਬੀ ਕਵੀ ਅਵਤਾਰ ਪਾਸ਼ ਅਤੇ ਉਨ੍ਹਾਂ ਦੇ ਸਾਥੀ ਹੰਸ ਰਾਜ ਦੀ ਯਾਦ ਵਿੱਚ ਇੱਕ ਕੰਪਲੈਕਸ ਉਸਾਰਿਆ ਗਿਆ ਹੈ। ਦੋਸ਼ ਹਨ ਕਿ ਪਿੰਡ ਦੇ ਸਰਪੰਚ ਅਤੇ ਉਸ ਦੇ ਸਾਥੀਆਂ ਵੱਲੋਂ ਇਸ ਕੰਪਲੈਕਸ ’ਤੇ ਕਥਿਤ ਤੌਰ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਉੱਪਰ ਮਜ਼ਦੂਰ ਆਗੂ ਹਰਮੇਸ਼ ਮਾਲੜੀ ਨੂੰ ਜਾਤੀ ਸੂਚਕ ਸ਼ਬਦ ਬੋਲਣ ਦੇ ਵੀ ਦੋਸ਼ ਲੱਗੇ ਹਨ। ਇਸ ਮਾਮਲੇ ਸਬੰਧੀ ਨਕੋਦਰ ਪੁਲੀਸ ਵੱਲੋਂ ਸਰਪੰਚ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾ ਚੁੱਕਾ ਹੈ ਪਰ ਇਸ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ। ਇਸੇ ਗੱਲ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਜਥੇਬੰਦੀਆਂ ਵੱਲੋਂ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਡੀ.ਐੱਸ.ਪੀ. ਦਫ਼ਤਰ ਅੱਗੇ ਇਹ ਵਿਸ਼ਾਲ ਧਰਨਾ ਸ਼ੁਰੂ ਕੀਤਾ ਗਿਆ ਹੈ।
Talwandi Salem Nakodar Punjab News Protest Farmers Protest Labour Unions Avtar Pash Hamesh Malri Sarpanch Police Administration Punjab Politics